ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 20 ਮਾਰਚ 2020 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਬੇਸ਼ੱਕ ਵਿਸ਼ਵ ਭਰ ਵਿਚ ਫੈਲੀ ਕੋਰੋਨਾਵਾਇਰਸ ਦੀ ਮਹਾਂਮਾਰੀ ਨੇ ਮਨੁੱਖੀ ਜੀਵਨ ਇਕ ਤਰ੍ਹਾਂ ਨਾਲ ਰੋਕ ਕੇ ਰੱਖ ਦਿੱਤਾ ਹੈ, ਪਰੰਤੂ ਵਿਸ਼ਵ ਮਾਨਵ ਦੀ ਆਸਥਾ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਹਰੇਕ ਗੁਰੂ ਘਰ ਅੰਦਰ ਸੰਗਤ ਲਈ ਰੋਕ ਨਹੀਂ ਲਗਾਈ ਜਾ ਸਕਦੀ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਰਾਹੀਂ ਭਾਈ ਲੌਂਗੋਵਾਲ ਨੇ ਆਖਿਆ ਕਿ ਕੋਰੋਨਾ ਵਾਇਰਸ ਦੀ ਸਮੱਸਿਆ ਕਾਰਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਹਰ ਗੁਰਦੁਆਰਾ ਸਾਹਿਬਾਨ ਅੰਦਰ ਸੰਗਤ ਲਈ ਪ੍ਰਬੰਧਕੀ ਸੁਚੇਤਤਾ ਨਾਲ ਕਾਰਜ ਕੀਤੇ ਜਾ ਰਹੇ ਹਨ ਅਤੇ ਪੂਰੀ ਸਾਵਧਾਨੀ ਵਰਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਸੰਗਤਾਂ ਦੀ ਸੁਰੱਖਿਆ ਬਣਾਈ ਰੱਖਣ ਲਈ ਸਿਹਤ ਵਿਭਾਗ ਦੇ ਆਦੇਸ਼ਾਂ ਦਾ ਪਾਲਣ ਕਰਨ ਲਈ ਆਖਿਆ ਗਿਆ ਹੈ। ਇਸ ਦੇ ਨਾਲ ਹੀ ਗੁਰੂ ਘਰਾਂ ਦੀ ਪਾਵਨ ਮਰਯਾਦਾ ਸਬੰਧੀ ਵੀ ਪ੍ਰਬੰਧਕੀ ਤਿਆਰੀਆਂ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਵਿਸ਼ਵ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਨੂੰ ਸਾਵਧਾਨੀਆਂ ਯਕੀਨੀ ਬਣਾਉਣ ਲਈ ਪ੍ਰੇਰਣਾ ਲਾਜ਼ਮੀ ਕੀਤੀ ਗਈ ਹੈ। ਸ੍ਰੀ ਦਰਬਾਰ ਸਾਹਿਬ ਵਿਖੇ ਅਨਾਊਂਸਮੈਂਟ ਵੀ ਇਸੇ ਦਾ ਹੀ ਹਿੱਸਾ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ ਕਿ ਸੰਗਤ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ, ਇਸ ਗੱਲ ਦਾ ਖ਼ਾਸ ਖਿਆਲ ਰੱਖਿਆ ਜਾਵੇ। ਸਟਾਫ਼ ਨੂੰ ਵੀ ਬਦਲਵੇਂ ਪ੍ਰਬੰਧਾਂ ਅਨੁਸਾਰ ਹਾਜ਼ਰ ਰਹਿਣ ਲਈ ਕਿਹਾ ਗਿਆ ਹੈ।। ਭਾਈ ਲੌਂਗੋਵਾਲ ਨੇ ਕਿਹਾ ਕਿ ਸਿਹਤ ਵਿਭਾਗ ਨੇ ਕੋਰੋਨਾਵਾਇਰਸ ਤੋਂ ਬਚਣ ਲਈ ਇਕ ਦੂਸਰੇ ਤੋਂ ਨਿਸ਼ਚਿਤ ਦੂਰੀ ਬਣਾਈ ਰੱਕਣ ਲਈ ਆਖਿਆ ਹੈ।
ਇਸ ਨੂੰ ਲੈ ਕੇ ਸ਼ਰਧਾਲੂਆਂ ਨੂੰ ਲਗਾਤਾਰ ਅਪੀਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਦਾ ਵੀ ਫ਼ਰਜ਼ ਹੈ ਕਿ ਇਸ ਮਹਾਂਮਾਰੀ ਤੋਂ ਬਚਣ ਲਈ ਆਪਣੀ ਜ਼ੁੰਮੇਵਾਰੀ ਪਛਾਣਨ ਅਤੇ ਜੋ ਵੀ ਸੁਰੱਖਿਆ ਲਈ ਜ਼ਰੂਰੀ ਕੀਤਾ ਗਿਆ ਹੈ। ਉਸ ਦਾ ਪਾਲਣ ਕਰਨ। ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸਮੇਤ ਸਾਰੇ ਗੁਰੂ ਘਰਾਂ ਅੰਦਰ ਆਉਂਦੀਆਂ ਸੰਗਤਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਮੁੱਢਲੀ ਜਾਂਚ ਲਈ ਹਰ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਆਖਿਆ ਗਿਆ ਹੈ। ਇਸ ਦੇ ਨਾਲ ਹੀ ਸੈਨੇਟਾਈਜ਼ਰ ਆਦਿ ਸੁਰੱਖਿਆ ਪ੍ਰਬੰਧ ਵੀ ਕੀਤੇ ਗਏ ਹਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਸੰਗਤਾਂ ਦੀ ਮੁੱਢਲੀ ਜਾਂਚ ਲਈ ਮੈਡੀਕਲ ਟੀਮਾਂ ਲਗਾਈਆਂ ਗਈਆਂ ਹਨ। ਇਸ ਵਿਚ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅਤੇ ਹਸਪਤਾਲ ਦਾ ਸਟਾਫ਼ ਵੀ ਕਾਰਜ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਪਲਾਜ਼ਾ ਵਾਲੇ ਪਾਸੇ ਦੇ ਪ੍ਰਵੇਸ਼ ਦੁਆਰ 'ਤੇ ਇਹ ਲਾਜ਼ਮੀ ਕੀਤਾ ਗਿਆ ਅਤੇ ਹੁਣ ਸਰਾਵਾਂ ਵਾਲੇ ਪਾਸੇ ਵੀ ਮੈਡੀਕਲ ਟੀਮਾਂ ਲਾਜ਼ਮੀ ਕੀਤੀਆਂ ਹਨ। ਇਥੇ ਸ੍ਰੀ ਗੁਰੂ ਰਾਮਦਾਸ ਲੰਗਰ ਵਾਲੇ ਪਾਸੇ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਨਜ਼ਦੀਕ ਮੈਡੀਕਲ ਚੈੱਕਅੱਪ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸ਼ਰਧਾਲੂ ਨੂੰ ਕੋਈ ਲੋੜ ਪਵੇਗੀ ਤਾਂ ਉਸ ਲਈ ਮੈਡੀਕਲ ਵੈਨਾਂ ਦੀ ਸਹੂਲਤ ਵੀ ਲਗਾਤਾਰ ਤਿਆਰ ਹੈ।