ਅਸ਼ੋਕ ਵਰਮਾ
- ਜ਼ਿਲ੍ਹੇ ਅੰਦਰ ਪੋਜ਼ਿਟੀਵ ਕੇਸਾਂ ਦੀ ਸੰਖਿਆ ਵੱਧ ਕੇ ਹੋਈ 11 : ਡਿਪਟੀ ਕਮਿਸ਼ਨਰ
ਮਾਨਸਾ, 09 ਅਪ੍ਰੈਲ 2020 - ਡਿਪਟੀ ਕਮਿਸ਼ਨਰ ਮਾਨਸਾ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਬੁਢਲਾਡਾ ਵਿਖੇ ਦਿੱਲੀ ਨਿਜ਼ਾਮੂਦੀਨ ਮਰਕਜ਼ ਤੋਂ ਪਰਤੇ ਵਿਅਕਤੀਆਂ ਦੇ ਬੁਢਲਾਡਾ ਮਸਜਿਦ ਵਿੱਚ ਠਹਿਰਣ ਕਾਰਨ ਅਹਿਤਿਆਤ ਦੇ ਤੌਰ 'ਤੇ ਉਨ੍ਹਾਂ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਨੂੰ ਵੀ ਘਰਾਂ ਵਿੱਚ ਹੀ ਇਕਾਂਤਵਾਸ ਦੇ ਤੌਰ 'ਤੇ ਰੱਖਿਆ ਗਿਆ ਸੀ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਬੁਢਲਾਡਾ ਦੇ ਰਹਿਣ ਵਾਲੇ 6 ਵਿਅਕਤੀਆਂ ਦੀ ਰਿਪੋਰਟ ਪੋਜ਼ਿਟੀਵ ਆਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮੇਤ ਹੁਣ ਮਾਨਸਾ ਜ਼ਿਲ੍ਹੇ ਅੰਦਰ ਕੋਰੋਨਾ ਪੋਜ਼ਿਟੀਵ ਵਿਅਕਤੀਆਂ ਦੀ ਗਿਣਤੀ 11 ਹੋ ਗਈ ਹੈ।
ਡਿਪਟੀ ਕਮਿਸ਼ਨਰ ਸ਼੍ਰੀ ਚਹਿਲ ਨੇ ਦੱਸਿਆ ਕਿ 19 ਮਾਰਚ ਨੂੰ ਦਿੱਲੀ ਨਿਜ਼ਾਮੂਦੀਨ ਮਰਕਜ਼ ਵਿੱਚੋਂ ਪਰਤ ਕੇ ਛੱਤੀਸਗੜ੍ਹ ਦੇ 10 ਵਿਅਕਤੀ ਬੁਢਲਾਡਾ ਦੀ ਮਸਜਿਦ ਵਿਖੇ ਠਹਿਰੇ ਹੋਏ ਸਨ, ਜਿਨ੍ਹਾਂ ਵਿੱਚੋਂ 5 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਸੀ ਅਤੇ 5 ਵਿਅਕਤੀ ਕੋਰੋਨਾ ਪਾਜ਼ਿਟੀਵ ਪਾਏ ਗਏ ਸਨ। ਉਨ੍ਹਾਂ ਦੱਸਿਆ ਕਿ ਜੋ 6 ਵਿਅਕਤੀ ਹੋਰ ਕੋਰੋਨਾ ਪੋਜ਼ਿਟੀਵ ਆਏ ਹਨ, ਉਹ ਮਸਜਿਦ ਵਿੱਚ ਠਹਿਰੇ ਵਿਅਕਤੀਆਂ ਦੇ ਸੰਪਰਕ ਵਿੱਚ ਆਏ ਸਨ।
ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਇਨ੍ਹਾਂ 6 ਵਿਅਕਤੀਆਂ ਨੂੰ ਸਿਵਲ ਹਸਪਤਾਲ ਮਾਨਸਾ ਵਿਖੇ ਆਈਸੋਲੇਸ਼ਨ ਵਾਰਡ ਵਿੱਚ ਰੱਖਿਆ ਗਿਆ ਹੈ, ਜਿੱਥੇ ਮਾਹਿਰ ਡਾਕਟਰਾਂ ਦੀ ਟੀਮ ਇਨ੍ਹਾਂ ਦਾ ਇਲਾਜ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੋ ਲੋਕ ਕੋਰੋਨਾ ਪਾਜ਼ਿਟੀਵ ਆਏ ਵਿਅਕਤੀਆਂ ਦੇ ਸੰਪਰਕ ਵਿੱਚ ਆਏ ਹਨ, ਤਾਂ ਉਹ ਐਸ.ਡੀ.ਐਮ. ਬੁਢਲਾਡਾ ਜਾਂ ਡੀ.ਐਸ.ਪੀ. ਬੁਢਲਾਡਾ ਨਾਲ ਜ਼ਰੂਰ ਸੰਪਰਕ ਕਰਨ।
ਡਿਪਟੀ ਕਮਿਸ਼ਨਰ ਚਹਿਲ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਦੀ ਚੇਨ ਨੂੰ ਤੋੜਨਾ ਬਹੁਤ ਹੀ ਜ਼ਰੂਰੀ ਹੈ ਇਸ ਲਈ ਲੋਕ ਆਪਣੇ ਘਰਾਂ ਵਿੱਚੋਂ ਬਾਹਰ ਨਾ ਨਿਕਲਣ ਅਤੇ ਕਰਫਿਊ ਦੀ ਸਖ਼ਤੀ ਨਾਲ ਪਾਲਣਾ ਕਰਨ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਇਸ ਵਾਇਰਸ ਤੋਂ ਬਚਾਈ ਰੱਖਣ ਲਈ ਬੁਢਲਾਡਾ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ।