ਅਸ਼ੋਕ ਵਰਮਾ
ਬਠਿੰਡਾ, 1 ਅਪਰੈਲ 2020 - ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਬਠਿੰਡਾ ਦੇ ਮੀਤ ਪ੍ਰਧਾਨ ਕਰਨੈਲ ਸਿੰਘ ਮਾਨ, ਪਿੰਡ ਗਿੱਦੜ ਇਕਾਈ ਦੇ ਪ੍ਰਧਾਨ ਬਿੱਟੂ ਸਿੰਘ ਖਾਲਸਾ, ਰਣਜੀਤ ਸਿੰਘ, ਕੁਲਵੰਤ ਸਿੰਘ ਅਤੇ ਸੁਖਦੇਵ ਸਿੰਘ ਭੁੱਲਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪਿੰਡ ਗਿੱਦੜ (ਬਲਾਕ ਨਥਾਣਾ) ਦੇ ਅਤੇ ਪੰਜਾਬ ਦੇ ਹੋਰ ਬਹੁਤ ਸਾਰੇ ਜ਼ਿਲ੍ਹਿਆਂ ਤੋਂ ਲਗਭਗ ਤਿੰਨ ਚਾਰ ਹਜ਼ਾਰ ਦੇ ਕਰੀਬ ਸਿੱਖ ਸ਼ਰਧਾਲੂ ਜੋ ਕਿ ਕਰਫ਼ਿਊ ਲੱਗਣ ਤੋਂ ਪਹਿਲਾਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਯਾਤਰਾ ਤੇ ਗਏ ਹੋਏ ਸਨ, ਉਹ ਉਸ ਸਮੇਂ ਤੋਂ ਉੱਥੇ ਹੀ ਫਸੇ ਹੋਏ ਹਨ।
ਉਨ੍ਹਾਂ ਕਿਹਾ ਕਿ ਬੇਸ਼ੱਕ ਗੁਰਦੁਆਰਾ ਸ਼੍ਰੀ ਹਜ਼ੂਰ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਦੀ ਘਰ ਵਾਪਸੀ ਵਾਸਤੇ ਟਰੱਕਾਂ ਦੇ ਦੋ ਦੋ ਛੱਤਾਂ ਬਣਾ ਕੇ ਅਤੇ ਨਵੇਂ ਟਾਇਰ ਪਾ ਕੇ ਬਿਲਕੁਲ ਤਿਆਰ ਕਰਕੇ ਖੜ੍ਹਾਏ ਹੋਏ ਹਨ, ਪਰ ਪ੍ਰਸ਼ਾਸਨ ਵੱਲੋਂ ਕੋਰੋਨਾ ਵਾਇਰਸ ਦੇ ਪ੍ਰਕੋਪ ਤੋਂ ਬਚਣ ਲਈ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਤੋਂ ਵਾਪਸ ਨਹੀਂ ਆਉਣ ਦਿੱਤਾ ਜਾ ਰਿਹਾ।
ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਜੀਦਾ ਨੇ ਕਿਹਾ ਕਿ ਉਨ੍ਹਾਂ ਸਿੱਖ ਸ਼ਰਧਾਲੂਆਂ ਨੂੰ ਪੰਜਾਬ ਭੇਜਣ ਤੋਂ ਪਹਿਲਾਂ ਸਰਕਾਰ ਉਨ੍ਹਾਂ ਦਾ ਕੋਰੋਨਾ ਨਾਲ ਸਬੰਧਤ ਟੈਸਟ ਕਰਵਾ ਕੇ ਉੱਥੋਂ ਘਰ ਭੇਜ ਸਕਦੀ ਹੈ ਕਿਉਂਕਿ ਇੱਕ ਪਾਸੇ ਤਾਂ ਸਰਕਾਰ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣ ਲਈ ਕਹਿ ਰਹੀ ਹੈ ਅਤੇ ਦੂਜੇ ਪਾਸੇ ਉਨ੍ਹਾਂ ਨੂੰ ਗੁਰੂ ਘਰ ਵਿੱਚ ਭੀੜ ਦੇ ਰੂਪ ਵਿੱਚ ਇਕੱਠੇ ਹੋ ਕੇ ਰਹਿਣਾ ਪੈ ਰਿਹਾ ਹੈ ਜੋ ਕਿ ਉਨ੍ਹਾਂ ਲਈ ਨੁਕਸਾਨਦੇਹ ਸਾਬਤ ਹੋ ਸਕਦਾ ਹੈ। ਉਨ੍ਹਾਂ ਸਿੱਖ ਸ਼ਰਧਾਲੂਆਂ ਦੇ ਛੋਟੇ ਛੋਟੇ ਬੱਚੇ ਜੋ ਕਿ ਘਰਾਂ ਵਿੱਚ ਉਨ੍ਹਾਂ ਨੂੰ ਉਡੀਕ ਰਹੇ ਹਨ ਅਤੇ ਪ੍ਰੇਸ਼ਾਨ ਹਨ ਇਹ ਵੀ ਕਾਫ਼ੀ ਚਿੰਤਾ ਦਾ ਵਿਸ਼ਾ ਹੈ।