- ਸੂਚੀ ਵਿੱਚ ਇਰਾਨ ਦੀ ਯੂਨੀਵਰਸਿਟੀ ਵੀ ਸ਼ਾਮਲ
- 550ਵੇਂ ਪ੍ਰਕਾਸ਼ ਪੁਰਬ ਮੌਕੇ ਵਿਸ਼ਵ ਭਰ ’ਚੋਂ 400 ਨਾਮਵਰ ਪੰਜਾਬੀ ਸਖ਼ਸ਼ੀਅਤਾਂ ਦਾ ਸਨਮਾਨ
ਕਪੂਰਥਲਾ, 10 ਨਵੰਬਰ 2019 - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ ’ਤੇ 11 ਯੂਨੀਵਰਸਿਟੀਆਂ ਵਿੱਚ ਚੇਅਰ ਸਥਾਪਤ ਕਰਨ ਦੇ ਫੈਸਲੇ ਦਾ ਐਲਾਨ ਕੀਤਾ ਗਿਆ ਹੈ ਜਿਨਾਂ ਵਿੱਚ ਇਕ ਈਰਾਨ ਦੀ ਯੂਨੀਵਰਸਿਟੀ ਵੀ ਸ਼ਾਮਲ ਹੈ।
ਮੁੱਖ ਮੰਤਰੀ ਨੇ ਇਹ ਐਲਾਨ ਇੱਥੇ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ ਇੱਕ ਸਮਾਗਮ ਦੌਰਾਨ 11 ਯੂਨੀਵਰਸਿਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਕੀਤਾ। ਦੱਸਣਯੋਗ ਹੈ ਕਿ ਇਨਾਂ ਯੂਨੀਵਰਸਿਟੀਟਾਂ ਵਿੱਚ 7 ਯੂਨੀਵਰਸਿਟੀਆਂ ਪੰਜਾਬ ਵਿੱਚ ਅਤੇ 3 ਭਾਰਤ ਵਿੱਚ ਅਲੱਗ ਅਲੱਗ ਥਾਂ ’ਤੇ ਸਥਿਤ ਹਨ। ਇਹ ਚੇਅਰ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਖੋਜ ਦੇ ਮੰਤਵ ਨਾਲ ਸਥਾਪਤ ਕੀਤੀ ਜਾਵੇਗੀ।
ਇਹ ਸਮਾਰੋਹ ਵਿਸ਼ਵ ਭਰ ’ਚੋਂ 400 ਨਾਨਕ ਨਾਮ ਲੇਵਾ ਪ੍ਰਮੁੱਖ ਪੰਜਾਬੀ ਸ਼ਖ਼ਸੀਅਤਾਂ ਨੂੰ ਉਨਾਂ ਦੁਆਰਾ ਵੱਖ-ਵੱਖ ਖੇਤਰਾਂ ਵਿੱਚ ਪਾਏ ਸ਼ਾਨਦਾਰ ਯੋਗਦਾਨ ਲਈ ਸਨਮਾਨਿਤ ਕਰਨ ਲਈ ਕਰਵਾਇਆ ਗਿਆ। ਮੁੱਖ ਮੰਤਰੀ ਨੇ ਪੰਜਾਬੀਆਂ ਦੁਆਰਾ ਆਪਣੀਆਂ ਪ੍ਰਾਪਤੀਆਂ ਨਾਲ ਸੂਬੇ ਅਤੇ ਦੇਸ਼ ਲਈ ਮਾਣ ਖੱਟਣ ’ਤੇ ਖੁਸ਼ੀ ਜ਼ਾਹਰ ਕੀਤੀ।
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀਆਂ ਨੂੰ ਆਪਣੀਆਂ ਜੜਾਂ ਨਾਲ ਜੁੜੇ ਰਹਿਣ ਅਤੇ ਸੂਬੇ ਦੀ ਮੁੜ ਸੁਰਜੀਤੀ ਅਤੇ ਨੌਜਵਾਨਾਂ ਦੀ ਪ੍ਰਗਤੀ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਸਰਕਾਰ ਦਾ ਸਾਥ ਦੇਣ ਲਈ ਪੇ੍ਰਰਿਤ ਕੀਤਾ। ਉਨਾਂ ਕਿਹਾ, ‘‘ਆਓ ਅਸੀਂ ਨੌਜਵਾਨਾਂ ਨੂੰ ਰੁਜ਼ਾਗਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਮਿਲ ਕੇ ਕਾਰਜ ਕਰੀਏ।’’
ਇਸ ਗੱਲ ’ਤੇ ਜ਼ੋਰ ਦਿੰਦਿਆਂ ਕਿ ਆਉਣ ਵਾਲੀਆਂ ਪੀੜੀਆਂ ਦੇ ਵਿਕਾਸ ਨੂੰ ਯਕੀਨੀ ਬਣਾਉਣਾ ਅਜੋਕੀ ਪੀੜੀ ਦੀ ਜ਼ਿੰਮੇਵਾਰੀ ਬਣਦੀ ਹੈ, ਮੁੱਖ ਮੰਤਰੀ ਨੇ ਇਸ ਮੌਕੇ ਪਹੁੰਚੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਨੂੰ ਉਨਾਂ ਦੇ ਫਰਜ਼ਾਂ ਪ੍ਰਤੀ ਜਾਗਰੂਕ ਕਰਦਿਆਂ ਆਪਣੀ ਜ਼ਿੰਮੇਵਾਰੀ ਨਿਭਾਉਣ। ਉਨਾਂ ਕਿਹਾ ਕਿ ਅਸਲ ਸਿੱਖ ਹਮੇਸ਼ਾ ਗੁਰੂ ਦੀ ਬਾਣੀ ’ਤੇ ਅਮਲ ਕਰੇਗਾ। ਉਨਾਂ ਨੇ ਇੱਥੇ ਪਹੁੰਚੇ ਸ਼ਰਧਾਲੂਆਂ ਨੂੰ ਆਪਣੇ ਬੱਚਿਆਂ ਨੂੰ ਬਾਣੀ ਦੀ ਮਹੱਤਤਾ ਤੋਂ ਜਾਣੂੰ ਕਰਵਾਉਣ ਦਾ ਸੱਦਾ ਦਿੱਤਾ।
ਪੰਜਾਬ ਦੇ ਮੁੜ ਨਿਰਮਾਣ ਵਿੱਚ ਸਹਿਯੋਗ ਮੰਗਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆਂ ਭਰ ਦੀਆਂ ਮੰਨੀਆਂ-ਪ੍ਰਮੰਨੀਆਂ ਪੰਜਾਬੀ ਸ਼ਖ਼ਸੀਅਤਾਂ ਨੂੰ ਸੂਬੇ ਦੀ ਮੁੜ-ਸੁਰਜੀਤੀ ਵਾਲੀ ਇਸ ਮੁਹਿੰਮ ਦਾ ਹਿੱਸਾ ਬਣਨਾ ਚਾਹੀਦਾ ਹੈ, ਜਿਸ ਨੂੰ ਵੰਡ ਦੀ ਦੂਹਰੀ ਮਾਰ ਪਈ। ਧਰਤੀ ਹੇਠਲੇ ਪਾਣੀ ਡਿੱਗ ਰਹੇ ਪੱਧਰ ’ਤੇ ਚਿੰਤਾ ਜ਼ਾਹਿਰ ਕਰਦਿਆਂ ਉਨਾਂ ਨੇ ਚਿਤਾਵਨੀ ਦਿੱਤੀ ਕਿ ਇੱਕ ਅਨੁਮਾਨ ਮੁਤਾਬਕ ਆਉਣ ਵਾਲੇ 25 ਸਾਲਾਂ ਵਿੱਚ ਪੰਜਾਬ ਮਾਰੂਥਲ ਬਣ ਜਾਵੇਗਾ। ਉਨਾਂ ਜ਼ੋਰ ਦੇ ਕੇ ਕਿਹਾ ਕਿ ਆਉਣ ਵਾਲੀਆਂ ਪੀੜੀਆਂ ਲਈ ਕੁਦਰਤੀ ਸੋਮਿਆਂ ਦੀ ਸੰਭਾਲ ਨਾਲ ਅਸੀਂ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸੱਚੀ ਸ਼ਰਧਾਂਜਲੀ ਦੇ ਸਕਦੇ ਹਾਂ ਅਤੇ ਪੰਜਾਬ ਨੂੰ ਸਾਫ-ਸੁਥਰਾ, ਹਰਾ-ਭਰਾ ਤੇ ਪ੍ਰਦੂਸ਼ਣ ਮੁਕਤ ਸੂਬਾ ਬਣਾ ਸਕਦੇ ਹਾਂ।
ਪਰਾਲੀ ਸਾੜਨ ਕਾਰਨ ਪਲੀਤ ਹੋ ਰਹੇ ਵਾਤਾਵਰਨ ਦੀ ਸਮੱਸਿਆ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸਾਰਿਆਂ ਨੂੰ ਮਿਲ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਸੰਦੇਸ਼ ਦੇ ਪਾਸਾਰ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਪਰਾਲੀ ਸਾੜੇ ਜਾਣ ਕਰਕੇ ਕਿਸਾਨਾਂ ਸਮੇਤ ਸਾਰੇ ਲੋਕਾਂ ਦੀ ਸਿਹਤ ’ਤੇ ਮਾਰੂ ਅਸਰ ਪੈ ਰਿਹਾ ਹੈ।
ਇਸ ਇਤਿਹਾਸਕ ਮੌਕੇ ਦਾ ਹਿੱਸਾ ਬਣਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਕੁਝ ਹਫ਼ਤਿਆਂ ਵਿੱਚ ਸੂਬਾ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਦੇ ਪਾਸਾਰ ਲਈ 72 ਪ੍ਰੋਗਰਾਮ ਕਰਾਏ ਗਏ ਹਨ। ਉਨਾਂ ਦੱਸਿਆ ਕਿ ਉਨਾਂ ਨੂੰ ਬੀਤੇ ਦਿਨ ਕਰਤਾਰਪੁਰ ਸਾਹਿਬ ਜਾਣ ਦਾ ਸੁਭਾਗ ਪ੍ਰਾਪਤ ਹੋਇਆ ਅਤੇ ਭਵਿੱਖ ਵਿੱਚ ਵੀ ਉਹ ਇਸ ਗੁਰਦੁਆਰੇ ਦੇ ਦਰਸ਼ਨਾਂ ਲਈ ਜਾਣ ਦਾ ਯਤਨ ਕਰਨਗੇ, ਜਿਸ ਪਵਿੱਤਰ ਅਸਥਾਨ ਨਾਲ ਉਨਾਂ ਦੇ ਪਰਿਵਾਰ ਦੀ ਚਿਰਾਂ ਦੀ ਸਾਂਝ ਹੈ।
ਇਸ ਮੌਕੇ ਮੁੱਖ ਮੰਤਰੀ ਨੇ ਦਲਬੀਰ ਸਿੰਘ ਪੰਨੂ ਦੀ ਲਿਖੀ ਕਿਤਾਬ “ਦਿ ਸਿੱਖ ਹੈਰੀਟੇਜ ਬਿਔਂਡ ਬਾਰਡਰਜ਼” ਵੀ ਰਿਲੀਜ਼ ਕੀਤੀ ਅਤੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਇੱਕ ਇਰਾਨੀ ਲੇਖਕ ਦੀ ਫਾਰਸੀ ’ਚ ਲਿਖੀ ਕਿਤਾਬ ਵੀ ਰਿਲੀਜ਼ ਕੀਤੀ।
ਇਸ ਤੋਂ ਪਹਿਲਾਂ ਆਪਣੇ ਸਵਾਗਤੀ ਸੰਬੋਧਨ ਦੌਰਾਨ ਸ੍ਰੀ ਚੰਨੀ ਨੇ ਕਿਹਾ ਕਿ ਵੱਖ ਵੱਖ ਖੇਤਰਾਂ ਵਿੱਚ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕਰਕੇ ਸੂਬਾਈ ਸਰਕਾਰ ਮਾਣ ਮਹਿਸੂਸ ਕਰ ਰਹੀ ਹੈ।
ਸੂਬਾਈ ਸਰਕਾਰ ਵੱਲੋਂ ਪ੍ਰਸਤਾਵਿਤ ਚੇਅਰਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ੍ਰੀ ਚੰਨੀ ਨੇ ਦੱਸਿਆ ਕਿ ਇਹ ਚੇਅਰਾਂ ਪੰਜਾਬੀ ਯੂਨੀਵਰਸਿਟੀ, ਪਟਿਆਲਾ, ਆਈ.ਕੇ. ਗੁਜਰਾਲ ਪੀਟੀਯੂ ਜਲੰਧਰ-ਕਪੂਰਥਲਾ, ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਚੰਡੀਗੜ ਯੂਨੀਵਰਸਿਟੀ, ਘੜੂਆਂ, ਚਿਤਕਾਰਾ ਯੂਨੀਵਰਸਿਟੀ, ਰਾਜਪੁਰਾ, ਅਕਾਲ ਯੂਨੀਵਰਸਿਟੀ, ਤਲਵੰਡੀ ਸਾਬੋ ਤੋਂ ਇਲਾਵਾ ਆਈਟੀਐਮ ਯੂਨੀਵਰਸਿਟੀ ਗਵਾਲੀਅਰ, ਆਰਡੀਕੇਐਫ ਯੂਨੀਵਰਸਿਟੀ ਭੋਪਾਲ, ਜੇਆਈਐਸ ਯੂਨੀਵਰਸਿਟੀ, ਪੱਛਮੀ ਬੰਗਾਲ ਅਤੇ ਕੌਮਾਂਤਰੀ ਪੱਧਰ ’ਤੇ ਯੂਨੀਵਰਸਿਟੀ ਆਫ ਰਿਲੀਜਨ, ਇਰਾਨ ਵਿੱਚ ਸਥਾਪਤ ਕੀਤੀਆਂ ਜਾਣਗੀਆਂ।
ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਮੁੱਖ ਮੰਤਰੀ ਨੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਹੋਰਾਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਸੰਸਦ ਮੈਂਬਰ ਮਨੀਸ਼ ਤਿਵਾੜੀ ਅਤੇ ਮੁਹੰਮਦ ਸਦੀਕ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਸਲਾਹਕਾਰ ਇੰਦਰਬੀਰ ਸਿੰਘ ਬੁਲਾਰੀਆ, ਵਿਧਾਇਕ ਰਾਣਾ ਗੁਰਜੀਤ ਸਿੰਘ, ਸੁਸ਼ੀਲ ਕੁਮਾਰ ਰਿੰਕੂ, ਨਵਤੇਜ ਸਿੰਘ ਚੀਮਾ, ਸੁਖਵਿੰਦਰ ਸਿੰਘ ਡੈਨੀ, ਰਾਜ ਕੁਮਾਰ ਚੱਬੇਵਾਲ ਅਤੇ ਬਿ੍ਰਗੇਡੀਅਰ ਸੁਖਜੀਤ ਸਿੰਘ ਕਪੂਰਥਲਾ ਹਾਜ਼ਰ ਸਨ।