ਲਾਭਪਾਤਰੀਆਂ ਨੂੰ ਸੁਚਾਰੂ ਢੰਗ ਨਾਲ ਘਰ-ਘਰ ਮੁਹੱਈਆ ਕਰਵਾਈ ਜਾ ਰਹੀ ਹੈ ਪੈਨਸ਼ਨ : ਡਿਪਟੀ ਕਮਿਸ਼ਨਰ
ਗੁਰਦਾਸਪੁਰ, 6 ਅਪ੍ਰੈਲ 2020 - ਜ਼ਿਲੇ ਅੰਦਰ ਲਾਭਪਾਤਰੀਆਂ ਨੂੰ ਬੈਂਕਾਂ ਵਲੋਂ ਡੋਰ-ਟੂ-ਡੋਰ ਪੈਨਸ਼ਨ ਵੰਡੀ ਜਾ ਰਹੀ ਹੈ, ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਕੋਵਿਡ-19 ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਜ਼ਿਲ੍ਹੇ ਦੇ ਬੁਢਾਪਾ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦੇ ਲਾਭਪਾਤਰੀਆਂ ਨੂੰ ਸੁਚਾਰੂ ਢੰਗ ਨਾਲ ਘਰ-ਘਰ ਹੀ ਪੈਨਸ਼ਨ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੈਂਕਾਂ ਵਿਚ ਤਾਇਨਾਤ 216 ਬਿਜਨਸ ਕਰਾਸਪੋਨਡੈਂਟ/ਕਸਟਮਰ ਸਰਵਿਸ ਪਰਸਨ (Business corrospondant /Customer service persons) ਵਲੋਂ ਲਾਭਪਾਤਰੀਆਂ ਦੇ ਘਰ-ਘਰ ਪੈਨਸ਼ਨ ਵੰਡਣੀ ਸ਼ੁਰੂ ਕਰ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਇਨ੍ਹਾਂ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਪੈਨਸ਼ਨ ਵੰਡਣ ਦੌਰਾਨ ਸਮਾਜਿਕ ਦੂਰੀ ਬਰਕਰਾਰ ਰੱਖੀ ਜਾਵੇ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਬੁਢਾਪਾ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦੇ ਲਾਭਪਾਤਰੀ ਸਰਕਾਰ ਵਲੋਂ ਦਿੱਤੀ ਜਾ ਰਹੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਪ ਨੂੰ ਸੁਰੱਖਿਅਤ ਰੱਖਣ ਲਈ ਹੀ ਕਰਫਿਊ ਲਗਾਇਆ ਗਿਆ ਹੈ, ਇਸ ਲਈ ਘਰਾਂ ਵਿੱਚੋਂ ਬਾਹਰ ਨਾ ਨਿਕਲੋ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨਿਰਦੇਸ਼ਾਂ 'ਤੇ ਲਾਭਪਾਤਰੀਆਂ ਨੂੰ ਘਰਾਂ ਵਿੱਚ ਹੀ ਪੈਨਸ਼ਨ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਸੋਸ਼ਲ ਡਿਸਟੈਂਸ ਬਹੁਤ ਜ਼ਰੂਰੀ ਹੈ, ਇਸ ਲਈ ਇਸ ਸਬੰਧ ਵਿੱਚ ਕਿਸੇ ਤਰ੍ਹਾਂ ਦੀ ਲਾਪ੍ਰਵਾਹੀ ਨਾ ਵਰਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬੁਢਾਪਾ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦੇ 1 ਲੱਖ 88 ਹਜ਼ਾਰ 51 ਲਾਭਪਾਤਰੀ ਹਨ, ਜਿਨ੍ਹਾਂ ਵਿੱਚ ਬੁਢਾਪਾ ਪੈਨਸ਼ਨ ਦੇ 1 ਲੱਖ 34 ਹਜ਼ਾਰ 690, ਵਿਧਵਾ ਦੇ 28 ਹਜ਼ਾਰ 710, ਆਸ਼ਰਿਤ ਬੱਚੇ 11 ਹਜ਼ਾਰ 892 ਅਤੇ ਦਿਵਆਂਗ 12 ਹਜ਼ਾਰ 759 ਲਾਭਪਾਤਰੀ ਹਨ