ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਵੇਸ਼ ਦੁਆਰ ’ਤੇ ਤਾਇਨਾਤ ਮੈਡੀਕਲ ਟੀਮ ਸੰਗਤ ਦੀ ਮੁੱਢਲੀ ਜਾਂਚ ਕਰਦੀ ਹੋਈ। ਨਾਲ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਹੋਰ
ਅੰਮ੍ਰਿਤਸਰ, 18 ਮਾਰਚ 2020: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਦੀ ਸੰਗਤ ਨੂੰ ਕੋਰੋਨਾਵਾਇਰਸ ਦੇ ਪ੍ਰਭਾਵ ਤੋਂ ਸੁਚੇਤ ਕਰਨ ਅਤੇ ਸੁਰੱਖਿਅਤ ਰੱਖਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਬੰਧਕੀ ਕਾਰਜਾਂ ਵਿਚ ਤੇਜ਼ੀ ਲਿਆਂਦੀ ਹੈ। ਇਸ ਪਾਵਨ ਅਸਥਾਨ ਵਿਖੇ ਅੱਜ ਸਿਹਤ ਵਿਭਾਗ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅਤੇ ਹਸਪਤਾਲ ਵੱਲੋਂ ਸਾਂਝੇ ਤੌਰ ’ਤੇ ਸੰਗਤ ਲਈ ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਹਨ। ਸੀ੍ਰ ਦਰਬਾਰ ਸਾਹਿਬ ਦੇ ਪ੍ਰਵੇਸ਼ ਦੁਆਰ ’ਤੇ ਬਣੇ ਪਲਾਜ਼ਾ ਵਿਖੇ ਇਹ ਮੈਡੀਕਲ ਟੀਮਾਂ ਸੰਗਤ ਲਈ ਕਾਰਜਸ਼ੀਲ ਰਹਿਣਗੀਆਂ। ਹਰ ਆਉਣ ਵਾਲੇ ਸ਼ਰਧਾਲੂ ਦਾ ਮੁੱਢਲਾ ਚੈਕਅੱਪ ਯਕੀਨੀ ਬਣਾ ਦਿੱਤਾ ਗਿਆ ਹੈ। ਸਰੀਰ ਦਾ ਤਾਪਮਾਨ ਚੈੱਕ ਕਰਨ ਲਈ ਯੰਤਰ ਵਰਤੇ ਜਾ ਰਹੇ ਹਨ, ਜਦਕਿ ਮੈਡੀਕਲ ਵੈਨਾਂ ਦੀ ਵਿਵਸਥਾ ਵੀ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਅਧਿਕਾਰੀਆਂ ਸਮੇਤ ਸੰਗਤ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈ ਕੇ ਮੁਲਾਜ਼ਮਾਂ ਨੂੰ ਸੁਚੇਤ ਰੂਪ ਵਿਚ ਸੇਵਾ ਨਿਭਾਉਣ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਪਹਿਲਾਂ ਹੱਥਾਂ ਦੀ ਸਾਫ਼-ਸਫ਼ਾਈ ਅਤੇ ਇਕ ਦੂਜੇ ਤੋਂ ਦੂਰੀ ਬਣਾ ਕੇ ਰੱਖਣ ਦੀ ਪ੍ਰੇਰਣਾ ਲਈ ਸੇਵਾਦਾਰਾਂ ਨੂੰ ਆਖਿਆ।
ਇਸ ਸਬੰਧ ਵਿਚ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਸਿਹਤ ਵਿਭਾਗ ਨਾਲ ਮਿਲ ਕੇ ਸੰਗਤ ਦੀ ਸੇਵਾ ਵਿਚ ਲੱਗੀ ਹੋਈ ਹੈ। ਉਨ੍ਹਾਂ ਦੱਸਿਆ ਕਿ ਬਿਨਾ ਸ਼ੱਕ ਕੋਰੋਨਾਵਾਇਰਸ ਕਾਰਨ ਸੰਗਤ ਅੰਦਰ ਚਿੰਤਾ ਬਣੀ ਹੋਈ ਹੈ, ਪਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕਿਉਂਕਿ ਆਸਥਾ ਦਾ ਕੇਂਦਰ ਹੈ ਅਤੇ ਇਥੇ ਸੰਗਤ ਦੀ ਨਿਰੰਤਰ ਆਮਦ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਸੁਚੇਤ ਰੂਪ ਵਿਚ ਕੰਮ ਕਰ ਰਹੀ ਹੈ। ਇਸੇ ਦੌਰਾਨ ਸਿਹਤ ਵਿਭਾਗ ਦੀ ਟੀਮ ਦੀ ਮੁਖੀ ਡਾ. ਜਸਪ੍ਰੀਤ ਸ਼ਰਮਾ, ਫਾਰਮਾਸਿਸਟ ਸ. ਸ਼ਮਸ਼ੇਰ ਸਿੰਘ ਕੋਹਰੀ ਅਤੇ ਸ੍ਰੀ ਆਰ. ਕੇ. ਦੇਵਗਨ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਹਿਯੋਗ ਦੇਣ ਲਈ ਇਕ ਵਿਸ਼ੇਸ਼ ਮੈਡੀਕਲ ਟੀਮ ਲਗਾਈ ਗਈ ਹੈ ਅਤੇ ਮੁੱਢਲੀ ਜਾਂਚ ਨੂੰ ਲਾਗੂ ਕੀਤਾ ਗਿਆ ਹੈ। ਜੇਕਰ ਕਿਸੇ ਨੂੰ ਕੋਈ ਲੋੜ ਮਹਿਸੂਸ ਹੋਵੇਗੀ ਤਾਂ ਸ਼੍ਰੋਮਣੀ ਕਮੇਟੀ ਅਤੇ ਸਿਹਤ ਵਿਭਾਗ ਸੇਵਾਵਾਂ ਦੇਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਵਧੀਕ ਮੈਨੇਜਰ ਸ. ਨਰਿੰਦਰ ਸਿੰਘ ਮਥਰੇਵਾਲ, ਸ. ਬਘੇਲ ਸਿੰਘ, ਨਿਗਾਰਨ ਸ. ਨਰਿੰਦਰ ਸਿੰਘ ਕਾਹਲੋਂ ਆਦਿ ਵੀ ਮੌਜੂਦ ਸਨ।
ਸਰਬੱਤ ਦੇ ਭਲੇ ਲਈ ਗੁਰਦੁਆਰਿਆਂ ’ਚ ਭਲਕੇ ਹੋਵੇਗੀ ਅਰਦਾਸ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਕੀਤੇ ਗਏ ਐਲਾਨ ਮੁਤਾਬਕ ਕੋਰੋਨਾਵਾਇਰਸ ਦੇ ਚੱਲਦਿਆਂ ਵਿਸ਼ਵ ਮਾਨਵ ਦੀ ਸਲਾਮਤੀ ਲਈ ਗੁਰਦੁਆਰਾ ਸਾਹਿਬਾਨ ਅੰਦਰ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਭਲਕੇ 19 ਮਾਰਚ ਨੂੰ ਪਾਏ ਜਾਣਗੇ। ਸ੍ਰੀ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਭਲਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਰਬੱਤ ਦੇ ਭਲੇ ਲਈ ਅਰਦਾਸ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਾਰੇ ਗੁਰਦੁਆਰਾ ਸਾਹਿਬਾਨ ਅੰਦਰ ਵੀ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਜਾਵੇਗੀ।