← ਪਿਛੇ ਪਰਤੋ
ਲੋਕੇਸ਼ ਰਿਸ਼ੀ
ਗੁਰਦਾਸਪੁਰ, 21 ਮਾਰਚ 2020 - ਕੋਰੋਨਾ ਵਾਇਰਸ ਤੋਂ ਬਚਾਅ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭਾਵੇਂ 22 ਮਾਰਚ ਦਿਨ ਐਤਵਾਰ ਨੂੰ ਜਨਤਕ ਕਰਫ਼ਿਊ ਲਗਾਏ ਜਾਣ ਦੀ ਘੋਸ਼ਣਾ ਕੀਤੀ ਗਈ ਸੀ। ਪਰ ਗੁਰਦਾਸਪੁਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੌਜੂਦਾ ਹਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਕਰਫ਼ਿਊ ਦੀ ਸ਼ੁਰੂਆਤ ਸ਼ਨੀਵਾਰ ਸ਼ਾਮ ਤੋਂ ਹੀ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਹਾਲਾਂ ਕਿ ਹੁਣ ਤੱਕ ਜ਼ਿਲ੍ਹਾ ਗੁਰਦਾਸਪੁਰ ਵਿਖੇ ਕੋਰੋਨਾ ਵਾਰਿਸ ਦਾ ਇੱਕ ਵੀ ਪਾਜਿਟਿਵ ਕੇਸ ਸਾਹਮਣੇ ਨਹੀਂ ਆਇਆ ਹੈ। ਪਰ ਜ਼ਿਲ੍ਹਾ ਪ੍ਰਸ਼ਾਸਨ ਮੁਤਾਬਿਕ ਇਹ ਕਦਮ ਕੋਰੋਨਾ ਵਾਇਰਸ ਤੋਂ ਬਚਾਅ ਨੂੰ ਧਿਆਨ ਵਿੱਚ ਰੱਖਦਿਆਂ ਚੁੱਕਿਆ ਗਿਆ ਹੈ। ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਫਾਕ ਵੱਲੋਂ ਬਾਕਾਇਦਾ ਇੱਕ ਵੀਡੀਉ ਜਾਰੀ ਕਰਦਿਆਂ ਇਸ ਪੂਰੇ ਮਾਮਲੇ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਕੋਰੋਨਾ ਵਾਇਸ ਤੋਂ ਬਚਾਅ ਸਬੰਧੀ ਲੋੜੀਂਦੇ ਕਦਮ ਚੁੱਕਦਿਆਂ। ਐਤਵਾਰ ਵਾਲੇ ਦਿਨ ਪੂਰੇ ਦੇਸ਼ ਅੰਦਰ ਜਨਤਕ ਕਰਫ਼ਿਊ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਕੋਰੋਨਾ ਨੂੰ ਲੈ ਕੇ ਭਾਵੇਂ ਗੁਰਦਾਸਪੁਰ ਵਿਖੇ ਇੱਕ ਵੀ ਪਾਜਿਟਿਵ ਕੇਸ ਸਾਹਮਣੇ ਨਹੀਂ ਆਇਆ ਹੈ। ਪਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਬਿਮਾਰੀ ਨਾਲ ਨਜਿੱਠਣ ਸਬੰਧੀ ਸਾਰੇ ਜ਼ਰੂਰੀ ਇੰਤਜ਼ਾਮ ਅਮਲ ਵਿੱਚ ਲਿਆਂਦੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਬਟਾਲਾ ਵਿਖੇ ਪਹੁੰਚ ਕੇ ਨਾ ਸਿਰਫ਼਼ ਮੌਜੂਦਾ ਹਾਲਾਤਾਂ ਦਾ ਜਾਇਜ਼ਾ ਲਿਆ ਗਿਆ। ਬਲ ਕੀ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਬਾਕਾਇਦਾ ਬੈਠਕ ਕਰ ਕੇ ਫ਼ੈਸਲਾ ਲਿਆ ਗਿਆ ਹੈ। ਕਿ ਐਤਵਾਰ ਨੂੰ ਲਗਾਇਆ ਜਾਣ ਵਾਲਾ ਜਨਤਕ ਕਰਫ਼ਿਊ ਬਟਾਲਾ ਅਤੇ ਗੁਰਦਾਸਪੁਰ ਵਿਖੇ ਸ਼ਨੀਵਾਰ ਸ਼ਾਮ ਛੇ ਵਜੇ ਤੋਂ ਹੀ ਸ਼ੁਰੂ ਕਰ ਦਿੱਤਾ ਜਾਵੇਗਾ। ਜੋ ਕਿ ਪੂਰੇ ਦੇਸ਼ ਵਾਂਗ ਐਤਵਾਰ ਸ਼ਾਮ ਨੌਂ ਵਜੇ ਤੱਕ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸਿਰਫ਼ ਐਮਰਜੈਂਸੀ ਸੇਵਾਵਾਂ ਦੇਣ ਵਾਲੇ ਅਦਾਰੇ ਹੀ ਖੁੱਲ੍ਹੇ ਰਹਿਣਗੇ ਅਤੇ ਇਸ ਤੋਂ ਇਲਾਵਾ ਬਾਕੀ ਪੂਰਾ ਜ਼ਿਲ੍ਹਾ ਪੂਰਨ ਤੌਰ ਤੇ ਬੰਦ ਰਹੇਗਾ। ਡਿਪਟੀ ਕਮਿਸ਼ਨਰ ਨੇ ਆਮ ਦੁਕਾਨਦਾਰਾਂ ਕੋਲੋਂ ਸਹਿਯੋਗ ਦੀ ਅਪੀਲ ਕਰਦਿਆਂ ਆਮ ਲੋਕਾਂ ਨੂੰ ਇਸ ਕਰਫ਼ਿਊ ਦੌਰਾਨ ਆਪਣੇ ਘਰਾਂ ਵਿਖੇ ਹੀ ਰਹਿਣ ਦੀ ਸਲਾਹ ਦਿੱਤੀ ਹੈ।
Total Responses : 265