- ਸਿਹਤ ਵਿਭਾਗ -ਸਿਹਤ ਵਿਭਾਗ ਸਿਹਤ ਵਿਭਾਗ ਦੇ ਕਰੀਬ 3 ਹਜ਼ਾਰ ਅਧਿਕਾਰੀ ਅਤੇ ਕਰਮਚਾਰੀ ਡਿਊਟੀ 'ਤੇ ਮੌਜੂਦ
- ਜਨਤਾ ਨੂੰ ਸੁਰੱਖਿਅਤ ਰੱਖਣ ਲਈ ਹੀ ਲਗਾਇਆ ਗਿਆ ਹੈ ਕਰਫਿਊ, ਪਾਲਣਾ ਯਕੀਨੀ ਬਣਾਈ ਜਾਵੇ : ਡਿਪਟੀ ਕਮਿਸ਼ਨਰ
- ਕਰਫਿਊ ਸਬੰਧੀ District Public Relations Office Hoshiarpur ਦੇ ਫੇਸਬੁੱਕ ਪੇਜ 'ਤੇ ਵੀ ਹਾਸਲ ਕੀਤੀ ਜਾ ਸਕਦੀ ਹੈ ਜਾਣਕਾਰੀ ਸਕਦੀ ਹੈ
ਹੁਸ਼ਿਆਰਪੁਰ, 24 ਮਾਰਚ 2020 - ਅਸੀਂ ਸਾਰੇ ਘਰਾਂ ਵਿੱਚ ਸੁਰੱਖਿਅਤ ਰਹੀਏ, ਇਸ ਲਈ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਚੌਕਸੀ ਨਾਲ ਬਾਹਰ ਡਿਊਟੀ ਕਰ ਰਹੇ ਹਨ। ਇਸ ਸਮੇਂ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਸਿਹਤ ਵਿਭਾਗ ਦੇ ਇਸ ਕਾਰਜ ਵਿੱਚ ਉਨ੍ਹਾਂ ਦੀਆਂ ਹਦਾਇਤਾਂ ਦਾ ਪਾਲਣ ਕਰਕੇ ਮੱਦਦ ਕੀਤੀ ਜਾਵੇ ਅਤੇ ਘਰਾਂ ਵਿੱਚ ਰਿਹਾ ਜਾਵੇ। ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਕੋਵਿਡ-19 (ਕੋਰੋਨਾ ਵਾਇਰਸ) ਤੋਂ ਲੋਕਾਂ ਦੀ ਸੁਰੱਖਿਆ ਲਈ ਸਿਹਤ ਵਿਭਾਗ ਵਲੋਂ ਪਿਛਲੇ ਕਈ ਦਿਨਾਂ ਤੋਂ ਦਿਨ-ਰਾਤ ਇਕ ਕਰਕੇ ਰਾਹਤ ਕਾਰਜ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਇਸ ਸਮੇਂ ਜ਼ਿਲ੍ਹੇ ਦੇ ਸਾਰੇ ਹੈਲਥ ਬਲਾਕਾਂ ਵਿੱਚ ਸਿਹਤ ਵਿਭਾਗ ਦੀ ਪੂਰੀ ਟੀਮ ਮੌਜੂਦ ਹੈ ਅਤੇ ਪ੍ਰਸ਼ਾਸ਼ਨ ਅਤੇ ਲੋਕਾਂ ਦੀ ਹਰ ਸੂਚਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਕਦਮ ਉਠਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਸਿਹਤ ਵਿਭਾਗ ਦੇ 3 ਹਜ਼ਾਰ ਦੇ ਕਰੀਬ ਅਧਿਕਾਰੀ ਅਤੇ ਕਰਮਚਾਰੀ ਇਸ ਸਮੇਂ 24 ਘੰਟੇ ਡਿਊਟੀ ਕਰਕੇ ਫੀਲਡ ਵਿੱਚ ਘੁੰਮ ਕੇ ਇਸ ਵਾਇਰਸ ਦੇ ਖਿਲਾਫ ਜੰਗ ਲੜ੍ਹ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 16 ਰੈਪਿਡ ਰਿਸਪਾਂਸ ਟੀਮਾਂ ਅਤੇ 8 ਮੋਬਾਇਲ ਮੈਡੀਕਲ ਯੂਨਿਟ ਕੰਮ ਕਰ ਰਹੇ ਹਨ, ਜਿਸ ਵਿੱਚ ਡਾਕਟਰਾਂ ਸਮੇਤ ਪੈਰਾ ਮੈਡੀਕਲ ਸਟਾਫ ਮੌਜੂਦ ਹੁੰਦਾ ਹੈ ਅਤੇ ਜ਼ਰੂਰਤ ਪੈਣ 'ਤੇ ਟੀਮਾਂ ਤੁਰੰਤ ਉਥੇ ਪਹੁੰਚ ਕੇ ਆਪਣਾ ਕਾਰਜ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 1425 ਪਿੰਡਾਂ ਵਿੱਚ ਐਸ.ਡੀ.ਐਮ ਪੱਧਰ 'ਤੇ ਹਰ ਪਿੰਡ ਵਿੱਚ ਟੀਮਾਂ ਤਾਇਨਾਤ ਹਨ, ਜੋ ਕਿ ਹੋਮ ਟੂ ਹੋਮ ਵਿਜ਼ਿਟ ਕਰਕੇ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ ਅਤੇ ਸ਼ੱਕੀ ਮਾਮਲਾ ਸਾਹਮਣੇ ਆਉਣ 'ਤੇ ਸਿਹਤ ਵਿਭਾਗ ਦੀ ਟੀਮ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਸ਼ਹਿਰਾਂ ਦੇ ਵਾਰਡਾਂ ਅਤੇ ਪਿੰਡਾਂ ਵਿੱਚ ਸਪਰੇਅ ਵੀ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਜਿਨ੍ਹਾਂ ਲੋਕਾਂ ਨੂੰ ਹੋਮ ਕੁਆਰਨਟਾਈਨ ਕੀਤਾ ਜਾ ਰਿਹਾ ਹੈ, ਉਥੇ ਸਲਿੱਪ ਲਗਾਈ ਜਾ ਰਹੀ ਹੈ, ਤਾਂ ਜੋ ਉਨ੍ਹਾਂ ਦੀ ਪਹਿਚਾਣ ਕੀਤੀ ਜਾ ਸਕੇ ਅਤੇ ਉਨ੍ਹਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਅਤੇ ਲੋਕਾਂ ਦੇ ਸੰਪਰਕ ਵਿੱਚ ਨਾ ਆਉਣ ਦੇ ਨਿਰਦੇਸ਼ ਦਿੱਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਐਸ.ਡੀ.ਐਮ ਗੜ੍ਹਸ਼ੰਕਰ ਦੀ ਅਗਵਾਈ ਵਿੱਚ ਸਰਵੇ ਟੀਮਾਂ ਵਲੋਂ ਹੋਮ ਕੁਆਰਨਟਾਈਨ ਕੀਤੇ ਘਰਾਂ ਵਿੱਚ ਮਾਸਕ ਵੀ ਵੰਡੇ ਗਏ ਹਨ। ਉਨ੍ਹਾਂ ਸਿਹਤ ਵਿਭਾਗ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜਿਥੇ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਨੂੰ ਜਨਤਾ ਵਲੋਂ ਉਤਸ਼ਾਹ ਮਿਲਿਆ ਹੈ, ਉਥੇ ਜਨਤਾ ਨੂੰ ਜਾਗਰੂਕ ਕਰਨ ਅਤੇ ਕੋਰੋਨਾ ਵਾਇਰਸ ਦੇ ਖਤਰੇ ਨੂੰ ਰੋਕਣ ਲਈ ਸਿਹਤ ਵਿਭਾਗ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵਲੋਂ ਦਿਨ-ਰਾਤ ਇਕ ਕਰਕੇ ਸ਼ਲਾਘਾਯੋਗ ਕਾਰਜ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਦੀ ਦੇਖ-ਭਾਲ, ਉਨ੍ਹਾਂ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਦੀ ਤਲਾਸ਼, ਕੁਆਰਨਟਾਈਨ ਅਤੇ ਆਈਸੋਲੇਸ਼ਨ ਲਈ ਜ਼ਰੂਰੀ ਇੰਤਜ਼ਾਮ ਅਤੇ ਸੁਵਿਧਾਵਾਂ ਦੇਣ ਲਈ ਸਿਹਤ ਵਿਭਾਗ ਦੇ ਅਮਲੇ ਵਲੋਂ ਆਪਣੀ ਜ਼ਿੰਮੇਦਾਰੀ ਨਿਭਾਉਣ ਲਈ ਕਿਸੇ ਵੀ ਤਰ੍ਹਾਂ ਦੇ ਖਤਰੇ ਦੀ ਪਰਵਾਹ ਕੀਤੇ ਬਿਨ੍ਹਾਂ ਜਨਤਾ ਨੂੰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸ਼੍ਰੀਮਤੀ ਅਪਨੀਤ ਰਿਆਤ ਨੇ ਅਫਵਾਹਾਂ ਤੋਂ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਕਰਫਿਊ ਸਬੰਧੀ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਫੇਸਬੁੱਕ ਪੇਜ District Public Relations Office Hoshiarpur 'ਤੇ ਵੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।