ਚੰਡੀਗੜ੍ਹ/ਨਵੀਂ ਦਿੱਲੀ, 04 ਨਵੰਬਰ 2019: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਨਮੁੱਖ ਭਾਰਤ ਦੀ ਰਾਜਧਾਨੀ ਸਥਿਤ ਪੰਜਾਬ ਭਵਨ ਦੇ ਸਥਾਨਕ ਪ੍ਰਸ਼ਾਸਨ ਵੱਲੋਂ ਭਵਨ ਨੂੰ ਐਲ.ਈ.ਡੀ ਲਾਈਟਾਂ ਨਾਲ ਰੁਸ਼ਨਾ ਕੇ ਸਜਾਇਆ ਗਿਆ ਹੈ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਪ੍ਰਕਾਸ਼ ਪੁਰਬ ਦੇ ਜਸ਼ਨਾਂ ਨਾਲ ਜੋੜਿਆ ਜਾ ਸਕੇ।
ਸਥਾਨਕ ਪ੍ਰਸ਼ਾਸਨ ਵੱਲੋਂ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾਂ ਨਾਲ ਸਬੰਧਤ ਹੋਰਡਿੰਗਜ਼ ਵੀ ਲਗਵਾਈਆਂ ਗਈਆਂ ਹਨ ਤਾਂ ਜੋ ਵੱਧ ਤੋਂ ਵੱਧ ਲੋਕ ਇਨ੍ਹਾਂ ਸਮਾਗਮਾਂ ਸਬੰਧੀ ਜਾਣੂੰ ਹੋ ਸਕਣ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨਾਲ ਜੁੜ ਸਕਣ। ਇਸ ਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਗਵਨਰ ਦੀ ਨਵੀਂ ਦਿੱਲੀ ਸਥਿਤ ਸਰਕਾਰੀ ਰਿਹਾਇਸ਼ ਕਪੂਰਥਲਾ ਹਾਊਸ ਦੀ ਇਮਾਰਤ ਨੂੰ ਵੀ ਰੌਸ਼ਨੀਆਂ ਨਾਲ ਸਜਾਇਆ ਗਿਆ ਹੈ।
ਨਵੀਂ ਦਿੱਲੀ ਸਥਿਤ ਪੰਜਾਬ ਭਵਨ, ਦੇ ਸਥਾਨਕ ਕਮਿਸ਼ਨਰ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਨੇ ਕਿਹਾ ਕਿ ਕਿਉਂਜੋ ਪੰਜਾਬ ਭਵਨ ਪ੍ਰਸ਼ਾਸਕੀ ਤੌਰ 'ਤੇ ਰਾਸ਼ਟਰੀ ਰਾਜਧਾਨੀ ਅੰਦਰ ਸੂਬੇ ਦੀ ਪ੍ਰਤੀਨਿਧਤਾ ਕਰਦਾ ਹੈ ਅਤੇ ਇਥੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਸ਼ਖਸੀਅਤਾਂ ਅਕਸਰ ਆਉਂਦੀਆਂ ਰਹਿੰਦੀਆਂ ਹਨ, ਇਸ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਭਵਨ ਦੇ ਦੋਵਾਂ ਬਲਾਕਾਂ , ਆਉਣ ਜਾਣ ਦੇ ਮੁੱਖ ਗੇਟਾਂ, ਤੇ ਹੋਰ ਹਿੱਸਿਆਂ ਨੂੰ ਐਲ.ਈ.ਡੀ ਲਾਈਟਾਂ ਨਾਲ ਰੁਸ਼ਨਾਇਆ ਗਿਆ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਪੰਜਾਬ ਸਰਕਾਰ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਬਣਾਉਣ ਲਈ ਕਰਵਾਏ ਜਾ ਰਹੇ ਸਮਾਗਮਾਂ ਤੋਂ ਜਾਣੂੰ ਹੋ ਸਕਣ।
ਉਨ੍ਹਾਂ ਕਿਹਾ ਕਿ ਪੰਜਾਬੀ ਭਾਈਚਾਰੇ ਤੋਂ ਇਲਾਵਾ ਹੋਰਨਾਂ ਸੂਬਿਆਂ ਤੇ ਮੁਲਕਾਂ ਦੇ ਲੋਕ ਵੀ ਵੱਡੀ ਗਿਣਤੀ ਵਿੱਚ ਰਾਜਧਾਨੀ ਵਿੱਚ ਰਹਿੰਦੇ ਹਨ ਅਤੇ ਪੰਜਾਬ ਭਵਨ ਨੂੰ ਵਿਸ਼ੇਸ਼ ਤੌਰ 'ਤੇ ਸਜਾਉਣ ਦਾ ਉਪਰਾਲਾ ਇਸ ਲਈ ਕੀਤਾ ਗਿਆ ਹੈ ਕਿ ਹੋਰਨਾਂ ਸੂਬਿਆਂ ਤੇ ਮੁਲਕਾਂ ਦੇ ਲੋਕਾਂ ਨੂੰ ਵਿਸ਼ਵ ਨੂੰ ਬਰਾਬਰਤਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦਾ ਸੁਨੇਹਾਂ ਦੇਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਜਸ਼ਨਾ ਨਾਲ ਜੋੜਿਆ ਜਾ ਸਕੇ।