ਅਸ਼ੋਕ ਵਰਮਾ
-ਜ਼ਿਲ੍ਹੇ ਨੂੰ ਸੈਨੇਟਾਈਜ਼ ਕਰਨ ਲਈ ਕੀਤਾ ਜਾ ਰਿਹੈ ਛਿੜਕਾਅ
ਮਾਨਸਾ, 27 ਮਾਰਚ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਅਤੇ ਲੋਕਾਂ ਨੂੰ ਜ਼ਰੂਰੀ ਵਸਤਾਂ ਉਨ੍ਹਾਂ ਦੇ ਘਰ-ਘਰ ਮੁਹੱਈਆ ਕਰਨ ਲਈ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਅਕਤੀ ਦੇ ਰੋਜਾਨਾ ਵਰਤੋਂ ਵਿੱਚ ਆਉਣ ਵਾਲੀਆਂ ਵਸਤਾਂ ਦੀ ਸਪਲਾਈ ਜਿਵੇਂ ਦੁੱਧ, ਰਾਸ਼ਨ, ਫਲ-ਸਬਜ਼ੀਆਂ ਆਦਿ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਡਿਪਟੀ ਕਮਿਸ਼ਨਰ ਚਹਿਲ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਦੀ ਬਿਮਾਰੀ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਵਿੱਚ ਬੜੀ ਆਸਾਨੀ ਨਾਲ ਫੈਲਦੀ ਹੈ ਇਸ ਲਈ ਲੋਕ ਆਪਣੇ ਘਰਾਂ ਵਿੱਚ ਹੀ ਰਹਿਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਨੂੰ ਜਾਗਰੂਕ ਕਰਨ ਲਈ ਪ੍ਰਸਾਸ਼ਨ ਵੱਲੋਂ 40 ਤੋਂ ਵੱਧ ਪ੍ਰਚਾਰ ਵੈਨਾਂ ਰਾਹੀ ਲਗਾਤਾਰ ਪਿੰਡਾਂ ਅਤੇ ਸ਼ਹਿਰਾਂ ਵਿੱਚ ਮੁਨਾਦੀ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋੜੀਂਦੀਆਂ ਵਸਤਾਂ ਘਰਾਂ ਵਿੱਚ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦਰਵਾਜ਼ੇ 'ਤੇ ਇੱਕ ਹੀ ਵਿਅਕਤੀ ਆ ਕੇ ਆਪਣਾ ਸਾਮਾਨ ਪ੍ਰਾਪਤ ਕਰ।
ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਕੋਰੋਨਾ ਬਿਮਾਰੀ ਤੋਂ ਜ਼ਿਲ੍ਹਾ ਵਾਸੀਆਂ ਨੂੰ ਸੁਰੱਖਿਅਤ ਰੱਖਣ ਲਈ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਥਾਂ-ਥਾਂ 'ਤੇ ਸੈਨੇਟਾਈਜ਼ ਕਰਨ ਲਈ ਛਿੜਕਾਅ ਕੀਤਾ ਜਾ ਰਿਹਾ ਹੈ ਅਤੇ ਜੋ ਫਲ-ਸਬਜ਼ੀ ਰਿਹੜੀਆਂ ਵਾਲੇ ਵਿਅਕਤੀ ਘਰ-ਘਰ ਜਾਂ ਗਲੀ-ਮੁਹੱਲਿਆਂ ਵਿੱਚ ਆ ਰਹੇ ਹਨ, ਉਨ੍ਹਾਂ ਦੀ ਵੀ ਡਾਕਟਰੀ ਜਾਂਚ ਕਰਨ ਉਪਰੰਤ ਹੀ ਭੇਜਿਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਦੀ ਲੜੀ ਨੂੰ ਤੋੜਨ ਲਈ ਲੋਕਾਂ ਦੇ ਸਹਿਯੋਗ ਦੀ ਬਹੁਤ ਜ਼ਰੂਰਤ ਹੈ। ਉਨ੍ਹਾਂ ਦੱਸਿਆ ਕਿ ਘਰਾਂ ਵਿੱਚ ਰਹਿ ਕੇ ਹੀ ਸਮਾਜ ਦੀ ਸੱਚੀ ਸੇਵਾ ਵੀ ਕੀਤੀ ਜਾ ਸਕਦੀ ਹੈ, ਕਿਉਂਕਿ ਇਹ ਵਾਇਰਸ ਬਹੁਤ ਹੀ ਖ਼ਤਰਨਾਕ ਹੈ ਅਤੇ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਵਿੱਚ ਫੈਲਦਾ ਹੈ। ਇਸ ਲਈ ਖੁਦ, ਆਪਣੇ ਪਰਿਵਾਰ ਅਤੇ ਸਮਾਜ ਦੀ ਭਲਾਈ ਲਈ ਘਰਾਂ ਵਿੱਚ ਹੀ ਰਹੋ। ਇਹ ਸਭ ਕੁਝ ਤੁਹਾਡੀ ਸਭ ਦੀ ਸਿਹਤ ਨੂੰ ਮੱਦੇਨਜ਼ਰ ਰੱਖ ਕੇ ਹੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਕਰਫਿਊ ਦੇ ਨਿਯਮਾਂ ਦੀ ਪਾਲਣਾ ਕਰਨ ਵਿੱਚ ਜ਼ਿਲ੍ਹਾ ਪ੍ਰਸਾਸ਼ਨ ਦਾ ਸਹਿਯੋਗ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਚੱਲਦਿਆਂ ਤੀਜਾ ਹਫ਼ਤਾ ਚੱਲ ਰਿਹਾ ਹੈ ਅਤੇ ਜ਼ਿਲ੍ਹਾ ਵਾਸੀਆਂ ਦਾ ਇਸ ਕਰਫਿਊ ਵਿੱਚ ਜ਼ਿਲ੍ਹਾ ਪ੍ਰਸਾਸ਼ਨ ਨੂੰ ਸਹਿਯੋਗ ਰਿਹਾ ਹੈ। ਉਨ੍ਹਾਂ ਕਿਹਾ ਕਿ ਚੌਥਾ ਤੇ ਪੰਜਵਾਂ ਹਫ਼ਤਾ ਬਹੁਤ ਜ਼ਿਆਦਾ ਸਾਵਧਾਨੀ ਵਰਤਣ ਵਾਲਾ ਹੈ ਕਿਉਂਕਿ ਬਾਹਰਲੇ ਦੇਸ਼ਾਂ ਵਿੱਚ ਚੌਥੇ ਅਤੇ ਪੰਜਵੇਂ ਹਫ਼ਤੇ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਦੇਖੀ ਗਈ ਸੀ। ਇਸ ਲਈ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਹੈ ਕਿ ਉਹ ਚੌਥੇ ਤੇ ਪੰਜਵੇਂ ਹਫ਼ਤੇ ਪੂਰੀ ਤਰ੍ਹਾਂ ਸੁਚੇਤ ਰਹਿਣ ਅਤੇ ਕਰਫਿਊ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਘਰਾਂ ਵਿੱਚ ਰਹਿਣ, ਤਾਂ ਜੋ ਇਸ ਭਿਆਨਕ ਕੋਰੋਨਾ ਵਾਇਰਸ 'ਤੇ ਜਿੱਤ ਪ੍ਰਾਪਤ ਹੋ ਸਕੇ। ਜ਼ਿਲ੍ਹਾ ਵਾਸੀਆਂ ਨੂੰ ਜ਼ਰੂਰੀ ਵਸਤਾਂ ਘਰਾਂ ਵਿੱਚ ਮੁਹੱਈਆ ਕਰਵਾਉਣ ਵਿੱਚ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਕੋਈ ਕਮੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।