ਹਰੀਸ਼ ਕਾਲੜਾ
- ਕਣਕ ਦੀ ਖਰੀਦ ਦੌਰਾਨ ਕੋਵਿਡ-19 ਤੋਂ ਬਚਾਅ ਲਈ ਵਰਤੀਆਂ ਜਾਣਗੀਆਂ ਸਾਰੀਆਂ ਸਾਵਧਾਨੀਆਂ
- ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ
ਰੂਪਨਗਰ , 08 ਅਪ੍ਰੈਲ 2020 - ਕਣਕ ਦੀ ਖਰੀਦ ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ ਤੇ ਖਰੀਦ ਪ੍ਰਕਿਰਿਆ ਦੌਰਾਨ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਾਰੀਆਂ ਸਾਵਧਾਨੀਆਂ ਵਰਤੀਆਂ ਜਾਣਗੀਆਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰਿ ਨੇ ਕਿਹਾ ਕਿ ਨੋਵੇਲ ਕੋਰੋਨਾ ਵਾਇਰਸ ਵਰਗੀ ਭਿਆਨਕ ਮਹਾਂਮਾਰੀ ਕਾਰਨ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਇਸ ਵਾਰ ਟੋਕਨ ਪ੍ਰਣਾਲੀ ਰਾਹੀਂ ਕਣਕ ਦੀ ਖਰੀਦ ਕੀਤੀ ਜਾਵੇਗੀ ਤਾਂ ਜੋ ਮੰਡੀਆਂ ਵਿੱਚ ਜਿਆਦਾ ਭੀੜ ਨਾ ਹੋ ਸਕੇ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਫਸਲ ਵੇਚਣ ਲਈ ਆੜ੍ਹਤੀਆਂ ਵੱਲੋਂ ਟੋਕਨ ਜਾਰੀ ਕੀਤੇ ਜਾਣਗੇ ਜੋ ਕਿ ਕਰਫਿਊ ਪਾਸ ਦਾ ਕੰਮ ਵੀ ਕਰਨਗੇ। ਉਨ੍ਹਾਂ ਇਹ ਵੀ ਦੱਸਿਆ ਕਿ ਮੰਡੀਆਂ ਵਿੱਚ ਪੁੱਜਣ ਵਾਲੇ ਸਾਰੇ ਵਿਅਕਤੀਆਂ ਦੇ ਹੱਥ ਸਾਫ ਕਰਨ ਲਈ ਪਾਣੀ ਅਤੇ ਸੈਨੇਟਾਈਜ਼ਰ ਦਾ ਪ੍ਰਬੰਧ ਵੀ ਕੀਤਾ ਜਾਵੇਗਾ ਤਾਂ ਜੋ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਹੋਰ ਦੱਸਿਆ ਕਿ ਮੰਡੀ ਬੋਰਡ ਵੱਲੋਂ ਮੰਡੀਆਂ ਵਿੱਚ ਮਾਰਕਿੰਗ ਕੀਤੀ ਜਾਵੇਗੀ, ਜਿਥੇ ਕਿ ਕਿਸਾਨ ਆਪਣੀ ਫਸਲ ਉਤਾਰ ਸਕਣਗੇ। ਉਨ੍ਹਾਂ ਦੱਸਿਆ ਕਿ ਖਰੀਦੀ ਕਣਕ ਦੀ ਅਦਾਇਗੀ ਜਲਦ ਤੋਂ ਜਲਦ ਕਿਸਾਨਾਂ ਨੂੰ ਆਨ ਲਾਈਨ ਕੀਤੀ ਜਾਵੇਗੀ।
ਸ਼੍ਰੀਮਤੀ ਸੋਨਾਲੀ ਗਿਰਿ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆ ਕਿਹਾ ਕਿ 15 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਕਣਕ ਦੀ ਖਰੀਦ ਦੌਰਾਨ ਨੋਵੇਲ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ ਅਤੇ ਮੰਡੀਆਂ ਵਿੱਚ ਖਰੀਦੀ ਕਣਕ ਦੀ ਨਾਲੋ-ਨਾਲ ਲਿਫਟਿੰਗ ਕਰਵਾਉਣ ਦੇ ਵੀ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਫਸਲ ਦੀ ਖਰੀਦ ਕਰਨ ਲਈ ਵਚਨਬੱਧ ਹੈ। ਇਸ ਲਈ ਉਹ ਮੰਡੀਆਂ ਵਿੱਚ ਜਿਆਦਾ ਭੀੜ ਨਾ ਕਰਨ ਤੇ ਇੱਕ ਦੂਸਰੇ ਤੋਂ ਘੱਟ ਤੋਂ ਘੱਟ 1 ਤੋਂ 2 ਮੀਟਰ ਤੱਕ ਦੀ ਦੂਰੀ ਬਣਾ ਕੇ ਰੱਖਣ। ਇਸ ਤੋਂ ਇਲਾਵਾ ਖੰਘ ਜਾਂ ਛਿੱਕਦੇ ਸਮੇਂ ਆਪਣਾ ਮੂੰਹ ਰੁਮਾਲ ਜਾਂ ਮਾਸਕ ਨਾਲ ਢੱਕ ਕੇ ਰੱਖਿਆ ਜਾਵੇ।