ਹੁਸ਼ਿਆਰਪੁਰ, 24 ਅਕਤੂਬਰ 2019 : ਭਾਰਤੀ ਚੋਣ ਕਮਿਸ਼ਨ ਵਲੋਂ ਨਿਯੁਕਤ ਕੀਤੇ ਗਏ ਜਨਰਲ ਅਬਜ਼ਰਵਰ ਸ਼੍ਰੀ ਪਾਂਡੂਰੰਗ ਪੋਲੇ ਦੀ ਹਾਜ਼ਰੀ ਵਿੱਚ ਅੱਜ ਮੁਕੇਰੀਆਂ ਦੇ ਐਸ.ਪੀ.ਐਨ ਕਾਲਜ ਵਿਖੇ ਵਿਧਾਨ ਸਭਾ ਹਲਕਾ 39 ਮੁਕੇਰੀਆਂ ਦੀ ਉਪ ਚੋਣ ਸਬੰਧੀ ਗਿਣਤੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚੜ੍ਹੀ। ਇਸ ਦੌਰਾਨ ਐਸ.ਡੀ.ਐਮ-ਕਮ-ਰਿਟਰਨਿੰਗ ਅਫ਼ਸਰ ਸ਼੍ਰੀ ਅਸ਼ੋਕ ਕੁਮਾਰ ਨੇ ਕਾਂਗਰਸ ਪਾਰਟੀ ਦੀ ਉਮੀਦਵਾਰ ਸ਼੍ਰੀਮਤੀ ਇੰਦੂ ਬਾਲਾ ਨੂੰ ਜਿੱਤ ਦਾ ਸਰਟੀਫਿਕੇਟ ਸੌਂਪਿਆ।
ਚੱਲ ਰਹੀ ਗਿਣਤੀ ਪ੍ਰਕਿਰਿਆ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਈਸ਼ਾ ਕਾਲੀਆ ਅਤੇ ਐਸ.ਐਸ.ਪੀ ਸ਼੍ਰੀ ਗੌਰਵ ਗਰਗ ਨੇ ਐਸ.ਪੀ.ਐਨ ਕਾਲਜ ਵਿਖੇ ਵਿਸ਼ੇਸ਼ ਤੌਰ 'ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਗਿਣਤੀ ਪ੍ਰਕਿਰਿਆ ਵਿੱਚ ਡਿਊਟੀ ਨਿਭਾਉਣ ਵਾਲੇ ਸਟਾਫ ਦੀ ਹੌਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਸੁਚਾਰੂ ਢੰਗ ਨਾਲ ਗਿਣਤੀ ਪ੍ਰਕਿਰਿਆ ਨੇਪਰੇ ਚਾੜ੍ਹਨ ਲਈ ਉਹ ਵਧਾਈ ਦੇ ਪਾਤਰ ਹਨ। ਉਨ੍ਹਾਂ ਰਿਟਰਨਿੰਗ ਅਫ਼ਸਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਿੱਚ ਜਿੱਥੇ ਵੋਟ ਪ੍ਰਕਿਰਿਆ ਸ਼ਾਂਤੀਪੂਰਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹੀ, ਉਥੇ ਗਿਣਤੀ ਪ੍ਰਕਿਰਿਆ ਵੀ ਸ਼ਾਂਤੀਪੂਰਨ ਤਰੀਕੇ ਨਾਲ ਸੰਪੰਨ ਹੋਈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਉਮੀਦਵਾਰ ਸ਼੍ਰੀਮਤੀ ਇੰਦੂ ਬਾਲਾ ਨੇ 3440 ਵੋਟਾਂ ਨਾਲ ਜਿੱਤ ਦਰਜ ਕੀਤੀ ਹੈ ਅਤੇ ਰਿਟਰਨਿੰਗ ਅਫ਼ਸਰ ਵਲੋਂ ਜੇਤੂ ਉਮੀਦਵਾਰ ਨੂੰ ਜਿੱਤ ਦਾ ਸਰਟੀਫਿਕੇਟ ਸੌਂਪ ਦਿੱਤਾ ਗਿਆ ਹੈ।
ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਕੁੱਲ 53,910 ਵੋਟਾਂ ਪਈਆਂ, ਜਦਕਿ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਨੂੰ 50,470, ਆਮ ਆਦਮੀ ਪਾਰਟੀ ਨੂੰ 8261, ਹਿੰਦੁਸਤਾਨ ਸ਼ਕਤੀ ਸੈਨਾ ਪਾਰਟੀ ਨੂੰ 558, ਸ਼੍ਰੋਮਣੀ ਅਕਾਲੀ ਦਲ (ਅ) ਨੂੰ 1286 ਅਤੇ ਆਜ਼ਾਦ ਉਮੀਦਵਾਰ ਨੂੰ 268 ਵੋਟਾਂ ਪੋਲ ਹੋਈਆਂ।
ਸਰਟੀਫਿਕੇਟ ਲੈਣ ਸਮੇਂ ਕਾਂਗਰਸ ਦੀ ਜੇਤੂ ਉਮੀਦਵਾਰ ਸ੍ਰੀਮਤੀ ਇੰਦੂ ਬਾਲਾ ਦੇ ਨਾਲ ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਤੇ ਟਾਂਡਾ ਦੇ ਵਿਧਾਇਕ ਸ੍ਰੀ ਸੰਗਤ ਸਿੰਘ ਗਿਲਜੀਆਂ ਤੇ ਚੱਬੇਵਾਲ ਦੇ ਵਿਧਾਇਕ ਡਾ. ਰਾਜ ਕੁਮਾਰ ਵੀ ਮੌਜੂਦ ਸਨ।