-ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ ਨਾਲ ਸਨਮਾਨਿਤ
ਸੁਲਤਾਨਪੁਰ ਲੋਧੀ, 9 ਨਵੰਬਰ 2019 - ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਮੌਕੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ। ਦੱੱਸਣਯੋਗ ਹੈ ਕਿ ਬੀਤੀ 1 ਨਵੰਬਰ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਤਾਬਦੀ ਸਮਾਗਮਾਂ ਦੀ ਆਰੰਭਤਾ ਕੀਤੀ ਗਈ ਹੈ। ਇਸ ਦੌਰਾਨ ਦੇਸ਼ ਦੀਆਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕਰਨ ਲਈ ਇਥੇ ਪੁੱਜ ਰਹੀਆਂ ਹਨ। ਇਸੇ ਤਹਿਤ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਗੁਰੂ ਸਾਹਿਬ ਜੀ ਦੇ ਪਾਵਨ ਅਸਥਾਨ ਵਿਖੇ ਮੱਥਾ ਟੇਕਿਆ ਅਤੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾ ਕੇ ਅਰਦਾਸ ਕੀਤੀ।
ਇਸ ਮੌਕੇ ਉਨ੍ਹਾਂ ਨਾਲ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ, ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਹੋਰ ਮੌਜੂਦ ਸਨ। ਪ੍ਰਧਾਨ ਮੰਤਰੀ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਜਥੇਦਾਰ ਤੋਤਾ ਸਿੰਘ, ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਮੰਤਰੀ ਡਾ. ਬੀਬੀ ਓਪਿੰਦਰਜੀਤ ਕੌਰ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੁਜੀਤ ਸਿੰਘ ਵਿਰਕ, ਅੰਤ੍ਰਿੰਗ ਮੈਂਬਰ ਜਥੇਦਾਰ ਅਮਰੀਕ ਸਿੰਘ ਕੋਟਸ਼ਮੀਰ, ਮੈਂਬਰ ਸ. ਸਰਵਣ ਸਿੰਘ ਕੁਲਾਰ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਸਿਰਪਾਓ ਅਤੇ ਸ੍ਰੀ ਸਾਹਿਬ ਦੀ ਬਖ਼ਸ਼ਿਸ਼ ਕੀਤੀ।
ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਸਵੇਰੇ 9.15 ਵਜੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪਹੁੰਚੇ। ਉਹ 15 ਮਿੰਟ ਦੇ ਕਰੀਬ ਗੁਰਦੁਆਰਾ ਸਾਹਿਬ ਵਿਖੇ ਰਹੇ। ਇਸ ਮੌਕੇ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲ ਵੀ ਅਰਪਣ ਕੀਤੇ। ਉਹ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਗੁਰੂ ਸਾਹਿਬ ਜੀ ਦੇ ਸਥਾਨ ਸ੍ਰੀ ਭੋਰਾ ਸਾਹਿਬ ਵਿਖੇ ਵੀ ਨਤਮਸਤਕ ਹੋਏ।
ਜਿਸ ਵੇਲੇ ਪ੍ਰਧਾਨ ਮੰਤਰੀ ਸ੍ਰੀ ਮੋਦੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਤਾਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਹੋਏ ਸਨ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੀ ਇਸ ਮੌਕੇ ਹਾਜ਼ਰ ਸਨ। ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨਾਲ ਕੁਝ ਸਮਾਂ ਗੱਲਬਾਤ ਵੀ ਕੀਤੀ।
ਇਸ ਮੌਕੇ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂਵਾਲਾ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਜਥੇਦਾਰ ਅਮਰੀਕ ਸਿੰਘ ਕੋਟਸ਼ਮੀਰ, ਬਾਬਾ ਬਲਬੀਰ ਸਿੰਘ ਸੀਂਚੇਵਾਲ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸ. ਦਿਆਲ ਸਿੰਘ ਕੋਲਿਆਂਵਾਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਸ. ਸਿਮਰਜੀਤ ਸਿੰਘ, ਸ. ਹਰਜੀਤ ਸਿੰਘ, ਸ. ਸਕੱਤਰ ਸਿੰਘ, ਸ. ਸੁਲੱਖਣ ਸਿੰਘ ਭੰਗਾਲੀ, ਮੁਖ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾ ਅਤੇ ਮੈਨੇਜਰ ਸ. ਸਤਨਾਮ ਸਿੰਘ ਰਿਆੜ ਆਦਿ ਹਾਜ਼ਰ ਸਨ।