ਪ੍ਰਕਾਸ਼ ਪੁਰਬ ਦੇ ਵਿਸ਼ੇਸ਼ ਸਮਾਗਮ ਵਿਚ ਮੁੱਖ ਮੰਤਰੀ ਸਣੇ ਹੋਰ ਸਖਸੀਅਤਾਂ ਭਰਨਗੀਆਂ ਹਾਜ਼ਰੀ
ਚੰਡੀਗੜ੍ਹ/ਸੁਲਤਾਨਪੁਰ ਲੋਧੀ (ਕਪੂਰਥਲਾ), 7 ਨਵੰਬਰ 2019: ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੇਕੇ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਵਿਸ਼ੇਸ਼ ਸਮਾਗਮ ਦਾ ਜਾਇਜ਼ਾ ਅੱਜ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ ਨੇ ਲਿਆ ਤੇ ਆਖਿਆ ਕਿ ਪਵਿੱਤਰ ਦਿਹਾੜੇ ਦੇ ਵਿਸ਼ੇਸ਼ ਸਮਾਗਮ ਵਿਚ ਪ੍ਰਬੰਧਾਂ ਪੱਖੋਂ ਕੋਈ ਕਮੀ ਨਾ ਰਹੇ। 12 ਨਵੰਬਰ ਦੇ ਇਸ ਵਿਸ਼ੇਸ਼ ਸਮਾਗਮ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਣੇ ਹੋਰ ਉਘੀਆਂ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ।
ਇਸ ਮੌਕੇ ਇੰਪੈਕਟਰ ਜਨਰਲ ਪੁਲੀਸ ਸ੍ਰੀ ਨੌਨਿਹਾਲ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਡੀਪੀਐਸ ਖਰਬੰਦਾ ਤੇ ਐਸਐਸਪੀ ਸ੍ਰੀ ਸਤਿੰਦਰ ਸਿੰਘ ਨੇ ਕੈਪਟਨ ਸੰਧੂ ਨੂੰ 12 ਨਵੰਬਰ ਦੇ ਵਿਸ਼ੇਸ਼ ਸਮਾਗਮ ਦੀਆਂ ਤਿਆਰੀਆਂ ਬਾਰੇ ਦੱਸਿਆ। ਇਸ ਮੌਕੇ ਸ੍ਰੀ ਸੰਧੂ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਮੁੱਖ ਪੰਡਾਲ ਗੁਰੂ ਨਾਨਕ ਦਰਬਾਰ ਵਿਖੇ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਹਨ, ਜਿਨਾਂ ਨੇ ਕੁੱਲ ਲੋਕਾਈ ਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ। ਉਨਾਂ ਆਖਿਆ ਕਿ ਮੁੱਖ ਪੰਡਾਲ ਵਿਚ ਪ੍ਰਕਾਸ਼ ਕਰਵਾਏ ਸਹਿਜ ਪਾਠ ਦਾ ਭੋਗ 12 ਨਵੰਬਰ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਪਵੇਗਾ, ਜਿਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਣੇ ਹੋਰ ਸਖਸ਼ੀਅਤਾਂ ਸ਼ਰਧਾਪੂਰਵਕ ਹਾਜ਼ਰੀ ਭਰਨਗੀਆਂ। ਉਨਾਂ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਸੁਚੱਜੇ ਪ੍ਰਬੰਧਾਂ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ।
ਇਸ ਮੌਕੇ ਆਈਜੀ ਅਤੇ ਐਸਐਸਪੀ ਤੇ ਡਿਪਟੀ ਕਮਿਸ਼ਨਰ ਵੱਲੋਂ 12 ਨਵੰਬਰ ਦੇ ਵਿਸ਼ੇਸ਼ ਸਮਾਗਮ ਵਿਚ ਸ਼ਰਧਾਲੂਆਂ ਲਈ ਕੀਤੇ ਜਾ ਰਹੇ ਵਿਆਪਕ ਪ੍ਰਬੰਧਾਂ ਦੀ ਪ੍ਰਗਤੀ ਬਾਰੇ ਦੱਸਿਆ ਤੇ ਆਖਿਆ ਕਿ 12 ਨਵੰਬਰ ਦੇ ਸਮਾਗਮ ਮੌਕੇ ਸ਼ਰਧਾਲੂਆਂ ਲਈ ਪਾਰਕਿੰਗ, ਜਲ ਸਪਲਾਈ, ਆਰਜ਼ੀ ਪਖਾਨੇ ਤੇ ਹੋਰ ਪੁਖਤਾ ਪ੍ਰਬੰਧ ਹਨ। ਸ੍ਰੀ ਸੰਧੂ ਨੇ ਸਾਰੇ ਅਫਸਰਾਂ ਨੂੰ ਹਦਾਇਤ ਕੀਤੀ ਕਿ 12 ਨਵੰਬਰ ਦੇ ਸਮਾਗਮ ਨੂੰ ਸੰਗਤਾਂ ਲਈ ਯਾਦਗਾਰੀ ਬਣਾਉਣÝ ਲਈ ਸਿਰਤੋੜ ਯਤਨ ਕੀਤੇ ਜਾਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਛਾਬਾ ਵੀ ਹਾਜ਼ਰ ਸਨ।