ਇੰਡੀਅਨ ਮੈਡੀਕਲ ਐਸੋਸੀਏਸ਼ਨ ਫਿਰੋਜ਼ਪੁਰ ਦੇ ਮੈਂਬਰਾਂ ਵੱਲੋਂ ਡੀਸੀ ਨਾਲ ਕੀਤੀ ਮੁਲਾਕਾਤ ਦੌਰਾਨ ਡਾ. ਖੰਨਾ ਨੇ ਲਿਆ ਇਹ ਫ਼ੈਸਲਾ
ਫਿਰੋਜ਼ਪੁਰ 9 ਅਪ੍ਰੈਲ 2020 : ਕਰੋਨਾ ਵਾਇਰਸ ਖਿਲਾਫ ਸ਼ੁਰੂ ਜੰਗ ਵਿਚ ਸਹਿਯੋਗ ਦੇਣ ਲਈ ਇੰਡੀਅਨ ਮੈਡੀਕਲ ਐਸੋਸੀਏਸ਼ਨ ਫਿਰੋਜ਼ਪੁਰ ਦੇ ਮੈਂਬਰਾਂ ਨੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰ: ਕੁਲਵੰਤ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਹਰ ਤਰ੍ਹਾਂ ਦੀ ਮਦਦ ਦੇਣ ਦਾ ਭਰੋਸਾ ਦਵਾਇਆ। ਇਸ ਦੌਰਾਨ ਐਸੋਸੀਏਸ਼ਨ ਦੇ ਮੈਂਬਰ ਅਤੇ ਖੰਨਾ ਨਰਸਿੰਗ ਹੋਮ ਦੇ ਡਾ: ਨਰੇਸ਼ ਖੰਨਾ ਨੇ ਜ਼ਿਲ੍ਹੇ ਦੇ ਕਰੋਨਾ ਵਾਇਰਸ ਦੀ ਮੈਡੀਕਲ ਸਹੂਲਤਾਂ ਲਈ ਪੋਰਟੇਬਲ ਵੈਂਟੀਲੇਟਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਦੇਣ ਦੀ ਗੱਲ ਕਹੀ।
ਡਿਪਟੀ ਕਮਿਸ਼ਨਰ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਫਿਰੋਜ਼ਪੁਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਬਹੁਤ ਵਧੀਆ ਗੱਲ ਹੈ ਜੋ ਉਨ੍ਹਾਂ ਵੱਲੋਂ ਕੋਰੋਨਾ ਵਾਇਰਸ ਦੀ ਸਥਿਤੀ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੋਰਟੇਬਲ ਵੈਂਟੀਲੇਟਰ ਵੈਨ ਸੌਂਪੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਸਮੇਂ ਸਮੇਂ ਤੇ ਕੰਮ ਕੀਤੇ ਜਾ ਰਹੇ ਹਨ।
ਇਸ ਮੌਕੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਵੱਖ ਵੱਖ ਡਾਕਟਰਾਂ ਦੀਆਂ ਟੀਮਾਂ ਬਣਾ ਕੇ ਇਸ ਵਾਇਰਸ ਖਿਲਾਫ ਲੜਾਈ ਲੜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵੱਖ ਵੱਖ ਟੀਮਾਂ ਵੱਲੋਂ ਪਿੰਡਾਂ ਵਿਚ ਜਾ ਕੇ ਸ਼ੱਕੀ ਮਰੀਜ਼ਾਂ ਦੀ ਪਛਾਣ ਕਰ ਕੇ ਉਨ੍ਹਾਂ ਦੇ ਲੈਬ ਟੈੱਸਟ ਭੇਜੇ ਜਾ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਵਿਚ ਹਾਲੇ ਤੱਕ ਕਰੋਨਾ ਵਾਇਰਸ ਦਾ ਕੋਈ ਵੀ ਪੋਜਟਿਵ ਕੇਸ ਨਹੀਂ ਹੈ। ਇਸ ਮੌਕੇ ਐਸਡੀਐਮ ਅਮਿੱਤ ਗੁਪਤਾ, ਡਾ. ਮੀਨਾਕਸ਼ੀ ਢੀਂਗਰਾ, ਡਾ. ਨਰੇਸ਼ ਧੀਰ ਆਦਿ ਹਾਜ਼ਰ ਸਨ।