ਚੰਡੀਗੜ, 2 ਅਕਤੂਬਰ 2019 : ਹਰਿਆਣਾ ਚੋਣਾਂ ਨੂੰ ਲੈ ਕੇ ਪੈਦਾ ਹੋਈ ਕੁੜਤਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਤਾਲਮੇਲ ਕਮੇਟੀ ਦੀ ਮੀਟਿੰਗ 5 ਅਕਤੂਬਰ ਨੂੰ ਜਲੰਧਰ ਵਿਖੇ ਸੱਦੀ ਗਈ ਹੈ ਜਿਥੇ ਪੰਜਾਬ ਦੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਚਰਚਾ ਹੋਵੇਗੀ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਇਕ ਟਵੀਟ ਰਾਹੀਂ ਦੱਸਿਆ ਕਿ ਤਾਲਮੇਲ ਕਮੇਟੀ ਦੀ ਮੀਟਿੰਗ 5 ਅਕਤੂਬਰ ਨੂੰ ਦੁਪਹਿਰ ਬਾਅਦ 3 ਵਜੇ ਜਲੰਧਰ ਵਿਚ ਹੋਵੇਗੀ ਜਿਸ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਸ੍ਰੀ ਸ਼ਵੇਤ ਮਲਿਕ ਤੇ ਹੋਰ ਸੀਨੀਅਰ ਆਗੂ ਸ਼ਾਮਲ ਹੋਣਗੇ। ਇਸ ਮੀਟਿੰਗ ਵਿਚ ਪੰਜਾਬ ਦੀਆਂ ਚਾਰ ਸੀਟਾਂ ਦੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਰਣਨੀਤੀ ਤੈਅ ਕੀਤੀ ਜਾਵੇਗੀ।
ਇਥੇ ਦੱਸਣਯੋਗ ਹੈ ਕਿ ਹਰਿਆਣਾ ਚੋਣਾਂ ਦੇ ਮੁੱਦੇ ’ਤੇ ਪਿਛਲੇ ਕੁਝ ਦਿਨਾਂ ਤੋਂ ਦੋਹਾਂ ਪਾਰਟੀਆਂ ਦੇ ਆਗੂ ਇਕ ਦੂਜੇ ਖਿਲਾਫ ਬਿਆਨਬਾਜ਼ੀ ਕਰ ਰਹੇ ਹਨ। ਕੁੜਤਣ ਉਦੋਂ ਪੈਦਾ ਹੋਈ ਜਦੋਂ ਸ਼ੋ੍ਰਮਣੀ ਅਕਾਲੀ ਦਲ ਦੇ ਵਿਧਾਇਕ ਬਲਕੌਰ ਸਿੰਘ ਨੂੰ ਭਾਜਪਾ ਵਿਚ ਸ਼ਾਮਲ ਕੀਤਾ ਗਿਆ। ਇਸਦੇ ਬਦਲੇ ਵਿਚ ਸ਼ੋ੍ਰਮਣੀ ਅਕਾਲੀ ਦਲ ਨੇ ਭਾਜਪਾ ਦੇ ਆਗੂ ਰਾਜਿੰਦਰ ਸਿੰਘ ਦੇਸੂਜੋਧਾ ਨੂੰ ਪਾਰਟੀ ਵਿਚ ਸ਼ਾਮਲ ਕਰ ਕੇ ਹਰਿਆਣਾ ਦੀ ਕਾਲਾਂਵਾਲੀ ਸੀਟ ਤੋਂ ਉਮੀਦਵਾਰ ਬਣਾ ਦਿੱਤਾ।