ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਤੇ ਸਿਵਲ ਸਰਜਨ ਡਾ. ਐਨ. ਕੇ. ਅਗਰਵਾਲ ਨੂੰ ਵੈਂਟੀਲੇਟਰ ਸੌਂਪਦੇ ਹੋਏ ਕੋਕਾ ਕੋਲਾ, ਕੰਧਾਰੀ ਬਿਵਰੇਜਿਜ਼ ਨਬੀਪੁਰ ਦੇ ਨੁਮਾਇੰਦੇ।
ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਸ਼ਲਾਘਾਯੋਗ : ਡਿਪਟੀ ਕਮਿਸ਼ਨਰ
ਫ਼ਤਹਿਗੜ੍ਹ ਸਾਹਿਬ, 01 ਅਪ੍ਰੈਲ 2020: ਕੋਕਾ ਕੋਲਾ, ਕੰਧਾਰੀ ਬਿਵਰੇਜਿਜ਼, ਨਬੀਪੁਰ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਰੋਨਾ ਵਾਇਰਸ ਨੂੰ ਠੱਲ੍ਹਣ ਲਈ ਕੀਤੇ ਜਾ ਰਹੇ ਯਤਨਾਂ ਵਿਚ ਸਹਿਯੋਗ ਦਿੰਦਿਆਂ ਜ਼ਿਲ੍ਹਾ ਹਸਪਤਾਲ ਫਤਹਿਗੜ੍ਹ ਸਾਹਿਬ ਨੂੰ ਇੱਕ ਵੈਂਟੀਲੇਟਰ ਦਿੱਤਾ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਅਤੇ ਸਿਵਲ ਸਰਜਨ ਡਾ. ਐਨ. ਕੇ. ਅਗਰਵਾਲ ਨੂੰ ਕੰਪਨੀ ਦੇ ਨੁਮਾਇੰਦਿਆਂ ਵੱਲੋਂ ਇਹ ਵੈਂਟੀਲੇਟਰ (ਐਗਫੋ ਲਾਈਫ ਸੇਵਰ) ਡਿਪਟੀ ਕਮਿਸ਼ਨਰ, ਦਫਤਰ ਵਿਖੇ ਸੌਂਪਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਰਾ ਪ੍ਰਸਾਸ਼ਨ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਹਰੇਕ ਵਰਗ ਦੇ ਲੋਕਾਂ ਵੱਲੋਂ ਦਿੱਤਾ ਜਾ ਰਿਹਾ ਸਹਿਯੋਗ ਸ਼ਲਾਘਾਯੋਗ ਹੈ ਅਤੇ ਹੋਰਨਾ ਸੰਸਥਾਵਾਂ ਨੂੰ ਵੀ ਇਸ ਔਖੀ ਘੜੀ ਵਿੱਚ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਜਿਥੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਕੰਧਾਰੀ ਬਿਵਰੇਜਿਜ਼ ਵੱਲੋਂ ਦਿੱਤਾ ਗਿਆ ਇਹ ਵੈਂਟੀਲੇਟਰ ਮਰੀਜ਼ਾਂ ਲਈ ਵੱਡੀ ਸਹੂਲਤ ਸਾਬਤ ਹੋਵੇਗਾ। ਇਸ ਮੌਕੇ ਕੰਪਨੀ ਦੇ ਸਲਾਹਕਾਰ ਦੀਪਕ ਚੌਧਰੀ ਅਤੇ ਹੋਰ ਨੁਮਾਇੰਦੇ ਹਾਜ਼ਰ ਸਨ।