-'ਕੰਬਾਈਨ ਹਾਰਵੈਸਟਰ ਸੁਪਰ ਐਸ.ਐਮ.ਐਸ' ਲਗਾਏ ਬਗੈਰ ਨਾ ਚਲਾਈਆਂ ਜਾਣ ਕੰਬਾਈਨਾਂ
ਮਾਨਸਾ, 16 ਅਪ੍ਰੈਲ 2020 : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਗੁਰਪਾਲ ਸਿੰਘ ਚਹਿਲ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਰਾਤ ਸਮੇਂ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਕੰਬਾਈਨਾਂ ਚਲਾਉਣ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂਕਿਹਾ ਕਿ ਇਸ ਤੋਂ ਇਲਾਵਾ ਕੋਈ ਵੀ ਕੰਬਾਈਨ ਹਾਰਵੈਸਟਰ ਸੁਪਰ ਐਸ.ਐਮ.ਐਸ. ਲਗਾਏ ਬਿਨ੍ਹਾਂ ਨਹੀਂ ਵਰਤੀ ਜਾਵੇਗੀ।
ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਚਹਿਲ ਨੇ ਕਿਹਾ ਕਿ ਕਣਕ ਦੀ ਫਸਲ ਦੀ ਕਟਾਈ ਆਮ ਤੌਰ 'ਤੇ ਕਿਸਾਨਾਂ ਵੱਲੋਂ ਕੰਬਾਈਨਾਂ ਨਾਲ ਕਰਵਾਈ ਜਾਂਦੀ ਹੈ ਅਤੇ ਕਣਕ ਦੀ ਕਟਾਈ ਕਰਨ ਲਈ ਦਿਨ ਰਾਤ ਕੰਬਾਈਨਾਂ ਚਲਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਰਾਤ ਸਮੇਂ ਹਨੇਰਾ ਹੋਣ ਕਾਰਣ ਕੰਬਾਈਨਾਂ ਬਿਜਲੀ ਦੀਆਂ ਤਾਰਾਂ ਨਾਲ ਅਚਾਨਕ ਟਕਰਾ ਜਾਂਦੀਆਂ ਹਨ ਤੇ ਸ਼ਾਰਟ ਸਰਕਟ ਹੋਣ ਨਾਲ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਦੀ ਮਹਾਂਮਾਰੀ ਵੀ ਫੈਲੀ ਹੋਈ ਹੈ। ਇਸ ਲਈ ਆਮ ਜਨਤਾ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਨਾਉਣ ਲਈ ਰਾਤ ਸਮੇਂ ਕੰਬਾਈਨਾਂ ਚਲਾਉਣ 'ਤੇ ਪਾਬੰਦੀ ਲਗਾਉਣਾ ਜ਼ਰੂਰੀ ਹੈ।
ਉਪਰੋਕਤ ਹੁਕਮ ਅਗਲੇ ਹੁਕਮਾਂ ਤੱਕ ਲਾਗੂ ਰਹੇਗਾ।