ਹਰਿੰਦਰ ਨਿੱਕਾ
ਸੰਗਰੂਰ, 12 ਅਪ੍ਰੈਲ 2020 - ਕੋਰੋਨਾ ਵਾਇਰਸ ਨੂੰ ਫ਼ੈਲਣ ਤੋਂ ਰੋਕਣ ਲਈ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਦਾਇਰੇ ਵਿੱਚ ਕੀਤੇ ਗਏ ਪ੍ਰਬੰਧਾਂ ਦਾ ਜ਼ਾਇਜ਼ਾ ਲੈਣ ਲਈ ਵਿਭਾਗ ਦੇ ਡਿਪਟੀ ਡਾਇਰੈਕਟਰ ਜਸ਼ਨਪ੍ਰੀਤ ਕੌਰ ਵੱਲੋਂ ਜ਼ਿਲ੍ਹੇ ਦੀਆਂ ਵੱਖ ਵੱਖ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦਾ ਦੌਰਾ ਕੀਤਾ ਗਿਆ। ਆਪਣੇ ਦੌਰੇ ਦੌਰਾਨ ਉਨ੍ਹਾਂ ਨੇ ਧੂਰੀ, ਮਲੇਰਕੋਟਲਾ, ਅਹਿਮਦਗੜ੍ਹ, ਦਿੜ੍ਹਬਾ ਅਤੇ ਖਨੌਰੀ ਵਿਖੇ ਸਾਫ਼-ਸਫ਼ਾਈ, ਸੋਡੀਅਮ ਹਾਈਪੋਕਲੋਰਾਈਟ ਦੇ ਛਿੜਕਾਅ, ਰੱਖਿਆ ਕਿੱਟਾਂ ਦੀ ਉਪਲੱਬਧਤਾ ਆਦਿ ਦੀ ਸਥਿਤੀ ਬਾਰੇ ਨਗਰ ਕੌਂਸਲਾਂ ਦੇ ਅਧਿਕਾਰੀਆਂ ਤੋਂ ਜ਼ਾਇਜ਼ਾ ਲਿਆ। ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕੋਰੋਨਾ ਵਾਇਰਸ ਦੇ ਫ਼ੈਲਾਅ ਨੂੰ ਰੋਕਣ ਲਈ ਵਿਸ਼ੇਸ਼ ਸਾਵਧਾਨੀਆਂ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਆਪਣੇ ਰੋਜ਼ਾਨਾ ਦੇ ਕੰਮ ਕਾਜ਼ ਦੌਰਾਨ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ। ਮੂੰਹ ਨੂੰ ਹਰ ਸਮੇਂ ਮਾਸਕ, ਰੁਮਾਲ ਜਾਂ ਕਿਸੇ ਹੋਰ ਦੋਹਰੀ ਤਹਿ ਵਾਲੇ ਕੱਪੜੇ ਨਾਲ ਢੱਕ ਕੇ ਰੱਖਿਆ ਜਾਵੇ। ਵਾਰ ਵਾਰ ਹੱਥਾਂ ਨੂੰ ਧੋਇਆ ਜਾਵੇ ਜਾਂ ਸੈਨੇਟਾਇਜ਼ਰ ਨਾਲ ਸਾਫ਼ ਕੀਤਾ ਜਾਵੇ ।