ਹੁਸ਼ਿਆਰਪੁਰ, 9 ਅਕਤੂਬਰ 2019 : ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਾ ਵਿਭਾਗ, ਪੰਜਾਬ ਵਲੋਂ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਸ਼੍ਰੀਮਤੀ ਅਵਿਨਾਸ਼ ਕੌਰ ਨੇ ਦੱਸਿਆ ਕਿ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ ਮੁਕਾਬਲੇ 19 ਅਕਤੂਬਰ 2019 ਨੂੰ ਸਵੇਰੇ 10 ਵਜੇ ਜ਼ਿਲ੍ਹਾ ਭਾਸ਼ਾ ਦਫ਼ਤਰ, ਕਮਰਾ ਨੰਬਰ 307-309, ਤੀਸਰੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਖੇ ਕਰਵਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਹ ਮੁਕਾਬਲੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਣ ਕਾਰਨ ਪੰਜਾਬੀ ਕਵਿਤਾ ਸਿਰਜਣ ਅਤੇ ਕਵਿਤਾ ਗਾਇਨ ਲਈ ਨਿਯਮਾਂ ਵਿੱਚ ਦਰਜ ਵਿਸ਼ਿਆਂ ਦੇ ਨਾਲ-ਨਾਲ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਵਿਸ਼ੇ ਵੀ ਸ਼ਾਮਿਲ ਕੀਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮੁਕਾਬਲਿਆਂ ਵਿੱਚ 10ਵੀਂ ਤੱਕ ਦੇ ਵਿਦਿਆਰਥੀ ਸ਼ਾਮਲ ਹੋ ਸਕਦੇ ਹਨ, ਜਿਨ੍ਹਾਂ ਦੀ ਉਮਰ ਐਂਟਰੀ ਭੇਜਣ ਦੀ ਮਿਤੀ ਤੱਕ 17 ਸਾਲ ਜਾਂ ਇਸ ਤੋਂ ਵੱਧ ਨਾ ਹੋਵੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੇ ਐਂਟਰੀ ਫਾਰਮ 14 ਅਕਤੂਬਰ ਤੱਕ ਜ਼ਿਲ੍ਹਾ ਭਾਸ਼ਾ ਦਫ਼ਤਰ, ਕਮਰਾ ਨੰਬਰ 307, ਤੀਸਰੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਖੇ ਜਮ੍ਹਾਂ ਕਰਵਾਏ ਜਾ ਸਕਦੇ ਹਨ। ਇਸ ਤੋਂ ਇਲਾਵਾ ਨਿਯਮ ਅਤੇ ਫਾਰਮ ਇਸ ਦਫ਼ਤਰ ਤੋਂ ਦਸਤੀ ਵੀ ਪ੍ਰਾਪਤ ਕੀਤੇ ਜਾ ਸਕਦੇ ਹਨ।