- ਪੰਜ ਏਕੜ ਤੋਂ ਘੱਟ ਮਾਲਕੀ ਵਾਲੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਮਿਲਣਾ ਸ਼ੁਰੂ
- ਪਰਾਲੀ ਸਾੜਨ ਵਾਲਿਆਂ ਖਿਲਾਫ ਹੁਣ ਤੱਕ 229 ਐਫ਼.ਆਈ.ਆਰ ਦਰਜ
ਸੰਗਰੂਰ, 14 ਨਵੰਬਰ 2019 - ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਗਏ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਸੰਗਰੂਰ 'ਚ ਜਿੱਥੇ ਕਿਸਾਨਾਂ ਵਿਰੁੱਧ ਪੁਲਿਸ ਕੇਸ ਦਰਜ ਕਰਨ ਦੀ ਪ੍ਰਕਿਰਿਆ ਜਾਰੀ ਹੈ ਉੱਥੇ ਹੀ ਇਨ੍ਹਾਂ ਕਿਸਾਨਾਂ ਵਿਰੁੱਧ ਵੱਖ-ਵੱਖ ਕੋਰਟਾਂ ਵਿੱਚ ਕ੍ਰਿਮੀਨਲ ਕੇਸ ਦਾਇਰ ਕਰਨ ਵਿੱਚ ਵੀ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਹੁਣ ਤੱਕ ਅਦਾਲਤਾਂ ਵਿੱਚ 102 ਕਿਸਾਨਾਂ ਖਿਲਾਫ਼ ਕ੍ਰਿਮੀਨਲ ਕੇਸ ਦਾਇਰ ਕਰਵਾਏ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਨ ਦੀ ਪ੍ਰਕਿਰਿਆ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜ ਕੇ ਮਨੁੱਖੀ ਜੀਵਨ ਅਤੇ ਕੁਦਰਤ ਨੂੰ ਨੁਕਸਾਨ ਪਹੁਚਾਉਣ ਵਾਲਿਆਂ ਖਿਲਾਫ਼ ਨਿਯਮਾਂ ਤਹਿਤ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਸਾੜਨ ਵਾਲਿਆਂ ਖਿਲਾਫ ਜਿਲ੍ਹਾ ਸੰਗਰੂਰ ਵਿੱਚ 229 ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ ਅਤੇ ਬੀਤੇ 48 ਘੰਟਿਆਂ ਵਿੱਚ ਸਬ ਡਵੀਜ਼ਨਲ ਟੀਮਾਂ ਵੱਲੋਂ 5737 ਥਾਂਵਾਂ ਦਾ ਜਾਇਜ਼ਾ ਲਿਆ ਗਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ 'ਚ ਉਪ ਮੰਡਲ ਮੈਜਿਸਟਰੇਟ ਅਤੇ ਡੀ.ਐਸ.ਪੀਜ਼ ਦੀ ਅਗਵਾਈ ਹੇਠ ਵੱਖ-ਵੱਖ ਸਬ-ਡਵੀਜ਼ਨਾਂ ਅੰਦਰ ਚੌਕਸੀ ਟੀਮਾਂ ਪੂਰੀ ਮਸਤੈਦ ਹਨ ਜਿਨ੍ਹਾਂ ਵਿੱਚ ਖੇਤੀਬਾੜੀ, ਸਹਿਕਾਰਤਾ , ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਮਾਲ ਵਿਭਾਗ ਦੇ ਅਧਿਕਾਰੀ ਸ਼ਾਮਿਲ ਹਨ, ਜੋ ਕਿ ਪਰਾਲੀ ਸਾੜਨ ਦਾ ਮਾਮਲਾ ਧਿਆਨ ਵਿੱਚ ਆਉਂਦੇ ਹੀ ਕਾਨੂੰਨੀ ਕਾਰਵਾਈ ਆਰੰਭ ਕਰ ਦਿੰਦੇ ਹਨ। ਉਨ੍ਹਾਂ ਦੱਸਿਆ ਕਿ ਪਰਾਲੀ ਸਾੜਨ ਵਾਲਿਆਂ ਖਿਲਾਫ਼ ਐਫ.ਆਈ.ਆਰ ਦਰਜ ਕਰਕੇ ਵਿਅਕਤੀਆਂ ਦੀਆਂ ਗ੍ਰਿਫ਼ਤਾਰੀਆਂ ਦਾ ਸਿਲਸਿਲਾ ਜਾਰੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਸਮੂਹ ਐਸ.ਡੀ.ਐਮਜ਼ ਨੂੰ ਪ੍ਰਾਪਤ ਕੀਤੇ ਬਿਨੈ ਪੱਤਰਾਂ ਦੀ ਤਰਜੀਹ ਦੇ ਆਧਾਰ 'ਤੇ ਪੜਤਾਲ ਕਰਕੇ ਪੋਰਟਲ 'ਤੇ ਅਪਲੋਡ ਕਰਨ ਦੀ ਹਦਾਇਤ ਕੀਤੀ ਗਈ ਹੈ ਤਾਂ ਜੋ ਕੋਈ ਵੀ ਯੋਗ ਬਿਨੈਕਾਰ ਸਰਕਾਰ ਦੀ ਇਸ ਯੋਜਨਾ ਦਾ ਲਾਭ ਉਠਾਉਣ ਤੋਂ ਵਾਂਝਾ ਨਾ ਰਹੇ । ਉਨ੍ਹਾਂ ਦੱਸਿਆ ਕਿ ਸਰਕਾਰ ਨੇ ਪੰਜ ਏਕੜ ਤੋਂ ਘੱਟ ਮਾਲਕੀ ਵਾਲੇ ਅਜਿਹੇ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ, ਜਿਨ੍ਹਾਂ ਨੇ ਪਰਾਲੀ ਨੂੰ ਅੱਗ ਨਹੀਂ ਲਗਾਈ ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਖੇਤਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਵਿੱਚ ਪ੍ਰਸ਼ਾਸਨ ਨੂੰ ਸਹਿਯੋਗ ਦਿੱਤਾ ਜਾਵੇ।