ਹਰਿੰਦਰ ਨਿੱਕਾ
ਸੰਗਰੂਰ, 3 ਅਪ੍ਰੈਲ 2020 - ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਇਥੇ ਐਲਾਨ ਕੀਤਾ ਕਿ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਬਚਾਉਣ ਲਈ ਅਹਿਤਿਆਤ ਵਜੋਂ ਜਿੱਥੇ ਕਰਫਿਊ ਨੂੰ ਲਾਗੂ ਕੀਤਾ ਜਾ ਰਿਹਾ ਹੈ ਉੱਥੇ ਹੀ ਜੇ ਕੋਈ ਜ਼ਿਲ੍ਹਾ ਸੰਗਰੂਰ ਜਾਂ ਪੰਜਾਬ ਦਾ ਵਸਨੀਕ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਕਾਰਗਾਰ ਸਾਬਤ ਹੋਣ ਵਾਲੇ ਵਰਕਿੰਗ ਮਾਡਲ ਨੂੰ ਲਿਆਉਣ ਦਾ ਸਾਰਥਕ ਉਪਰਾਲਾ ਕਰੇਗਾ ਤਾਂ ਉਸ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਗਦ ਪੁਰਸਕਾਰ ਪ੍ਰਦਾਨ ਕੀਤਾ ਜਾਵੇਗਾ।
ਥੋਰੀ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਲੋਕਾਂ ਨੂੰ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ਉੱਤੇ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ ਜਿਨ੍ਹਾਂ ਵਿੱਚ ਪੇਂਡੂ ਤੇ ਸ਼ਹਿਰੀ ਪੱਧਰ ਉਤੇ ਜਾਗਰੂਕਤਾ ਮੁਹਿੰਮ ਚਲਾਉਣ ਦੇ ਨਾਲ ਨਾਲ ਮੈਡੀਕਲ ਸੇਵਾਵਾਂ ਤੇ ਹੋਰ ਖੇਤਰਾਂ ਵਿੱਚ ਸਰਗਰਮ ਗਤੀਵਿਧੀਆਂ ਵੀ ਸ਼ਾਮਲ ਹਨ। ਡਿਪਟੀ ਕਮਿਸ਼ਨਰ ਨੇ ਸੰਗਰੂਰ ਅਤੇ ਪੰਜਾਬ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਆਪਣੇ ਪੱਧਰ 'ਤੇ ਤਿਆਰ ਕੀਤੀ ਤਕਨੀਕ ਜਾਂ ਮਾਡਲ ਜਿਲ੍ਹਾ ਪ੍ਰਸ਼ਾਸਨ ਨਾਲ ਸਾਂਝਾ ਕਰਨ ਜੋ ਕਿ ਕੋਰੋਨਾਵਾਇਰਸ ਦੀ ਰੋਕਥਾਮ ਲਈ ਲਾਹੇਵੰਦ ਸਿੱਧ ਹੋਣ। ਉਨ੍ਹਾਂ ਕਿਹਾ ਕਿ ਜੇਕਰ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਕਿਸੇ ਵੀ ਨਾਗਰਿਕ ਦੁਆਰਾ ਪੇਸ਼ ਕੀਤੇ ਜਾਣ ਵਾਲੇ ਕਾਰਜਸ਼ੀਲ (ਵਰਕਿੰਗ) ਮਾਡਲ ਜਾਂ ਤਕਨੀਕ ਨੂੰ ਅਪਣਾਇਆ ਜਾਂਦਾ ਹੈ ਤਾਂ ਉਸ ਨਾਗਰਿਕ ਨੂੰ ਇੱਕ ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ ਅਤੇ ਇਨਾਮ ਦੀ ਇਹ ਰਕਮ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਦਾਨ ਲਈ ਸ਼ੁਰੂ ਕੀਤੀ ਪਹਿਲ ਸੁਸਾਇਟੀ ਦੇ ਖਾਤੇ ਤੋਂ ਅਦਾ ਕੀਤੀ ਜਾਵੇਗੀ।