ਸ਼੍ਰੀ. ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਤੇ ਵਿਸ਼ੇਸ਼ ਮਾਫ਼ੀ ਤਹਿਤ 2 ਕੈਦੀਆਂ ਨੂੰ ਕੀਤਾ ਰਿਹਾਅ
ਗੁਰਨਾਮ ਸਿੱਧੂ
ਫਿਰੋਜ਼ਪੁਰ 12 ਨਵੰਬਰ 2019 ਵਧੀਕ ਡਾਇਰੈਕਟਰ ਜਨ. ਆਫ਼ ਪੁਲਿਸ ਜੇਲ੍ਹਾਂ ਪੰਜਾਬ ਵੱਲੋਂ ਪ੍ਰਾਪਤ ਆਦੇਸ਼ਾਂ ਅਨੁਸਾਰ ਸ਼੍ਰੀ. ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸੈਂਟਰਲ ਜੇਲ੍ਹ ਫਿਰੋਜ਼ਪੁਰ ਵਿਖੇ ਜੇਲ੍ਹ ਸੁਪਰਡੈਂਟ ਸ਼੍ਰੀ ਕਰਨਜੀਤ ਸਿੰਘ ਸੰਧੂ ਵੱਲੋਂ ਜੇਲ੍ਹ ਅੰਦਰ 550 ਬੰਦੀਆਂ ਨੂੰ ਨਸ਼ੇ ਅਤੇ ਵਰਜਿਤ ਵਸਤੂਆਂ ਦਾ ਤਿਆਗ ਕਰਨ ਦੀ ਸਹੁੰ ਚੁਕਾਈ ਗਈ। ਇਸ ਮੌਕੇ ਡਿਪਟੀ ਸੁਪਰਡੈਂਟ ਨਵਇੰਦਰ ਸਿੰਘ, ਡਿਪਟੀ ਸੁਪਰਡੈਂਟ ਸਕਿਉਰਿਟੀ ਪਰਮਜੀਤ ਸਿੰਘ ਗਿੱਲ ਅਤੇ ਡਿਪਟੀ ਸੁਪਰਡੈਂਟ ਜਸਪਾਲ ਸਿੰਘ ਖਹਿਰਾ ਸਮੇਤ ਸਮੂਹ ਪੁਲਿਸ ਸਟਾਫ਼ ਵੀ ਉਚੇਚੇ ਤੌਰ ਤੇ ਹਾਜ਼ਰ ਸੀ।
ਜੇਲ੍ਹ ਸੁਪਰਡੈਂਟ ਸ਼੍ਰੀ ਕਰਨਜੀਤ ਸਿੰਘ ਸੰਧੂ ਨੇ ਸਮੂਹ ਬੰਦੀਆਂ ਨੂੰ ਕਿਹਾ ਕਿ ਉਹ ਸ੍ਰੀ. ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਤੇ ਕਿਰਤ ਕਰਨ, ਨਾਮ ਜਪਣ ਤੇ ਵੰਡ ਕੇ ਛਕਣ ਤੇ ਜੇਲ੍ਹ ਤੋਂ ਬਾਹਰ ਨਿਕਲ ਕੇ ਇੱਕ ਚੰਗੇ ਇਨਸਾਨ ਬਣਨ। ਉਨ੍ਹਾਂ ਦੱਸਿਆ ਕਿ ਅੱਜ ਦੇ ਇਸ ਪਾਵਨ ਦਿਹਾੜੇ ਮੌਕੇ ਤੇ ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਗੁਰਦੁਆਰਾ ਸਾਹਿਬ ਵਿੱਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ। ਕੀਰਤਨੀ ਜੱਥੇ ਅਤੇ ਢਾਡੀ ਜੱਥੇ ਨੇ ਗੁਰੂ ਜੱਸ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਹੈ ਤੇ ਇਸ ਉਪਰੰਤ ਗੁਰੂ ਦਾ ਲੰਗਰ ਵੀ ਅਤੁੱਟ ਵਰਤਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼੍ਰੀ. ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਤੇ 2 ਕੈਦੀਆਂ ਵਿਕਰਮ ਪੁੱਤਰ ਧਰਮਪਾਲ ਅਤੇ ਨਿਸ਼ਾਨ ਸਿੰਘ ਪੁੱਤਰ ਨਛੱਤਰ ਸਿੰਘ ਨੂੰ ਵਿਸ਼ੇਸ਼ ਮਾਫ਼ੀ ਤਹਿਤ ਰਿਹਾਅ ਕੀਤਾ। ਉਨ੍ਹਾਂ ਦੱਸਿਆ ਕਿ ਲਗਭਗ 125 ਹੋਰ ਬੰਦੀਆਂ ਨੂੰ ਵਿਸ਼ੇਸ਼ ਮਾਫ਼ੀ ਦਾ ਲਾਭ ਮਿਲਣ ਤੇ ਉਹ ਵੀ ਤਹਿ ਸਮੇਂ ਤੋਂ ਪਹਿਲਾ ਰਿਹਾਅ ਹੋ ਜਾਣਗੇ। ਜੇਲ੍ਹ ਸੁਪਰਡੈਂਟ ਨੇ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਦੀ ਸੈਂਟਰਲ ਜੇਲ੍ਹ ਵਿੱਚ ਸ੍ਰੀ. ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਨੂੰ ਲੈ ਕੇ 34 ਬੰਦੀਆਂ ਤੇ 2 ਬੀਬੀਆਂ ਨੂੰ ਅੰਮ੍ਰਿਤ ਛਕਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਜੇਲ੍ਹ ਅੰਦਰ ਪਹਿਲੀ ਵਾਰ ਹੋਇਆ ਹੈ ਜੋ ਕਿ ਇੱਕ ਲਾਜਵਾਬ ਕਾਰਜ ਹੈ। ਇਸ ਤੋਂ ਪਹਿਲਾ ਡਿਪਟੀ ਸੁਪਰਡੈਂਟ ਨਵਇੰਦਰ ਸਿੰਘ ਨੇ ਜੇਲ੍ਹ ਦੇ ਤਾਇਨਾਤ ਸਾਰੇ ਕਰਮਚਾਰੀਆਂ/ਅਧਿਕਾਰੀਆਂ ਨੂੰ ਸਹੁੰ ਚੁਕਾਈ ਕਿ ਉਹ ਆਪਣੀ ਡਿਊਟੀ ਇਮਾਨਦਾਰੀ, ਨਿਸ਼ਠਾ ਅਤੇ ਜੇਲ੍ਹ ਨਿਯਮਾਂ ਅਨੁਸਾਰ ਕਰਨਗੇ ।