ਅਸ਼ੋਕ ਵਰਮਾ
ਮਾਨਸਾ, 31 ਮਾਰਚ 2020 - ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਸਿਹਤ ਮੰਤਰੀ ਸ਼੍ਰੀ ਬਲਵੀਰ ਸਿੰਘ ਸਿੱਧੂ ਦੇ ਆਦੇਸ਼ਾਂ ਅਨੁਸਾਰ ਰਾਜ ਦੀ ਸਿਹਤ ਏਜੰਸੀ ਨੇ ਗਰਭਵਤੀ ਔਰਤਾਂ ਦੀ ਸੁਰੱਖਿਆ ਲਈ ਸਾਧਾਰਣ, ਸੀਜ਼ੇਰੀਅਨ ਅਤੇ ਉੱਚ ਜੋਖ਼ਿਮ ਵਾਲੇ ਜਣੇਪਿਆਂ ਦੇ ਨਿਰਧਾਰਤ ਹੈਲਥ ਪੈਕੇਜ ਅਧੀਨ ਕੀਤੇ ਜਾਂਦੇ ਇਲਾਜ ਨੂੰ ਰਾਖਵੇਂਕਰਨ ਦੇ ਦਾਇਰੇ ਤੋਂ ਬਾਹਰ (ਡੀ-ਰਿਜਰਵ) ਕੀਤਾ।
ਸਿਵਲ ਸਰਜਨ ਨੇ ਦੱਸਿਆ ਕਿ ਨੋਵਲ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਆਉਂਦੇ ਸੂਚੀਬੱਧ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਤੋਂ ਪਹਿਲਾਂ ਮਰੀਜ਼ਾਂ ਦੀ ਬਾਇਓਮੈਟ੍ਰਿਕ ਤਸਦੀਕ ਦੀ ਪ੍ਰਕਿਰਿਆ ਤੋਂ ਛੋਟ ਦੇਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਯੋਗ ਮਰੀਜ਼ਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਮਰੀਜ਼ ਦੇ ਹਸਪਤਾਲ ਵਿੱਚ ਦਾਖਲ ਜਾਂ ਡਿਸਚਾਰਜ ਹੋਣ ਸਮੇਂ ਉਸਦੀ ਬਾਇਓਮੀਟ੍ਰਿਕ ਤਸਦੀਕ ਕਰਨ ਦੀ ਪ੍ਰਕਿਰਿਆ ਤੋਂ ਆਰਜੀ ਤੌਰ ’ਤੇ ਛੋਟ ਦਿੱਤੀ ਗਈ ਹੈ।
ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਇਸ ਯੋਜਨਾ ਅਧੀਨ ਮਰੀਜ਼ਾਂ ਦੀ ਰਜਿਸਟ੍ਰੇਸ਼ਨ ਹੁਣ ਸਿਰਫ਼ ਈ-ਕਾਰਡ ਨੰਬਰ ਦੇ ਅਧਾਰ ’ਤੇ ਕੀਤੀ ਜਾਵੇਗੀ ਅਤੇ ਸਾਰੇ ਸੂਚੀਬੱਧ ਹਸਪਤਾਲਾਂ ਨੂੰ ਇਸ ਫੈਸਲੇ ਬਾਰੇ ਜਾਣੂ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਦੇ ਫੈਲਾਅ ਦੇ ਮੱਦੇਨਜ਼ਰ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਕੰਮ ਦੇ ਭਾਰੀ ਬੋਝ ਨੂੰ ਦੇਖਦਿਆਂ ਸੂਬਾ ਸਰਕਾਰ ਵੱਲੋਂ ਜਣੇਪੇ ਨਾਲ ਸਬੰਧਤ ਨਿਰਧਾਰਤ ਹੈਲਥ ਪੈਕੇਜਾਂ ਅਧੀਨ ਕੀਤੇ ਜਾਂਦੇ ਇਲਾਜ, ਨੂੰ ਰਾਖਵੇਂਕਰਨ ਦੇ ਦਾਇਰੇ ਤੋਂ ਬਾਹਰ (ਡੀ-ਰਿਜ਼ਰਵ) ਕੀਤਾ ਗਿਆ ਹੈ, ਜੋ ਕਿ ਪਹਿਲਾਂ ਸਰਕਾਰੀ ਹਸਪਤਾਲਾਂ ਵਿੱਚ ਹੀ ਕੀਤਾ ਜਾਂਦਾ ਸੀ। ਉਨ੍ਹਾਂ ਦੱਸਿਆ ਕਿ ਇਸ ਡੀ-ਰਿਜ਼ਰਵ ਟਰੀਟਮੈਂਟ ਵਿੱਚ ਸਧਾਰਣ ਸੀਜੇਰੀਅਨ ਡਿਲੀਵਰੀ ਅਤੇ ਉੱਚ ਜੋਖ਼ਮ ਡਿਲੀਵਰੀ ਆਦਿ ਸ਼ਾਮਲ ਹਨ।
ਸਿਵਲ ਸਰਜਨ ਨੇ ਦੱਸਿਆ ਕਿ ਗਰਭਵਤੀ ਔਰਤਾਂ ਦੀ ਸੁਰੱਖਿਆ ਲਈ ਇਲਾਜ ਦੀ ਇਹ ਸੁਵਿਧਾ ਹੁਣ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਸੂਚੀਬੱਧ ਪ੍ਰਾਈਵੇਟ ਹਸਪਤਾਲ ਤੋਂ ਲਈ ਜਾ ਸਕਦੀ ਹੈ, ਜਿਸ ਲਈ ਸਰਕਾਰੀ ਹਸਪਤਾਲ ਕੋਈ ਰੈਫਰਲ ਪ੍ਰਾਪਤ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਦੱਸਿਆ ਕਿ ਲਾਭਪਾਤਰੀ ਉਕਤ ਇਲਾਜ ਲਈ ਕਿਸੇ ਵੀ ਸੂਚੀਬੱਧ ਪ੍ਰਾਈਵੇਟ ਹਸਪਤਾਲ ਵਿੱਚ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਫੈਸਲੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਲਏ ਗਏ ਹਨ ਅਤੇ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ।