ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਲਈ ਕੁੱਲ 134 ਖਰੀਦ ਕੇਂਦਰਾਂ ਨੂੰ ਮਿਲੀ ਮਨਜ਼ੂਰੀ , 39 ਹੋਰ ਆਰਜ਼ੀ ਮੰਡੀਆਂ ਦੀ ਲਿਸਟ ਪ੍ਰਵਾਨਗੀ ਲਈ ਭੇਜੀ
ਕਿਸਾਨਾਂ ,ਆੜ੍ਹਤੀਆਂ ,ਲੇਬਰ ਅਤੇ ਖ਼ਰੀਦ ਏਜੰਸੀਆਂ ਨੂੰ ਮੰਡੀਆਂ ਵਿੱਚ ਸਮਾਜਿਕ ਦੂਰੀ ਬਣਾਈ ਰੱਖਣ ਦੇ ਆਦੇਸ਼
ਸਵੇਰੇ 6ਵਜੇ ਤੋਂ ਸ਼ਾਮ 7 ਵਜੇ ਤੱਕ ਹੀ ਹੋ ਸਕੇਗੀ ਕਣਕ ਦੀ ਕਟਾਈ
ਜ਼ਿਲ੍ਹੇ ਵਿੱਚ 5 ਲੱਖ 41 ਹਜ਼ਾਰ ਮੀਟਰਕ ਟਨ ਕਣਕ ਦੀ ਖਰੀਦ ਦਾ ਟੀਚਾ
ਦੇਵਾ ਨੰਦ ਸ਼ਰਮਾ
ਫਰੀਦਕੋਟ, ਅਪ੍ਰੈਲ - ਫ਼ਰੀਦਕੋਟ ਜ਼ਿਲ੍ਹੇ ਵਿੱਚ 15 ਅਪਰੈਲ ਤੋਂ ਸ਼ੁਰੂ ਹੋ ਰਹੀ ਕਣਕ ਦੀ ਖਰੀਦ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਵੱਲੋਂ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਖ਼ਰੀਦ ਸਬੰਧੀ ਕਿਸੇ ਤਰ੍ਹਾਂ ਦੀ ਵੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਨੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਐਫਸੀਆਈ ,ਪੰਜਾਬ ਐਗਰੋ ਪਨਗ੍ਰੇਨ ,ਵੇਅਰ ਹਾਊਸ ,ਮਾਰਕਫੈੱਡ ਅਤੇ ਪਨਸਪ ਤੋਂ ਇਲਾਵਾ ਪ੍ਰਾਈਵੇਟ ਖ਼ਰੀਦਦਾਰਾਂ ਵੱਲੋਂ ਵੀ ਕਣਕ ਦੀ ਖਰੀਦ ਕੀਤੀ ਜਾਵੇਗੀ ।ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਖਰੀਦ ਕੀਤੀ ਗਈ 5 ਲੱਖ 35 ਹਜ਼ਾਰ ਮੀਟ੍ਰਿਕ ਟਨ ਕਣਕ ਦੇ ਮੁਕਾਬਲੇ ਇਸ ਵਾਰ 5 ਲੱਖ 41 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਖਰੀਦ ਦਾ ਟੀਚਾ ਮਿੱਥਿਆ ਗਿਆ ਹੈ ।ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਕਣਕ ਦਾ ਸਰਕਾਰੀ ਭਾਅ 1925 ਰੁਪਏ ਪ੍ਰਤੀ ਕੁਇੰਟਲ ਮਿਥਿਆ ਗਿਆ ਹੈ |ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੀ ਕਣਕ ਹੀ ਮੰਡੀਆਂ ਵਿੱਚ ਲਿਆਉਣ ਜਿਸ ਦੀ ਨਮੀ 12 ਪ੍ਰਤੀਸ਼ਤ ਤੋਂ ਵੱਧ ਨਾ ਹੋਵੇ ।ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀਆਂ ਵੱਲੋਂ ਕਣਕ ਦੀ ਲਿਫ਼ਟਿੰਗ ਬਾਰਦਾਨੇ ਅਤੇ ਢੁਆਈ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਹੀ ਕਣਕ ਦੀ ਕਟਾਈ ਕਰਨ ਤਾਂ ਜੋ ਉਨ੍ਹਾਂ ਨੂੰ ਕਣਕ ਵੇਚਣ ਸਮੇਂ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ ।ਉਨ੍ਹਾਂ ਕਿਸਾਨਾਂ ,ਆੜ੍ਹਤੀਆਂ ,ਲੇਬਰ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਰੋਨਾ ਮਹਾਂਮਾਰੀ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਸਮਾਜਕ ਦੂਰੀ ਬਣਾ ਕੇ ਰੱਖਣ ਅਤੇ ਵਾਰ ਵਾਰ ਆਪਣੇ ਹੱਥ ਸਾਬਣ ਨਾਲ ਧੋਣ ।ਇਸ ਤੋਂ ਇਲਾਵਾ ਮੰਡੀਆਂ ਨੂੰ ਸਮੇ ਸਮੇ ਸੈਨੀਟਾਈਜ ਵੀ ਕੀਤਾ ਜਾਵੇ।
ਜ਼ਿਲ੍ਹਾ ਮੰਡੀ ਅਫਸਰ ਸ: ਮਨਜੀਤ ਸਿੰਘ ਨੇ ਇਸ ਮੌਕੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 67 ਰੈਗੂਲਰ ਖਰੀਦ ਕੇਂਦਰ ਹਨ ਜਦਕਿ 67 ਸ਼ੈਲਰਾਂ ਨੂੰ ਖਰੀਦ ਕੇਂਦਰਾਂ ਵਿੱਚ ਤਬਦੀਲ ਕੀਤਾ ਗਿਆ ਹੈ ਇਸ ਤਰ੍ਹਾਂ ਕੁੱਲ ਖਰੀਦ ਕੇਂਦਰਾਂ ਦੀ ਗਿਣਤੀ 134 ਬਣਦੀ ਹੈ ।ਉਨ੍ਹਾਂ ਇਹ ਵੀ ਦੱਸਿਆ ਕਿ ਡਿਪਟੀ ਕਮਿਸ਼ਨਰ ਜੀ ਵੱਲੋਂ 39 ਨਵੀਆਂ ਮੰਡੀਆਂ ਦੀ ਲਿਸਟ ਪ੍ਰਵਾਨਗੀ ਲਈ ਪੰਜਾਬ ਸਰਕਾਰ ਕੋਲ ਭੇਜੀ ਗਈ ਹੈ ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਨੂੰ ਸੈਨੇਟਾਈਜ਼ ਕੀਤਾ ਜਾ ਰਿਹਾ ਹੈ ਅਤੇ ਮੰਡੀਆਂ ਵਿੱਚ ਕੂਪਨ ਦੇਣ ਦੀ ਜ਼ਿੰਮੇਵਾਰੀ ਸਬੰਧਤ ਆੜ੍ਹਤੀਏ ਦੀ ਹੋਵੇਗੀ ਜਿਸ ਨੂੰ ਮੰਡੀ ਬੋਰਡ ਵੱਲੋਂ ਉਸ ਦੀ ਪਿਛਲੀ ਖਰੀਦ ਦੇ ਰਿਕਾਰਡ ਨੂੰ ਵੇਖ ਕੇ ਕੂਪਨ ਅਲਾਟ ਕੀਤੇ ਜਾਣਗੇ ਅਤੇ ਇੱਕ ਟਰਾਲੀ ਲਈ ਜ਼ਿਮੀਂਦਾਰ ਨੂੰ ਇੱਕ ਕੂਪਨ ਹੀ ਦਿੱਤਾ ਜਾਵੇਗਾ ।
ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਸ: ਜਸਪ੍ਰੀਤ ਸਿੰਘ ਕਾਹਲੋਂ ਨੇ ਇਸ ਮੌਕੇ ਦੱਸਿਆ ਕਿ ਸਾਰੀਆਂ ਹੀ ਖ਼ਰੀਦ ਏਜੰਸੀਆਂ ਵੱਲੋਂ ਫ਼ਰੀਦਕੋਟ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਖਰੀਦ ਏਜੰਸੀਆਂ ਕੋਲ 80 ਪ੍ਰਤੀਸ਼ਤ ਬਾਰਦਾਨਾ ਮੌਜੂਦ ਹੈ ਜਦਕਿ ਹੋਰ ਬਾਰਦਾਨੇ ਦੀ ਸਪਲਾਈ ਜਾਰੀ ਹੈ ।ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਲੋੜੀਂਦਾ ਸਟਾਫ ਵੀ ਤੈਨਾਤ ਕਰ ਦਿੱਤਾ ਗਿਆ ਹੈ ।