ਕੁਲਵੰਤ ਸਿੰਘ ਬੱਬੂ
ਪਟਿਆਲਾ, 24 ਮਾਰਚ 2020 - ਹਲਕਾ ਘਨੌਰ ਦੇ ਵਿਧਾਇਕ ਤੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਮਦਨ ਲਾਲ ਜਲਾਲਪੁਰ ਵੱਲੋਂ ਕੋਵਿਡ-19 ਦੇ ਵਧਦੇ ਕਹਿਰ ਕਾਰਨ ਕਿਸੇ ਵੀ ਔਖੀ ਸਥਿਤੀ ਨਾਲ ਨਜਿੱਠਣ ਅਤੇ ਲੋੜਵੰਦਾਂ ਦੀ ਮੱਦਦ ਲਈ ਆਪਣੀ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦਾਨ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਮਦਨ ਲਾਲ ਜਲਾਲਪੁਰ ਨੇ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿਤੀ ਦਾ ਟਾਕਰਾ ਕਰਨ ਲਈ ਸੂਬਾ ਸਰਕਾਰ ਵੱਲੋਂ ਹਰ ਤਰ੍ਹਾਂ ਦੇ ਕਦਮ ਚੁੱਕੇ ਜਾ ਰਹੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਅੰਦਰ ਕਰਫਿਊ ਲਗਾਉਣ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਵਿਧਾਇਕ ਜਲਾਲਪੁਰ ਨੇ ਕਿਹਾ ਕਿ ਸੂਬੇ ਦੇ ਲੋਕਾਂ ਦੀ ਸਿਹਤ ਲਈ ਮੁੱਖ ਮੰਤਰੀ ਵੱਲੋਂ ਉਚਿੱਤ ਫੈਸਲਾ ਲਿਆ ਗਿਆ ਫੈਸਲਾ ਹੈ।
ਉਹਨਾਂ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਉਹਨਾਂ ਨੇ ਪੰਜਾਬ ਦੇ ਲੋਕਾਂ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਲਈ ਦੇਣ ਦਾ ਫੈਸਲਾ ਕੀਤਾ ਹੈ। ਜਲਾਲਪੁਰ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਇਸ ਸੰਕਟ ਦੀ ਘੜ੍ਹੀ ਵਿਚ ਸਰਕਾਰ ਵਲੋਂ ਲੋਕਾਂ ਨੂੰ ਇਸ ਆਫਤ ਤੋਂ ਬਚਾਉਣ ਲਈ ਉਠਾਏ ਜਾ ਰਹੇ ਹਰ ਕਦਮ ਦਾ ਪੂਰਨ ਸਹਿਯੋਗ ਕਰਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਮੌਕੇ ਘਬਰਾਉਣ ਦੀ ਲੋੜ ਨਹੀਂ ਬਲਕਿ ਸਿਹਤ ਵਿਭਾਗ ਵਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਰੀ ਕੀਤੀਆਂ ਸਾਰੀਆਂ ਹਦਾਇਤਾਂ ਨੂੰ ਇਨ ਬਿੰਨ ਪਾਲਣ ਕਰਨ।