ਲੋਕਾਂ ਦੇ ਘਰਾਂ ਤੋਂ ਬਾਹਰ ਆਉਣ ਉਤੇ ਪੂਰਨ ਮਨਾਹੀ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 23 ਮਾਰਚ - ਰਾਜ ਵਿਚ ਕੋਵਿਡ 19 ਦੇ ਮਰੀਜ਼ ਸਾਹਮਣੇ ਆਉਣ ਕਾਰਨ ਇਸ ਦੇ ਖ਼ਤਰੇ ਨੂੰ ਮੱਦੇ ਨਜ਼ਰ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਦਿੱਤੇ ਲਾਕ ਡਾਊਨ ਦੇ ਸੱਦੇ ਨੂੰ ਜ਼ਿਲ੍ਹੇ ਦੀ ਜਨਤਾ ਵੱਲੋਂ ਗੰਭੀਰਤਾ ਨਾਲ ਨਾ ਲੈਣ ਕਾਰਨ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਵੱਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਤੇ ਮਹਾਂਮਾਰੀ ਐਕਟ 1897 ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦੀ ਹਦੂਦ ਅੰਦਰ ਅੱਜ ਮਿਤੀ 23 ਮਾਰਚ, 2020 ਤੋਂ ਅਗਲੇ ਹਕਮਾਂ ਤੱਕ ਕਰਫ਼ਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਉਨਾਂ ਆਪਣੇ ਹੁਕਮਾਂ ਵਿਚ ਸਪੱਸ਼ਟ ਕੀਤਾ ਕਿ ਕਰਫ਼ਿਊ ਦੌਰਾਨ ਲੋਕਾਂ ਦੇ ਘਰ 'ਚੋ ਬਾਹਰ ਆਉਣ, ਗਲੀ, ਰੋਡ ਜਾਂ ਕਿਸੇ ਜਨਤਕ ਥਾਵਾਂ ਆਦਿ 'ਤੇ ਆਉਣ ਦੀ ਸਖਤ ਮਨਾਹੀ ਹੋਵੇਗੀ। ਇਹ ਹੁਕਮ ਵਰਦੀਧਾਰੀ ਫੌਜ, ਅਰਧ ਸੈਨਿਕ ਬਲਾਂ, ਪੁਲਿਸ ਮੁਲਾਜ਼ਮਾਂ, ਡਾਕਟਰਾਂ, ਸਿਹਤ ਅਧਿਕਾਰੀਆਂ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਜ਼ਿਲ੍ਹਾ ਮੈਜਿਸਟਰੇਟ ਜਾਂ ਅਧਿਕਾਰਤ ਅਧਿਕਾਰੀ ਵੱਲੋਂ ਜਾਰੀ ਕੀਤੇ ਗਏ ਪਰਮਿਟ ਧਾਰਕਾਂ 'ਤੇ ਲਾਗੂ ਨਹੀਂ ਹੋਣਗੇ।