ਫਿਰੋਜ਼ਪੁਰ, 14 ਅਪ੍ਰੈਲ 2020 - ਭਾਰਤੀ ਸੰਵਿਧਾਨ ਦੇ ਜਨਮਦਾਤਾ ਡਾ. ਬੀ.ਆਰ. ਅੰਬੇਦਕਰ ਜੀ ਦੇ 129ਵੇਂ ਜਨਮ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰ: ਕੁਲਵੰਤ ਸਿੰਘ ਅਤੇ ਹੋਰ ਅਧਿਕਾਰੀਆਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਡਾ.ਬੀ.ਆਰ. ਅੰਬੇਦਕਰ ਜੀ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਬਾ ਸਾਹਿਬ ਬਹੁਤ ਹੀ ਮਹਾਨ ਸ਼ਖ਼ਸੀਅਤ ਸਨ ਅਤੇ ਉਨ੍ਹਾਂ ਨੇ ਸੰਵਿਧਾਨ ਦੀ ਰਚਨਾ ਕਰ ਕੇ ਦੇਸ਼ ਦੀ ਤਰੱਕੀ ਵਿਚ ਇੱਕ ਵੱਡਾ ਯੋਗਦਾਨ ਦਿੱਤਾ ਹੈ। ਇਸ ਕਾਰਨ ਸਮਾਜ ਦੇ ਕਈ ਵਰਗਾਂ ਨੂੰ ਅੱਗੇ ਵਧਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰ ਬਾਬਾ ਸਾਹਿਬ ਦੇ ਯੋਗਦਾਨ ਨੂੰ ਕਦੇ ਵੀ ਨਹੀਂ ਭੁੱਲ ਸਕਦਾ, ਇਸ ਲਈ ਅੱਜ ਦੇ ਸਮੇਂ ਵਿਚ ਗ਼ਰੀਬਾਂ, ਜ਼ਰੂਰਤਮੰਦਾਂ ਦੀ ਮਦਦ ਕਰਕੇ ਹੀ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਆਪਣੇ ਘਰਾਂ ਅਤੇ ਸਰਕਾਰ ਵੱਲੋਂ ਸਮੇਂ ਸਮੇਂ ਤੇ ਜਾਰੀ ਸਾਵਧਾਨੀਆਂ ਦੀ ਪਾਲਨਾ ਕਰਨ ਦੀ ਵੀ ਅਪੀਲ ਕੀਤੀ।
ਇਸ ਮੌਕੇ ਨਾਇਬ ਤਹਿਸੀਲਦਾਰ ਸੁਖਚਰਨ ਸਿੰਘ ਚੰਨੀ, ਜ਼ਿਲ੍ਹਾ ਪ੍ਰਧਾਨ ਮੁਲਾਜ਼ਮ ਮਨੋਹਰ ਲਾਲ, ਜ਼ਿਲ੍ਹਾ ਪ੍ਰਧਾਨ ਪਿੱਪਲ ਸਹੋਤਾ, ਸਾਬਕਾ ਐਮਸੀ ਉਲਫ਼ਤ ਰਾਇ, ਮੁਲਖਰਾਜ ਐਮਸੀ, ਕਿੱਕਰ ਸਹੋਤਾ ਆਦਿ ਹਾਜ਼ਰ ਸਨ।