← ਪਿਛੇ ਪਰਤੋ
ਜੀ ਐੱਸ ਪੰਨੂ
ਪਟਿਆਲਾ, 14 ਨਵੰਬਰ 2019 - ਪੰਜਾਬ ਸਰਕਾਰ ਨੇ ਪ੍ਰਤੀ ਏਕੜ 2500 ਰੁਪਏ ਮੁਆਵਜ਼ਾ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਦੇਣ ਦਾ ਫ਼ੈਸਲਾ ਕੀਤਾ ਹੈ।ਗੈਰ-ਬਾਸਮਤੀ ਝੋਨਾ ਲਾਉਣ ਵਾਲੇ ਪੰਜ ਏਕੜ ਤੱਕ ਦੀ ਮਾਲਕੀ ਵਾਲੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਬਦਲੇ 2500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਮਿਲੇਗਾ ,ਇਸ ਮੁਆਵਜ਼ੇ ਦਾ ਹੱਕਦਾਰ ਉਹ ਕਿਸਾਨ ਹੋਵੇਗਾ ਜਿਸ ਕੋਲ ਆਪਣੇ, ਪਤਨੀ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਨਾਂ 'ਤੇ ਕੁੱਲ 5 ਏਕੜ ਤੱਕ ਹੀ ਜ਼ਮੀਨ ਦੀ ਮਾਲਕੀ ਹੋਵੇਗੀ ਅਤੇ ਇਸ ਜ਼ਮੀਨ ਜਾਂ ਇਸ ਦੇ ਕਿਸੇ ਹਿੱਸੇ ਵਿੱਚ ਗੈਰ-ਬਾਸਮਤੀ ਝੋਨੇ ਦੀ ਖੇਤੀ ਕਰਦਾ ਹੋਵੇ ਤੇ ਖੇਤ ਦੇ ਕਿਸੇ ਵੀ ਹਿੱਸੇ ਵਿੱਚ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਈ ਹੋਵੇ। ਉਕਤ ਸ਼ਰਤਾਂ ਪੂਰੀਆਂ ਕਰਦੇ ਕਿਸਾਨ ਪਰਿਵਾਰ ਦੇ ਮੁਖੀ ਵੱਲੋਂ ਪਿੰਡ ਦੀ ਪੰਚਾਇਤ ਕੋਲ ਉਪਲਬਧ ਸਵੈ-ਘੋਸ਼ਣਾ ਪੱਤਰ ਵਿੱਚ ਮੰਗੀ ਗਈ ਜਾਣਕਾਰੀ ਭਰ ਕੇ 30 ਨਵੰਬਰ 2019 ਤੱਕ ਸਬੰਧਿਤ ਪੰਚਾਇਤ ਨੂੰ ਦਿੱਤੀ ਜਾਵੇ ਜਿਸ ਦੀ ਤਸਦੀਕ ਕਰਨ ਉਪਰੰਤ ਮੁਆਵਜ਼ੇ ਦੀ ਰਾਸ਼ੀ ਯੋਗ ਕਿਸਾਨ ਦੇ ਖਾਤੇ ਵਿੱਚ ਆਵੇਗੀ। ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿੱਤ ਨੇ ਕਿਸਾਨਾਂ ਨੂੰ ਅਪੀਲ ਵੀ ਕੀਤੀ ਕਿ ਉਹ ਝੋਨੇ ਦੀ ਰਹਿੰਦ-ਖੂੰਹਦ ਨੂੰ ਬਿਲਕੁਲ ਅੱਗ ਨਾ ਲਾਉਣ ਕਿਉਂਕਿ ਅਜਿਹਾ ਕਰਨਾ ਸਿੱਧੇ ਤੌਰ 'ਤੇ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਹੈ ਅਤੇ ਇਹ ਉਲੰਘਣਾ ਕਰਨ ਵਾਲੇ ਕਿਸਾਨਾਂ ਵਿਰੁੱਧ ਕਾਨੂੰਨ ਮੁਤਾਬਿਕ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Total Responses : 266