ਸੰਜੀਵ ਸੂਦ
ਲੁਧਿਆਣਾ, 26 ਮਾਰਚ 2020 - ਕੋਰੋਨਾ ਵਾਇਰਸ ਦੇ ਕਾਰਨ ਲੁਧਿਆਣਾ ਵਿੱਚ ਲੱਗੇ ਕਰਫ਼ਿਊ ਨੂੰ ਪੁਲਿਸ ਸਖ਼ਤੀ ਨਾਲ ਲਾਗੂ ਕਰ ਰਹੀ ਹੈ। ਇਸ ਤੋਂ ਇਲਾਵਾ ਸਿਹਤ ਸੇਵਾਵਾਂ ਨਾਲ ਸਬੰਧਤ ਅਧਿਕਾਰੀ ਡਿਊਟੀ ਨਿਭਾ ਰਹੇ ਪੁਲਿਸ ਮੁਲਾਜ਼ਮਾਂ ਨੂੰ ਹੈਂਡ ਸੈਨੀਟਾਈਜ਼ਰ ਅਤੇ ਮਾਸਕ ਆਦਿ ਵੀ ਮੁਹੱਈਆ ਕਰਵਾ ਰਹੇ ਨੇ ਅਤੇ ਸਮੇਂ-ਸਮੇਂ ਤੇ ਪੁਲਿਸ ਮੁਲਾਜ਼ਮਾਂ ਨੂੰ ਵੀ ਆਪਣੀ ਸਿਹਤ ਦਾ ਖ਼ਿਆਲ ਰੱਖਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਲੁਧਿਆਣਾ ਦੇ ਪਾਵਰ ਹਸਪਤਾਲ 'ਚ ਕੰਮ ਕਰਨ ਵਾਲੇ ਫਾਰਮਾਸਿਸਟ ਸਚਿਨ ਬਾਂਸਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਦਿਨ ਰਾਤ ਡਿਊਟੀ ਨਿਭਾ ਰਹੇ ਪੁਲਿਸ ਮੁਲਾਜ਼ਮਾਂ ਨੂੰ ਮੁਫ਼ਤ ਵਿੱਚ ਸੈਨੇਟਾਈਜ਼ਰ ਅਤੇ ਮਾਸਕ ਵੰਡੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮ ਸੜਕਾਂ ਤੇ ਡਿਊਟੀ ਨਿਭਾ ਰਹੇ ਨੇ ਇਸ ਕਰਕੇ ਉਨ੍ਹਾਂ ਨੂੰ ਵੀ ਆਪਣੀ ਸਿਹਤ ਦਾ ਖਿਆਲ ਰੱਖਣਾ ਚਾਹੀਦਾ।
ਉੱਧਰ ਦੂਜੇ ਪਾਸੇ ਲੁਧਿਆਣਾ ਦੇ ਏਸੀਪੀ ਜਤਿੰਦਰ ਸਿੰਘ ਨੇ ਦੱਸਿਆ ਕਿ ਕਰਫਿਊ ਨੂੰ ਲਾਗੂ ਕਰਾਉਣ ਲਈ ਜਿੱਥੇ ਪੁਲਿਸ ਲੋਕਾਂ ਤੋਂ ਸਹਿਯੋਗ ਦੀ ਮੰਗ ਕਰ ਰਹੀ ਹੈ ਉੱਥੇ ਹੀ ਉਨ੍ਹਾਂ ਨੂੰ ਸਖ਼ਤ ਤਾੜਨਾ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿੱਚ ਹੀ ਰਹਿਣ ਅਤੇ ਕਰਫਿਊ ਨੂੰ ਕਾਮਯਾਬ ਬਣਾਉਣ ਲਈ ਪੁਲੀਸ ਦੀ ਮਦਦ ਕਰਨ ਤਾਂ ਜੋ ਇਸ ਬਿਮਾਰੀ ਤੋਂ ਬਚਿਆ ਜਾ ਸਕੇ।