ਹਰੀਸ਼ ਕਾਲੜਾ
- ਆਟਾ ਦਾਲ ਅਤੇ ਹੋਰ ਜ਼ਰੂਰੀ ਵਸਤੂਆਂ ਘਰਾਂ ਤੱਕ ਪਹੁੰਚਾਉਣ ਲਈ ਜ਼ਿਲ੍ਹਾਂ ਪ੍ਰਸ਼ਾਸ਼ਨ ਵਚਨਬੱਧ
- ਨਿਵਾਸੀਆਂ ਨੂੰ ਆਪਣੇ ਘਰਾਂ ਵਿੱਚ ਰਹਿਣ ਦੀ ਕੀਤੀ ਅਪੀਲ
ਰੂਪਨਗਰ, 28 ਮਾਰਚ 2020 - ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਭਰਤਗੜ੍ਹ ਵਿਖੇ ਪਹੁੰਚ ਕੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕਰਫਿਊ ਦੌਰਾਨ ਨਿਵਾਸੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਅਤੇ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਜਾਣਕਾਰੀ ਹਾਸਿਲ ਕੀਤੀ । ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਐਸ.ਪੀ. ਸਵਪਨ ਸ਼ਰਮਾਂ , ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਅਮਰਦੀਪ ਸਿੰਘ ਗੁਜਰਾਲ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।
ਇਸ ਦੌਰਾਨ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅਪੀਲ ਕਰਦੇ ਹੋਏ ਕਿਹਾ ਕਿ ਕਰੋਨਾ ਵਾਇਰਸ ਤੋਂ ਘਰ ਰਹਿ ਕੇ ਬਚਿਆ ਜਾ ਸਕਦਾ ਹੈ। ਜਿਨ੍ਹਾਂ ਹੋ ਸਕੇ ਲੋਕ ਆਪਣੇ ਘਰਾਂ ਵਿੱਚ ਰਹਿਣ ਅਤੇ ਇੱਕ ਦੂਜੇ ਦੇ ਸੰਪਰਕ ਵਿੱਚ ਨਾ ਆਉਣ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਵੀ ਆਟਾ ਦਾਲ ਅਤੇ ਹੋਰ ਜ਼ਰੂਰੀ ਵਸਤੂਆਂ ਘਰਾਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ। ਪਿੰਡਾ ਵਿੱਚ ਸਰਪੰਚਾਂ ਨੂੰ ਵਿਸ਼ੇਸ਼ ਤੌਰ ਤੇ ਕਿਹਾ ਗਿਆ ਹੈ ਕਿ ਉਹ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਜ਼ਰੂਰਤਮੰਦਾਂ ਨੂੰ ਰਾਸ਼ਨ ਅਤੇ ਹੋਰ ਸਮੱਗਰੀ ਪਹੁੰਚਾਉਣ ।
ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਬ ਡਵੀਜ਼ਨ ਵਾਇਜ਼ ਕੰਟਰੋਲ ਨੰਬਰ ਜਾਰੀ ਕੀਤੇ ਗਏ ਹਨ। ਲੋਕ ਸਿੱਧੇ ਤੌਰ ਤੇ ਇਨ੍ਹਾਂ ਨੰਬਰਾਂ ਤੇ ਫੋਨ ਕਰਕੇ ਕੋਈ ਵੀ ਸਹਾਇਤਾ ਲੈ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਕਰਫਿਊ ਸਾਡੇ ਅਤੇ ਤੁਹਾਡੇ ਭਲੇ ਲਈ ਲਗਾਇਆ ਗਿਆ ਹੈ ਅਤੇ ਸਾਰੇ ਇਸ ਵਿੱਚ ਸਹਿਯੋਗ ਦੇਣ। ਉਨ੍ਹਾਂ ਨੇ ਕਿਹਾ ਕਿ ਜੇ ਕੋਈ ਵਪਾਰੀ ਕਾਲਾ ਬਜ਼ਾਰੀ ਕਰਦਾ ਹੈ ਜਾਂ ਸਰਕਾਰ ਵੱਲੋਂ ਤਹਿ ਕੀਤੇ ਗਏ ਰੇਟਾਂ ਤੋਂ ਵੱਧ ਵਸਤੂਆਂ ਵੇਚਦਾ ਤਾਂ ਇਸ ਸਬੰਧੀ ਸੂਚਨਾ ਸਬੰਧਤ ਥਾਣੇ ਦੇ ਪੁਲਿਸ ਕੰਟਰੋਲ ਰੂਮ ਤੇ ਦਿੱਤੀ ਜਾਵੇ।
ਉਨ੍ਹਾਂ ਕਿਹਾ ਕਿ ਕਾਲਾ ਬਜ਼ਾਰੀ ਕਰਨ ਵਾਲਿਆਂ ਖਿਲਾਫ ਪਰਚੇ ਦਰਜ ਕਰ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸਰਕਾਰ ਵੱਲੋਂ ਵੀ ਸਮਾਰਟ ਕਾਰਡ ,ਨੀਲੇ ਕਾਰਡ , ਝੂਗੀ ਝੋਪੜੀਆ ਵਾਲੇ ਅਤੇ ਜ਼ਰੂਰਤਮੰਦ ਲੋਕਾਂ ਨੂੰ ਆਟਾ ,ਦਾਲ ਅਤੇ ਹੋਰ ਜ਼ਰੂਰੀ ਸਮਾਨ ਇੱਕਠਾ ਘਰਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਇਸ ਲਈ ਕੋਈ ਵੀ ਆਪਣੇ ਘਰਾਂ ਤੋਂ ਬਾਹਰ ਨਾ ਨਿਕਲੇ ਅਤੇ ਕਿਸੇ ਵੀ ਤਰ੍ਹਾਂ ਦਾ ਇਕੱਠ ਨਾ ਕਰਨ।ਇਸ ਮੌਕੇ ਤੇ ਨਰਿੰਦਰ ਪੁਰੀ ਮੈਬਰ ਜ਼ਿਲ੍ਹਾ ਪ੍ਰੀਸ਼ਦ, ਸੁਖਦੀਪ ਸਿੰਘ ਸਰਪੰਚ ਭਰਤਗੜ੍ਹ, ਯੋਗੇਸ਼ ਪੂਰੀ ਸਾਬਕਾ ਸਰਪੰਚ, ਚਰਨਜੀਤ ਸਿੰਘ ਰਿੰਕੂ ਸਰਸਾ ਨੰਗਲ, ਮੰਗਤ ਰਾਮ ਅਤੇ ਮਨਜੀਤ ਸਿੰਘ ਮੌਜੂਦ ਸਨ।