- ਕੋਰੋਨਾ ਵਾਇਰਸ ਦੇ ਮੱਦੇ ਨਜਰ਼ ਚੇਅਰਮੈਨ ਨੇ ਕੀਤਾ ਫੈਸਲਾ
- ਕੋਰੋਨਾ ਵਾਇਰਸ ਤੋਂ ਬਚਾਅ ਲਈ ਆਮ ਲੋਕ ਸਰਕਾਰ ਨੂੰ ਪੂਰਨ ਸਹਿਯੋਗ ਦੇਣ
ਫ਼ਤਹਿਗੜ੍ਹ ਸਾਹਿਬ, 24 ਮਾਰਚ 2020 - ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਕੋਰੋਨਾ ਵਾਇਰਸ ਦੀ ਸਥਿਤੀ ਨੂੰ ਮੁੱਖ ਰੱਖਦਿਆਂ ਆਪਣੀ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਜਦੋਂ ਪੂਰੇ ਦੇਸ਼ ਅੰਦਰ ਕੋਰੋਨਾ ਵਾਇਰਸ ਇੱਕ ਵੱਡੇ ਖਤਰੇ ਵਾਂਗ ਸਾਡੇ ਸਾਹਮਣੇ ਖੜਾ ਹੈ ਤਾਂ ਸਾਡਾ ਸਾਰੇ ਪੰਜਾਬੀਆਂ ਦਾ ਇਹ ਫਰਜ਼ ਬਣਦਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਸਰਕਾਰ ਨੂੰ ਆਪਣਾ ਪੂਰਨ ਸਹਿਯੋਗ ਦਈਏ ਤਾਂ ਜੋ ਇਸ ਬਿਮਾਰੀ ਤੋਂ ਪੰਜਾਬੀਆਂ ਨੂੰ ਬਚਾਇਆ ਜਾ ਸਕੇ।
ਗੇਜਾ ਰਾਮ ਨੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾਂ ਹਰੇਕ ਮੁਸ਼ਕਲ ਦਾ ਡੱਟ ਕੇ ਸਾਹਮਣਾ ਕੀਤਾ ਹੈ ਅਤੇ ਇਸ ਔਖੀ ਘੜੀ ਵਿੱਚ ਵੀ ਪੰਜਾਬੀਆਂ ਨੂੰ ਘਬਰਾਉਣ ਦੀ ਲੋੜ ਨਹੀਂ ਕਿਉਂਕਿ ਸੂਬਾ ਸਰਕਾਰ ਵੱਲੋਂ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਆਮ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਲਗਾਏ ਕਰਫਿਊ ਦੌਰਾਨ ਉਹ ਆਪਣੇ ਘਰਾਂ ਵਿੱਚ ਹੀ ਰਹਿਣ ਤਾਂ ਜੋ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਫੈਸਲਾ ਲੋਕ ਹਿੱਤ ਵਿੱਚ ਕੀਤਾ ਹੈ ਅਤੇ ਲੋਕਾਂ ਦਾ ਵੀ ਫਰਜ਼ ਬਣਦਾ ਹੈ ਕਿ ਸਰਕਾਰ ਦੇ ਇਸ ਫੈਸਲੇ ਦੇ ਨਾਲ ਖੜੇ ਹੋ ਕੇ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਆਪਣਾ ਸਹਿਯੋਗ ਦਿੱਤਾ ਜਾਵੇ।
ਚੇਅਰਮੈਨ ਸਫਾਈ ਕਰਮਚਾਰੀ ਕਮਿਸ਼ਨ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਔਖੀ ਘੜੀ ਵਿੱਚ ਲੋੜਵੰਦਾਂ ਦੀ ਮਦਦ ਜਰੂਰ ਕੀਤੀ ਜਾਵੇ ਅਤੇ ਸਰਕਾਰ ਦੇ ਫੈਸਲਿਆਂ ਨੂੰ ਮੰਨਦੇ ਹੋਏ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਛੋਟੇ ਬੱਚਿਆਂ ਤੇ ਬਜੁਰਗਾਂ ਦਾ ਖਾਸ ਧਿਆਨ ਰੱਖਿਆ ਜਾਵੇ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਅਤੇ ਪਾਣੀ ਨਾਲ ਸਾਫ ਕੀਤਾ ਜਾਵੇ। ਹਰੇਕ ਘੰਟੇ ਬਾਅਦ ਆਪਣੇ ਹੱਥਾਂ ਨੂੰ ਸੈਨੀਟਾਈਜ਼ਰ ਨਾਲ ਸਾਫ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਫਲੂ ਦੇ ਲੱਛਣਾ ਵਾਲੇ ਵਿਅਕਤੀ ਤੋਂ ਇੱਕ ਮੀਟਰ ਦੀ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਕਿਸੇ ਵਿਅਕਤੀ ਨਾਲ ਹੱਥ ਨਾ ਮਿਲਾਇਆ ਜਾਵੇ।