ਅਸ਼ੋਕ ਵਰਮਾ
- ਖਾਧ ਖੁਰਾਕ, ਇਲਾਜ ਦੇ ਪ੍ਰਬੰਧ ਤੇ ਸਿਹਤ ਸੇਵਾਵਾਂ ਦੇ ਕੌਮੀਕਰਨ ਆਦਿ ਦੀ ਮੰਗ
ਬਠਿੰਡਾ, 5 ਅਪ੍ਰੈਲ 2020 - ਕਰੋੋਨਾ ਦੇ ਖੌਫ, ਲਾਕਡਾਊਨ ਤੇ ਕਰਫਿਊ ਕਾਰਨ ਸੰਕਟ ਮੂੰਹ ਆਏ ਲੋਕਾਂ ਦੀਆਂ ਮਸ਼ਕਲਾਂ ਦੇ ਹੱਲ ਲਈ ਪੰਜਾਬ ਦੇ ਸੰਘਰਸ਼ਸ਼ੀਲ ਕਿਸਾਨਾਂ, ਮਜ਼ਦੂਰਾਂ, ਸਨਅਤੀ ਤੇ ਬਿਜਲੀ ਕਾਮਿਆਂ, ਠੇਕਾ ਮੁਲਾਜ਼ਮਾਂ ਅਤੇ ਨੌਜਵਾਨਾਂ ਤੇ ਵਿਦਿਆਰਥੀਆਂ ਦੀਆਂ 15 ਜਨਤਕ ਜਥੇਬੰਦੀਆਂ ਦੇ ਸੱਦੇ ’ਤੇ ਅੱਜ 19 ਜ਼ਿਲ੍ਹਿਆਂ ਦੇ ਕੁੱਲ ਮਿਲਾਕੇ 282 ਪਿੰਡਾਂ ਸ਼ਹਿਰਾਂ ਤੇ ਕਸਬਿਆਂ ’ਚ ਖਾਲੀ ਥਾਲੀਆਂ ਤੇ ਭਾਂਡੇ ਖੜਕਾਕੇ ਘੇਸਲ ਵੱਟੀ ਬੈਠੀ ਪੰਜਾਬ ਤੇ ਕੇਂਦਰ ਸਰਕਾਰ ਖਿਲਾਫ਼ ਜੋਰਦਾਰ ਅਵਾਜ਼ ਬੁਲੰਦ ਕੀਤੀ ਗਈ। ਇਹਨਾਂ ਜਥੇਬੰਦੀਆਂ ਨੇ ਸਭਨਾਂ ਲਈ ਮੁਫ਼ਤ ਇਲਾਜ ਤੇ ਲੋੜਵੰਦਾਂ ਲਈ ਮੁਫ਼ਤ ਖਾਧ ਖੁਰਾਕ ਪੁਚਾਉਣ ਨੂੰ ਯਕੀਨੀ ਕਰਨ, ਸਿਹਤ ਸੇਵਾਵਾਂ ਦਾ ਕੌਮੀਕਰਨ ਕਰਕੇ ਇਸਦਾ ਪਸਾਰਾ ਕਰਨ, ਕਰੋਨਾ ਦੇ ਟਾਕਰੇ ਲਈ ਵੱਡੇ ਬਜਟ ਜਾਰੀ ਕਰਨ ਅਤੇ ਵੱਡੇ ਉਦਯੋਗਪਤੀਆਂ ਤੇ ਵੱਡੇ ਭੌਂ ਮਾਲਕਾਂ ਦੀ ਉਪਰਲੀ 5-7 ਫੀਸਦੀ ਪਰਤ ’ਤੇ ਮੋਟਾ ਟੈਕਸ ਲਾ ਕੇ ਤੁਰੰਤ ਵਸੂਲੀ ਕਰਨ ਰਾਹੀਂ ਲੋੜੀਂਦੇ ਬਜਟ ਦੀ ਪੂਰਤੀ ਕਰਨ, ਲੋਕ ਵਲੰਟੀਅਰਾਂ ਦੀ ਅਥਾਹ ਸ਼ਕਤੀ ਨੂੰ ਸੇਵਾ ਸੰਭਾਲ ਲਈ ਹਰਕਤ ਵਿੱਚ ਲਿਆਕੇ ਸਿਖਲਾਈ ਦੇਣ ਤੇ ਪਾਸ ਜਾਰੀ ਕਰਨ, ਪੁਲਸ ਸਖਤੀ, ਪ੍ਰਸਾਸ਼ਕੀ ਹੈਂਕੜ ਤੇ ਸਿਆਸੀ ਬੇਕਿਰਕੀ ਨੂੰ ਨੱਥ ਪਾਉਣ, ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰਨ, ਲਾਕਡਾੳੂਨ ਤੇ ਕਰਫਿੳੂ ਦੇ ਸਮੇਂ ਦੀ ਸਾਰੇ ਸਰਕਾਰੀ ਤੇ ਗੈਰ ਸਰਕਾਰੀ ਪੱਕੇ ਤੇ ਕੱਚੇ ਮੁਲਾਜ਼ਮਾਂ ਨੂੰ ਪੂਰੀ ਤਨਖਾਹ ਦੇਣ, ਸਭਨਾਂ ਕਿਰਤੀਆਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ ਅਤੇ ਮਨਰੇਗਾ ਦੇ ਬਕਾਏ ਜਾਰੀ ਕਰਨ ਦੀ ਮੰਗ ਕੀਤੀ ਗਈ।
ਇਸ ਮੌਕੇ ਬਿਜਲੀ ਕਾਮਿਆਂ ਦੀ ਤਨਖਾਹ ’ਚ 40% ਜਬਰੀ ਕਟੌਤੀ ਦੇ ਫੈਸਲੇ ਦੀ ਨਿੰਦਾ ਕਰਦਿਆਂ ਇਹ ਫੁਰਮਾਨ ਵਾਪਸ ਲੈਣ ਦੀ ਵੀ ਮੰਗ ਕੀਤੀ ਗਈ। ਇਹ ਜਾਣਕਾਰੀ ਇਹਨਾਂ ਜਥੇਬੰਦੀਆਂ ਦੀ ਤਰਫੋਂ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਤੇ ਮਜ਼ਦੂਰ ਆਗੂ ਰਾਜਵਿੰਦਰ ਸਿੰਘ ਨੇ ਜਾਰੀ ਕੀਤੇ ਬਿਆਨ ਰਾਹੀਂ ਦਿੱਤੀ। ਉਹਨਾਂ ਆਖਿਆ ਕਿ ਅੱਜ ਹਜ਼ਾਰਾਂ ਮਰਦ ਔਰਤਾਂ ਵੱਲੋਂ ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ, ਬਰਨਾਲਾ, ਮੋਗਾ, ਲੁਧਿਆਣਾ, ਸ਼੍ਰੀ ਮੁਕਤਸਰ ਸਾਹਿਬ, ਫਰੀਦਕੋਟ, ਗੁਰਦਾਸਪੁਰ, ਅੰਮਿ੍ਰਤਸਰ, ਤਰਨਤਾਰਨ, ਫਿਰੋਜਪੁਰ, ਫਾਜ਼ਿਲਕਾ, ਮੁਹਾਲੀ, ਫਤਿਹਗੜ ਸਾਹਿਬ, ਰੋਪੜ, ਹੁਸ਼ਿਆਰਪੁਰ ਤੇ ਨਵਾਂ ਸਹਿਰ ਜ਼ਿਲਿਆਂ ’ਚ ਸਭ ਸਾਵਧਾਨੀਆਂ ਵਰਤਕੇ ਆਪਣੇ ਕੋਠਿਆਂ ਦੀਆਂ ਛੱਤਾਂ ’ਤੇ ਚੜਕੇ ਇਹ ਪ੍ਰਦਰਸ਼ਨ ਕੀਤੇ ਗਏ ਹਨ। ਪਰ ਸਰਕਾਰ ਲੋਕਾਂ ਨੂੰ ਸਮਾਜਿਕ ਦੂਰੀ ਉਲੰਘਕੇ ਸੜਕਾਂ ’ਤੇ ਉਤਰਨ ਲਈ ਮਜ਼ਬੂਰ ਕਰ ਰਹੀ ਹੈ। ਉਹਨਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਰੋਨਾ ਦੇ ਟਾਕਰੇ ਲਈ ਬਿਜਲੀ ਬੰਦ ਕਰਕੇ ਮੋਮਬੱਤੀਆਂ ਜਗਾਉਣ ਦੇ ਸੱਦੇ ਨੂੰ ਬੇਲੋੜਾ ਤੇ ਬੇਤੁਕਾ ਕਰਾਰ ਦਿੱਤਾ। ਉਹਨਾਂ ਕਿਹਾ ਕਿ ਮਰੀਜ਼ਾਂ ਦੀ ਭਾਲ, ਟੈਸਟ ਤੇ ਸਿਹਤ ਸੇਵਾਵਾਂ ਦੇ ਸਮੁੱਚੇ ਢਾਂਚੇ ਦੇ ਵਿਸਥਾਰ ਲਈ ਡਾਕਟਰਾਂ, ਸਟਾਫ਼ ਨਰਸਾਂ ਤੇ ਹੋਰ ਸਟਾਫ਼ ਦੀ ਭਰਤੀ ਕਰਨ, ਸਿਹਤ ਕਰਮੀਆਂ ਲਈ ਬਚਾਓ ਕਿੱਟਾਂ ਦੇਣ ਅਤੇ ਵੈਂਟੀਲੇਟਰਾਂ ਦਾ ਵੱਡੇ ਪੱਧਰ ’ਤੇ ਪ੍ਰਬੰਧ ਕਰਨ ਤੋਂ ਇਲਾਵਾ ਭੁੱਖਮਰੀ ਦਾ ਸ਼ਿਕਾਰ ਲੋਕਾਂ ਲਈ ਖਾਧ ਖੁਰਾਕ ਵਰਗੀਆਂ ਜਰੂਰੀ ਲੋੜਾਂ ਦੀ ਪੂਰਤੀ ਲਈ ਸਰਕਾਰ ਵੱਲੋਂ ਚੁੱਕੇ ਜਾਣ ਵਾਲੇ ਕਦਮਾਂ ਤੋਂ ਸੱਖਣਾ ਪ੍ਰਧਾਨ ਮੰਤਰੀ ਮੋਦੀ ਦਾ ਇਹ ਸੰਦੇਸ਼ ਸੰਕਟ ਮੂੰਹ ਆਈ ਕੌਮ ਲਈ ਕੋਈ ਰਾਹਤ ਦਾ ਸਬੱਬ ਨਹੀਂ ਬਣ ਸਕਦਾ।
ਉਹਨਾਂ ਆਪਣੀਆਂ ਸਫਾਂ ਨੂੰ ਸੱਦਾ ਦਿੱਤਾ ਕਿ ਉਹ ਅਜਿਹੇ ਬੇਲੜੋ ਸੱਦੇ ਦਾ ਹਿੱਸਾ ਬਣਨ ਤੋਂ ਗੁਰੇਜ਼ ਕਰਨ ਅਤੇ ਲੋਕਾਂ ਦੀਆਂ ਸਭਨਾਂ ਜ਼ਰੂਰੀ ਲੋੜਾਂ ਦੀ ਪੂਰਤੀ ਲਈ ਸਰਕਾਰਾਂ ਨੂੰ ਲੋੜੀਂਦੇ ਕਦਮ ਚੁੱਕਣ ਵਾਸਤੇ ਰਾਹ ਤੇ ਲਿਆਉਣ ਲਈ ਹੋਰ ਵੱਡੇ ਹੰਭਲੇ ਲਈ ਤਿਆਰ ਰਹਿਣ। ਵੱਖ-ਵੱਖ ਥਾਂਵਾਂ ਤੇ ਹੋਏ ਪ੍ਰਦਰਸ਼ਨਾਂ ਦੀ ਅਗਵਾਈ ਵਰਿੰਦਰ ਸਿੰਘ ਮੋਮੀ, ਜਸਵਿੰਦਰ ਸਿੰਘ ਸੋਮਾ, ਲਛਮਣ ਸਿੰਘ ਸੇਵੇਵਾਲਾ, ਛਿੰਦਰਪਾਲ ਸਿੰਘ, ਹਰਿੰਦਰ ਕੌਰ ਬਿੰਦੂ, ਬਲਿਹਾਰ ਸਿੰਘ, ਜਗਰੂਪ ਸਿੰਘ, ਗੁਰਵਿੰਦਰ ਸਿੰਘ ਪੰਨੂੰ, ਲਖਵਿੰਦਰ ਸਿੰਘ, ਹੁਸ਼ਿਆਰ ਸਿੰਘ, ਰੇਸ਼ਮ ਸਿੰਘ, ਅਸ਼ਵਨੀ ਕੁਮਾਰ ਘੁੱਦਾ, ਹਰਜਿੰਦਰ ਸਿੰਘ ਤੇ ਗੁਰਪ੍ਰੀਤ ਸਿੰਘ ਆਦਿ ਆਗੂਆਂ ਵੱਲੋਂ ਕੀਤੀ ਗਈ।
ਇਹ ਪ੍ਰਦਰਸ਼ਨ ਕਰਨ ਵਾਲੀਆਂ ਜਥੇਬੰਦੀਆਂ ’ਚ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ), ਟੈਕਸਟਾਈਲ ਹੌਜਰੀ ਕਾਮਗਰ ਯੂਨੀਅਨ, ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਰਜ਼ਿ ਨੰ 31, ਪੰਜਾਬ ਖੇਤ ਮਜ਼ਦੂਰ ਯੂਨੀਅਨ, ਨੌਜਵਾਨ ਭਾਰਤ ਸਭਾ (ਲਲਕਾਰ), ਪੀ.ਐਸ.ਯੂ. (ਸ਼ਹੀਦ ਰੰਧਾਵਾ), ਟੈਕਨੀਕਲ ਸਰਵਿਸਜ਼ ਯੂਨੀਅਨ, ਨੌਜਵਾਨ ਭਾਰਤ ਸਭਾ, ਪੀ.ਐਸ.ਯੂ. (ਲਲਕਾਰ), ਮੋਲਡਰ ਐਂਡ ਸਟੀਲ ਵਰਕਰਜ ਯੂਨੀਅਨ, ਕਾਰਖਾਨਾ ਮਜ਼ਦੂਰ ਯੂਨੀਅਨ, ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਠੇਕਾ ਮੁਲਾਜ਼ਮ ਯੂਨੀਅਨ ਅਜ਼ਾਦ, ਪਾਵਰ ਕੌਮ ਐਂਡ ਟਰਾਸਕੋ ਠੇਕਾ ਮੁਲਾਜ਼ਮ ਯੂਨੀਅਨ, ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਪਾਵਰ ਕੌਮ ਜੋਨ ਬਠਿੰਡਾ ਅਤੇ ਪੰਜਾਬ ਰੋਡਵੇਜ/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਸ਼ਾਮਲ ਹਨ।