- ਕੈਬਨਿਟ ਮੰਤਰੀ ਵੱਲੋਂ ਲੋਕਾਂ ਨੂੰ ਘਰਾਂ ’ਚ ਰਹਿਣ ਤੇ ਐਮਰਜੈਂਸੀ ਮੌਕੇ ਘਰੋਂ ਨਿਕਲਣ ’ਤੇ ਪੂਰੀ ਸਾਵਧਾਨੀ ਵਰਤਣ ਦੀ ਅਪੀਲ
ਸੰਗਰੂਰ, 20 ਮਾਰਚ 2020 - ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਅੱਜ ਸੂਬਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਰੋਨਾ ਵਾਇਰਸ ਦੇ ਪ੍ਰਕੋਪ ਤੋਂ ਬਚਣ ਲਈ ਲੋਕਾਂ ਨੂੰ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਲੋੜ ਹੈ ਅਤੇ ਸਰਕਾਰ, ਪ੍ਰਸ਼ਾਸਨ ਤੇ ਆਪਣੇ-ਆਪ ਦੀ ਮਦਦ ਲਈ ਲੋਕਾਂ ਨੂੰ ਬਿਨਾਂ ਕਿਸੇ ਜ਼ਰੂਰੀ ਲੋੜ ਤੋਂ ਘਰਾਂ ਤੋਂ ਬਾਹਰ ਨਹੀਂ ਨਿਕਲਣਾ ਚਾਹੀਦਾ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ ਪਰ ਇਸਦੇ ਫੈਲਾਅ ਨੂੰ ਲੋਕਾਂ ਦੀ ਮਦਦ ਤੋਂ ਬਿਨਾਂ ਨਹੀਂ ਰੋਕਿਆ ਜਾ ਸਕਦਾ।
ਉਨਾਂ ਦੱਸਿਆ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਹੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਸੰਸਥਾਵਾਂ, ਮਾਲ, ਬੱਸ ਸੇਵਾ ਆਦਿ ਨੂੰ ਕੁਝ ਸਮੇਂ ਲਈ ਬੰਦ ਕੀਤਾ ਗਿਆ ਹੈ। ਉਨਾਂ ਇਹ ਵੀ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਦੇਸ਼ਾਂ ਤੇ ਹੋਰਨਾਂ ਥਾਂਵਾਂ ਦਾ ਦੌਰਾ ਕਰਕੇ ਵਾਪਸ ਆਏ ਲੋਕ ਅਤੇ ਇਸ ਵਾਇਰਸ ਦੇ ਲੱਛਣ ਸਾਹਮਣੇ ਆਉਣ ’ਤੇ ਲੋਕ ਸਵੈ-ਇੱਛਾ ਨਾਲ ਸਿਹਤ ਸੰਸਥਾਵਾਂ ਨਾਲ ਸੰਪਰਕ ਕਰਨ। ਉਨਾਂ ਕਿਹਾ ਕਿ ਸਮੇਂ ਸਿਰ ਜਾਂਚ ਨਾਲ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ ਅਤੇ ਜੇਕਰ ਇਸ ਬਿਮਾਰੀ ਦੇ ਲੱਛਣ ਸਾਹਮਣੇ ਆਉਣ ’ਤੇ ਆਪਣੀ ਜਾਂਚ ਨਾ ਕਰਵਾਈ ਗਈ ਅਤੇ ਆਪਣੇ ਆਪ ਨੂੰ ਵੱਖਰਾ ਨਾ ਕੀਤਾ ਗਿਆ ਤਾਂ ਸਬੰਧਤ ਮਰੀਜ਼ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਵਾਸੀ ਸਿਰਫ਼ ਐਮਰਜੈਂਸੀ ਮੌਕੇ ਹੀ ਘਰਾਂ ਤੋਂ ਬਾਹਰ ਨਿਕਲਣ ਅਤੇ ਬਾਹਰ ਜਾਣ ਤੇ ਪਰਤਣ ਤੋਂ ਬਾਅਦ ਪੂਰੀ ਸਾਵਧਾਨੀ ਵਰਤਣ। ਉਨਾਂ ਕਿਹਾ ਕਿ ਮੁੱਖ ਤੌਰ ’ਤੇ ਇਹ ਵਾਇਰਸ ਆਦਮੀ ਤੋਂ ਆਦਮੀ ਦੇ ਸੰਪਰਕ ਵਿਚ ਆਉਣ ’ਤੇ ਫੈਲ ਰਿਹਾ ਹੈ ਅਤੇ ਜੇਕਰ ਅਸੀਂ ਦੂਜੇ ਲੋਕਾਂ ਨਾਲ ਆਪਣਾ ਸੰਪਰਕ ਘਟਾ ਦਿੱਤਾ ਤਾਂ ਇਸਦੇ ਫੈਲਾਅ ਨੂੰ ਆਸਾਨੀ ਨਾਲ ਰੋਕਿਆ ਜਾ ਸਕਦਾ ਹੈ। ਉਨਾਂ ਕਿਹਾ ਲੋੜ ਪੈਣ ’ਤੇ ਘਰੋਂ ਨਿਕਲਣ ਤੋਂ ਬਾਅਦ ਮੁੱਖ ਟੀਚਾ ਆਪਣੇ ਕੰਮ ਨੂੰ ਹੀ ਰੱਖਣਾ ਚਾਹੀਦਾ ਹੈ ਅਤੇ ਦੂਜੇ ਲੋਕਾਂ ਨਾਲ ਮੇਲ-ਜੋਲ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਘਰ ਨੂੰ ਵਾਇਰਸ ਮੁਕਤ ਰੱਖਣ ਲਈ ਆਪਣੇ ਆਪ ਨੂੰ ਵਾਇਰਸ ਮੁਕਤ ਰੱਖਣਾ ਬਹੁਤ ਜ਼ਰੂਰੀ ਹੈ। ਉਨਾਂ ਕਿਹਾ ਕਿ ਘਰਾਂ ਵਿਚ ਧੁੱਪ ਅਤੇ ਹਵਾਦਾਰ ਕਮਰਿਆਂ ਵਿਚ ਰਹਿਣ ਨੂੰ ਤਰਜੀਹ ਦੇਣੀ ਚਾਹੀਦੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸੇ ਵੀ ਚੀਜ਼ ਨੂੰ ਹੱਥ ਲਗਾਉਣ ਤੋਂ ਬਾਅਦ, ਭਾਵੇਂ ਉਹ ਮੋਬਾਇਲ ਜਾਂ ਕੰਪਿਊਟਰ ਹੀ ਕਿਉ ਨਾ ਹੋਵੇ, ਆਪਣੇ ਹੱਥਾਂ ਨੂੰ ਸਾਬਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਧੋਣਾ ਚਾਹੀਦਾ ਹੈ ਤਾਂ ਜੋ ਵਾਇਰਸ ਫੈਲਾਉਣ ਵਾਲੇ ਜੀਵਾਣੂਆਂ ਨੂੰ ਨਸ਼ਟ ਕੀਤਾ ਜਾ ਸਕੇ। ਉਨਾਂ ਕਿਹਾ ਕਿ ਇਹ ਵਾਇਰਸ ਅੱਖਾਂ, ਨੱਕ ਜਾਂ ਮੂੰਹ ਰਾਹੀਂ ਮਨੁੱਖੀ ਸਰੀਰ ਵਿਚ ਦਾਖਲ ਹੁੰਦਾ ਹੈ, ਇਸ ਲਈ ਇਨਾਂ ਅੰਗਾਂ ਨੂੰ ਛੂਹਣ ਤੋਂ ਪ੍ਰੇਹਜ਼ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਜੇਕਰ ਬੁਖ਼ਾਰ, ਖੰਘ ਜਾਂ ਸਾਹ ਲੈਣ ਵਿਚ ਤਕਲੀਫ਼ ਹੋਵੇ ਤਾਂ ਤੁਰੰਤ ਨਜ਼ਦੀਕੀ ਸਿਹਤ ਸੰਸਥਾ ਜਾਂ ਸਿਹਤ ਵਿਭਾਗ ਦੇ ਹੈਲਪਲਾਇਨ ਨੰਬਰ 104 ਨਾਲ ਰਾਬਤਾ ਕਾਇਮ ਕਰਨਾ ਚਾਹੀਦਾ ਹੈ।