- ਹਾਲਾਤ ਆਮ ਵਾਂਗ ਹੋਣ 'ਤੇ ਨਵੇਂ ਦਾਖ਼ਲਿਆਂ ਲਈ ਮਾਪਿਆਂ ਨੂੰ ਫੀਸ ਭਰਨ ਲਈ ਇੱਕ ਮਹੀਨੇ ਦਾ ਸਮਾਂ ਦੇਣ ਸਾਰੇ ਸਕੂਲ: ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ
- ਕੈਬਨਿਟ ਮੰਤਰੀ ਵੱਲੋਂ ਸਕੂਲਾਂ ਨੂੰ ਲਾਕਡਾਊਨ ਖਤਮ ਹੋਣ ਤੱਕ ਬੱਸਾਂ ਦਾ ਕਿਰਾਇਆ ਤੇ ਕਿਤਾਬਾਂ ਦਾ ਖ਼ਰਚਾ ਵੀ ਨਾ ਵਸੂਲਣ ਦੀ ਹਦਾਇਤ
ਰੂਪਨਗਰ, 9 ਅਪ੍ਰੈਲ 2020 - ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਉਲਟ ਕਰਫਿਊ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਤੋਂ ਫੀਸ ਮੰਗਣ ਵਾਲੇ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਸਮੇਤ ਸੂਬੇ ਦੇ 48 ਹੋਰ ਸਕੂਲਾਂ ਨੂੰ ਸਿੱਖਿਆ ਵਿਭਾਗ ਵੱਲੋਂ ਵੀਰਵਾਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਲਈ 7 ਦਿਨ ਦਾ ਸਮਾਂ ਦਿੱਤਾ ਗਿਆ ਹੈ ਅਤੇ ਜੇਕਰ ਇਹ ਸਕੂਲ ਤਸੱਲੀਬਖ਼ਸ ਜਵਾਬ ਦੇਣ ਤੋਂ ਅਸਮਰੱਥ ਰਹੇ ਤਾਂ ਇਨਾਂ ਦੀ ਮਾਨਤਾ ਜਾਂ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਰੱਦ ਕਰ ਦਿੱਤੀ ਜਾਵੇਗੀ।ਕੈਬਨਿਟ ਮੰਤਰੀ ਨੇ ਹਦਾਇਤ ਕੀਤੀ ਕਿ ਲਾਕਡਾਊਨ ਖ਼ਤਮ ਹੋਣ ਤੱਕ ਸਕੂਲਾਂ ਵੱਲੋਂ ਅਗਲੇ ਅਕਾਦਮਿਕ ਸਾਲ ਲਈ ਬੱਸਾਂ ਦੇ ਕਿਰਾਏ ਅਤੇ ਕਿਤਾਬਾਂ ਦਾ ਖ਼ਰਚਾ ਨਾ ਵਸੂਲਿਆ ਜਾਵੇ। ਉਨਾਂ ਕਿਹਾ ਕਿ ਇਨਾਂ ਸਕੂਲਾਂ ਤੋਂ ਇਲਾਵਾ ਜੇਕਰ ਕੋਈ ਹੋਰ ਸਕੂਲ ਵੀ ਕਰਫਿਊ ਦੌਰਾਨ ਫੀਸ ਦੀ ਮੰਗ ਕਰਦਾ ਹੈ ਤਾਂ ਵਿਦਿਆਰਥੀ ਜਾਂ ਉਨਾਂ ਦੇ ਮਾਪੇ ਆਪਣੀ ਸ਼ਿਕਾਇਤ ਸਿੱਧਾ ਉਨਾਂ ਨੂੰ ਈ-ਮੇਲ, vijayindersingla@gmail.com 'ਤੇ ਭੇਜ ਸਕਦੇ ਹਨ।
ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਕੋਰੋਨਾਵਾਇਰਸ ਦੇ ਹਮਲੇ ਤੋਂ ਪੂਰੀ ਦੁਨੀਆਂ ਪ੍ਰਭਾਵਿਤ ਹੋਈ ਹੈ ਜਿਸ ਕਰਕੇ ਹਾਲਾਤ ਆਮ ਵਾਂਗ ਹੋਣ ਤੱਕ ਪੰਜਾਬ ਦੇ ਸਾਰੇ ਸਕੂਲਾਂ ਨੂੰ ਦਾਖ਼ਲਿਆਂ ਤੇ ਫੀਸਾਂ ਲੈਣ ਤੋਂ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਸਨ। ਉਨਾਂ ਕਿਹਾ ਕਿ ਪਰ ਕੁਝ ਪ੍ਰਾਈਵੇਟ ਸਕੂਲਾਂ ਵੱਲੋਂ ਇਨਾਂ ਹਦਾਇਤਾਂ ਦੀ ਉਲੰਘਣਾ ਕਰਕੇ ਵੱਖ-ਵੱਖ ਮਾਧਿਅਮਾਂ ਰਾਹੀਂ ਮਾਪਿਆਂ ਨੂੰ ਫੀਸ ਭਰਨ ਲਈ ਸੁਨੇਹੇ ਲਗਾਏ ਜਾ ਰਹੇ ਸਨ। ਕੈਬਨਿਟ ਮੰਤਰੀ ਨੇ ਦੱਸਿਆ ਕਿ 23 ਮਾਰਚ 2020 ਨੂੰ ਸਿੱਖਿਆ ਵਿਭਾਗ ਵੱਲੋਂ ਸਾਰੀਆਂ ਗੈਰਸਰਕਾਰੀ ਵਿੱਦਿਅਕ ਸੰਸਥਾਵਾਂ ਨੂੰ ਹਦਾਇਤ ਕੀਤੀ ਗਈ ਸੀ ਕਿ ਸਾਲ 2020-21 ਲਈ ਦਾਖਲਿਆਂ ਦੀ ਅੰਤਿਮ ਮਿਤੀ ਨੂੰ ਦੁਬਾਰਾ ਮਿੱਥਿਆ ਜਾਵੇ ਅਤੇ ਹਾਲਾਤ ਸੁਧਰਨ ਉਪਰੰਤ ਫੀਸਾਂ ਭਰਨ ਲਈ ਇੱਕ ਮਹੀਨੇ ਦਾ ਸਮਾਂ ਜ਼ਰੂਰ ਉਪਲਬਧ ਕਰਵਾਇਆ ਜਾਵੇ। ਉਨਾਂ ਕਿਹਾ ਕਿ ਇਨਾਂ ਹੁਕਮਾਂ ਰਾਹੀਂ ਹੀ ਲੌਕਡਾਊਨ ਲਾਗੂ ਰਹਿਣ ਤੱਕ ਕੋਈ ਜ਼ੁਰਮਾਨਾ ਜਾਂ ਲੇਟ ਫੀਸ ਲਗਾਉਣ ਤੋਂ ਮਨਾਹੀ ਕੀਤੀ ਗਈ ਸੀ।