ਹੁਸ਼ਿਆਰਪੁਰ, 21 ਅਕਤੂਬਰ 2019 : ਵਿਧਾਨ ਸਭਾ ਹਲਕੇ 39 ਮੁਕੇਰੀਆਂ ਵਿੱਚ ਉਪ ਚੋਣ ਲਈ ਅੱਜ ਸ਼ਾਂਤੀਪੂਰਵਕ ਤਰੀਕੇ ਨਾਲ ਕਰੀਬ 59 ਫੀਸਦੀ ਪੋਲਿੰਗ ਹੋਈ। ਉਪ ਚੋਣ ਵਿੱਚ ਵੋਟ ਪਾਉਣ ਲਈ ਲੋਕਾਂ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ। ਹੁਣ ਵਿਧਾਨ ਸਭਾ ਹਲਕੇ ਦੇ ਸਾਰੇ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਵੋਟਿੰਗ ਮਸ਼ੀਨਾਂ ਵਿੱਚ ਬੰਦ ਹੋ ਗਿਆ ਹੈ ਅਤੇ ਇਨ੍ਹਾਂ ਮਸ਼ੀਨਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਵਿੱਚ ਸਟਰਾਂਗ ਰੂਮ ਵਿਖੇ ਪ੍ਰਸ਼ਾਸ਼ਨ ਵਲੋਂ ਜਮ੍ਹਾਂ ਕਰਵਾਇਆ ਜਾ ਰਿਹਾ ਹੈ।
ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਵਿਧਾਨ ਸਭਾ ਹਲਕਾ 39 ਮੁਕੇਰੀਆਂ ਵਿੱਚ ਸ਼ਾਂਤੀਪੂਰਵਕ ਤਰੀਕੇ ਨਾਲ ਵੋਟ ਪੋਲ ਹੋਈ ਹੈ, ਜਿਸ ਲਈ ਵਿਧਾਨ ਸਭਾ ਹਲਕੇ ਦੇ ਵਾਸੀ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਨਾਲ-ਨਾਲ ਬਜ਼ੁਰਗਾਂ ਵਿੱਚ ਵੀ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ।
ਸ਼੍ਰੀਮਤੀ ਈਸ਼ਾ ਕਾਲੀਆ ਨੇ ਚੋਣ ਅਮਲੇ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁਕੇਰੀਆਂ ਵਿਧਾਨ ਸਭਾ ਹਲਕਾ ਉਪ ਚੋਣ ਦੀ ਵੋਟ ਪ੍ਰਕ੍ਰਿਆ ਨੂੰ ਸੰਪਨ ਕਰਨ ਵਿੱਚ ਇਨ੍ਹਾਂ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਚੋਣ ਅਮਲੇ ਵਲੋਂ ਤਨਦੇਹੀ ਨਾਲ ਨਿਭਾਈ ਡਿਊਟੀ ਕਾਰਨ ਹੀ ਵਿਧਾਨ ਸਭਾ ਹਲਕੇ ਦੀ ਵੋਟ ਪ੍ਰਕ੍ਰਿਆ ਪਾਰਦਰਸ਼ੀ ਅਤੇ ਸਫਲਤਾਪੂਰਕ ਸੰਪਨ ਹੋਈ ਹੈ। ਉਨ੍ਹਾਂ ਕਿਹਾ ਕਿ ਹੁਣ ਪੋਲ ਹੋਈ ਇਨ੍ਹਾਂ ਵੋਟਾਂ ਦੀ ਗਿਣਤੀ 24 ਅਕਤੂਬਰ ਨੂੰ ਹੋਵੇਗੀ।