ਰਜਨੀਸ਼ ਸਰੀਨ
- ਨਵਾਂਸ਼ਹਿਰ ਦੇ ਸਿਵਲ ਹਪਸਤਾਲ ਨੂੰ ਦਿੱਤੀਆਂ ਪੀ.ਪੀ.ਈ.ਕਿੱਟਾਂ ਤੇ ਮਾਸਕ
- ਟਰੱਸਟ ਵੱਲੋਂ ਪ੍ਰਸ਼ਾਸਨ ਦੀ ਮੰਗ ਤੇ ਲੋੜੀਂਦੇ ਸਮਾਨ ਦੀ ਸਪਲਾਈ ਨਿਰੰਤਰ ਰਹੇਗੀ ਜਾਰੀ
ਨਵਾਂਸ਼ਹਿਰ, 14 ਅਪ੍ਰੈਲ 2020 - ਆਪਣੇ ਵਿਲੱਖਣ ਤੇ ਵੱਡੇ ਸੇਵਾ ਕਾਰਜਾਂ ਕਾਰਨ ਪੂਰੀ ਦੁਨੀਆਂ ਅੰਦਰ ਇੱਕ ਵੱਖਰੀ ਪਛਾਣ ਬਣਾ ਚੁੱਕੇ ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਉਬਰਾਏ ਵੱਲੋਂ ਅੱਜ ਨਵਾਂ ਸ਼ਹਿਰ ਪ੍ਰਸ਼ਾਸਨ ਦੀ ਮੰਗ ਤੇ ਸਿਵਲ ਹਸਪਤਾਲ ਨਵਾਂਸ਼ਹਿਰ ਨੂੰ ਲੋੜੀਂਦੀਆਂ ਪੀ.ਪੀ.ਈ. ਕਿੱਟਾਂ, ਅੇੱਨ-95 ਮਾਸਕ ਅਤੇ ਟ੍ਰਿਪਲ ਲੇਅਰ ਸਰਜੀਕਲ ਮਾਸਕ ਦੇ ਦਿੱਤੇ ਗਏ ਹਨ।
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਭੇਜਿਆ ਸਾਮਾਨ ਪ੍ਰਾਪਤ ਕਰਨ ਉਪਰੰਤ ਸਿਵਲ ਹਸਪਤਾਲ ਨਵਾਂ ਸ਼ਹਿਰ ਦੇ ਡਾਕਟਰਾਂ ਨੇ ਇਸ ਵੱਡੇ ਉਪਰਾਲੇ ਲਈ ਟਰੱਸਟ ਦੇ ਮੁਖੀ ਡਾ.ਐੱਸ.ਪੀ. ਸਿੰਘ ਉਬਰਾਏ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਕਿ ਡਾ.ਓਬਰਾਏ ਵੱਲੋਂ ਭੇਜੇ ਗਏ ਸਾਮਾਨ ਨਾਲ ਜਿੱਥੇ ਕਰੋਨਾ ਵਾਇਰਸ ਦੀ ਲਾਗ ਤੋਂ ਲੋਕਾਂ ਨੂੰ ਬਚਾਉਣ ਲਈ ਦਿਨ ਰਾਤ ਕੰਮ ਕਰ ਰਹੇ ਡਾਕਟਰਾਂ ਤੇ ਹੋਰਨਾਂ ਕਰਮਚਾਰੀਆਂ ਨੂੰ ਵੱਡੀ ਸਹੂਲਤ ਮਿਲੇਗੀ ਉਥੇ ਹੀ ਉਨ੍ਹਾਂ ਦੱਸਿਆ ਕਿ ਡਾ. ਓਬਰਾਏ ਵੱਲੋਂ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੂੰ 2 ਵੈਂਟੀਲੇਟਰ ਵੀ ਦਿੱਤੇ ਗਏ ਹਨ ਜੋ ਕਰੋਨਾ ਮਰੀਜ਼ਾਂ ਨੂੰ ਤੰਦਰੁਸਤ ਕਰਨ ਲਈ ਬਹੁਤ ਸਹਾਈ ਹੋ ਰਹੇ ਹਨ ਅਤੇ ਜਦ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਵੱਲੋਂ ਭੇਜੇ ਗਏ ਦੋ ਡਾਇਲਸਿਸ ਯੂਨਿਟਾਂ ਸਦਕਾ ਇਲਾਕੇ ਦੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਡਾਇਲਸਿਸ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਟਰੱਸਟ ਦੇ ਬੁਲਾਰੇ ਨੇ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋੰ ਆਪਣੇ ਪਹਿਲੇ ਪੜਾਅ ਤਹਿਤ ਨਵਾਂਸ਼ਹਿਰ ਤੋਂ ਇਲਾਵਾ ਜਲੰਧਰ, ਹੁਸ਼ਿਆਰਪੁਰ,ਫ਼ਗਵਾੜਾ,ਕਪੂਰਥਲਾ,ਟਾਂਡਾ,ਫ਼ਰੀਦਕੋਟ, ਦੇ ਪ੍ਰਸ਼ਾਸਨ ਨੂੰ ਉਨ੍ਹਾਂ ਦੀ ਮੰਗ ਅਨੁਸਾਰ ਵੱਡੀ ਗਿਣਤੀ 'ਚ ਪੀ.ਪੀ.ਈ.ਕਿੱਟਾਂ, ਐੱਨ-95 ਮਾਸਕ ਅਤੇ ਧੋਣ ਉਪਰੰਤ ਮੁੜ ਵਰਤੋਂ 'ਚ ਆਉਣ ਵਾਲਾ ਸਰਜੀਕਲ ਟ੍ਰਿਪਲ ਲੇਅਰ ਵਾਲੇ ਮਾਸਕ ਭੇਜੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਟਰੱਸਟ ਵੱਲੋਂ ਭੇਜਿਆ ਗਿਆ ਇਹ ਸਾਮਾਨ ਸਬੰਧਤ ਜ਼ਿਲਿਆਂ ਦੇ ਸਿਵਲ ਪ੍ਰਸ਼ਾਸਨ ਵੱਲੋਂ ਆਪਣੇ ਖੇਤਰ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ਅਤੇ ਕਰਫਿਊ ਦੌਰਾਨ ਲੋਕਾਂ ਦੀ ਸੁਰੱਖਿਆ ਲਈ ਕੰਮ ਕਰ ਰਹੇ ਪੁਲਿਸ ਦੇ ਕਰਮਚਾਰੀਆਂ ਨੂੰ ਲੋੜ ਅਨੁਸਾਰ ਦਿੱਤਾ ਜਾਵੇਗਾ। ਉਨਾਂ ਇਹ ਵੀ ਦੱਸਿਆ ਪੰਜਾਬ ਦੇ ਬਾਕੀ ਰਹਿੰਦੇ ਜ਼ਿਲ੍ਹਿਆਂ ਅੰਦਰ ਵੀ ਲੋੜੀਂਦਾ ਸਾਰਾ ਸਾਮਾਨ ਬਹੁਤ ਹੀ ਜਲਦ ਪਹੁੰਚ ਜਾਵੇਗਾ।
ਜ਼ਿਕਰਯੋਗ ਹੈ ਕਿ ਕਰੋਨਾ ਮਹਾਂਮਾਰੀ ਨਾਲ ਪੈਦਾ ਹੋਏ ਹਾਲਾਤਾਂ ਨੂੰ ਵੇਖਦਿਆਂ ਹੋਇਆਂ ਡਾ. ਓਬਰਾਏ ਨੇ ਆਪਣੇ ਟਰੱਸਟ ਦੇ ਬਜਟ ਵਿੱਚ ਵਾਧਾ ਕਰਦਿਆਂ ਹੋਇਆਂ ਵੱਡੀ ਰਕਮ ਸਿਹਤ ਤੇ ਪੁਲਿਸ ਕਰਮਚਾਰੀਆਂ ਲਈ ਲੋੜੀਂਦੇ ਸਾਮਾਨ ਮੁਹੱਈਆ ਕਰਾਉਣ ਤੋਂ ਇਲਾਵਾ ਕਰਫਿਊ ਕਾਰਨ ਬੇਰੁਜ਼ਗਾਰ ਹੋਏ ਦਿਹਾੜੀਦਾਰ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਦੇਣ ਲਈ ਖਰਚ ਕੀਤੀ ਜਾ ਰਹੀ ਹੈ। ਟਰੱਸਟ ਵੱਲੋਂ ਕੀਤੀ ਜਾਣ ਵਾਲੀ ਇਹ ਸਾਰੀ ਸੇਵਾ ਸੂਬੇ ਦੇ ਵੱਖ -ਵੱਖ ਜਿਲ੍ਹਿਆਂ ਦੇ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਢੁੱਕਵੀਆਂ ਥਾਵਾਂ ਤੇ ਹੀ ਕੀਤੀ ਜਾ ਰਹੀ ਹੈ। ਜਿਸ ਲਈ ਟਰੱਸਟ ਦੀਆਂ ਸਮੁੱਚੀਆਂ ਜ਼ਿਲ੍ਹਾ ਇਕਾਈਆਂ ਦੇ ਸੇਵਾਦਾਰ ਵੀ ਆਪਣਾ ਵੱਡਾ ਯੋਗਦਾਨ ਪਾ ਰਹੇ ਹਨ। ਡਾ. ਓਬਰਾਏ ਵੱਲੋਂ ਇਹ ਵੀ ਐਲਾਨ ਕੀਤਾ ਗਿਆ ਹੈ ਕਿ ਉਨ੍ਹਾਂ ਵੱਲੋਂ ਪ੍ਰਸ਼ਾਸਨ ਦੀ ਮੰਗ ਅਨੁਸਾਰ ਵੈਂਟੀਲੇਟਰ, ਪੀ.ਪੀ.ਈ.,ਕਿੱਟਾਂ,ਐਨ-95 ਮਾਸਕ,ਸਰਜੀਕਲ ਟ੍ਰਿਪਲ ਲੇਅਰ ਮਾਸਕ ਤੇ ਹੋਰ ਲੋੜੀਂਦੇ ਜ਼ਰੂਰੀ ਸਮਾਨ ਤੋਂ ਇਲਾਵਾ ਲੋੜਵੰਦਾਂ ਨੂੰ ਰਾਸ਼ਨ ਦੇਣ ਦਾ ਕੰਮ ਆਉਣ ਵਾਲੇ ਸਮੇਂ 'ਚ ਵੀ ਨਿਰੰਤਰ ਜਾਰੀ ਰੱਖਿਆ ਜਾਵੇਗਾ।