ਹਰੀਸ਼ ਕਾਲੜਾ
- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੇ ਗਏ ਪ੍ਰਬੰਧਾਂ ਦਾ ਲਿਆ ਜ਼ਾਇਜਾ
ਰੂਪਨਗਰ, 16 ਅਪ੍ਰੈਲ 2020 - ਜਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਕਣਕ ਦੀ ਆਮਦ ਸਵੇਰੇ 08 ਵਜੇ ਤੋਂ 12 ਵਜੇ ਤੱਕ ਹੋ ਜਾਣੀ ਚਾਹੀਦੀ ਹੈ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਕਿਹਾ ਕਿ ਜੇਕਰ ਕਿਸਾਨ ਮੰਡੀ ਵਿੱਚ 12 ਵਜੇ ਤੋਂ ਬਾਅਦ ਕਣਕ ਲਿਆਉਂਦੇ ਹਨ ਤਾਂ ਸਹੀ ਸਮੇਂ ਤੇ ਲਿਫਟਿੰਗ ਨਹੀਂ ਹੋ ਸਕੇਗੀ। ਇਸ ਲਈ ਕਿਸਾਨਾਂ ਨੂੰ ਤੇਅ ਕੀਤੇ ਗਏ ਸਮੇਂ ਅੰਦਰ ਹੀ ਫਸਲ ਮੰਡੀਆਂ ਵਿੱਚ ਲਿਆਉਣ ਦੇ ਲਈ ਨਿਰਦੇਸ਼ ਦਿੱਤੇ ਜਾਣ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਦੇ ਨਾਲ ਕਣਕ ਦੀ ਖਰੀਦ ਸਬੰਧੀ ਪ੍ਰਬੰਧਾਂ ਦਾ ਜ਼ਾਇਜਾ ਲੈ ਰਹੇ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਦੇ ਵਿੱਚ ਕਿਸੇ ਤਰ੍ਹਾਂ ਦੀ ਲੇਬਰ ਦੀ ਸਮੱਸਿਆ ਨਾ ਆਉਣ ਦਿੱਤੀ ਜਾਵੇ। ਆੜਤੀਆਂ ਵੱਲੋਂ ਕਿਸਾਨਾਂ ਨੂੰ ਸਮੇਂ ਸਿਰ ਕੂਪਨ ਜਾਰੀ ਕੀਤੇ ਜਾਣ ਤਾਂ ਜ਼ੋ ਉਹ ਨਿਸ਼ਚਿਤ ਕੀਤੀ ਗਈ ਮੰਡੀ ਵਿੱਚ ਸਮੇਂ ਸਿਰ ਕਣਕ ਲੈ ਕੇ ਆ ਸਕਣ । ਉਨ੍ਹਾਂ ਨੇ ਕਿਹਾ ਕਿ ਜੇਕਰ ਸ਼ਾਮ ਤੱਕ ਮੰਡੀਆਂ ਵਿੱਚ ਲਿਫਟਿੰਗ ਨਹੀਂ ਹੁੰਦੀ ਅਤੇ ਦੂਸਰੇ ਦਿਨ ਕਿਸਾਨਾਂ ਵੱਲੋਂ ਹੋਰ ਫਸਲ ਮੰਡੀਆਂ ਵਿੱਚ ਲਿਆਂਦੀ ਜਾਵੇਗੀ ਤਾਂ ਇਸ ਲਈ ਕਿਸਾਨਾਂ ਵੱਲੋਂ ਲਿਆਂਦੀ ਗਈ ਫਸਲ ਮੰਡੀ ਵਿੱਚ ਰੱਖਣ ਲਈ ਜਗ੍ਹਾਂ ਨਹੀਂ ਬਚੇਗੀ। ਇਸ ਲਈ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਸ਼ਾਮ ਤੱਕ ਕਣਕ ਦੀ ਲਿਫਟਿੰਗ ਹੋ ਜਾਣੀ ਚਾਹੀਦੀ ਹੈ।
ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਕਿਹਾ ਕਿ ਕਣਕ ਦੀ ਲਿਫਟਿੰਗ/ਅਣਲਿਫਟਿੰਗ ਮਾਰਕਿਟ ਕਮੇਟੀ ਵੱਲੋਂ ਨਿਸ਼ਚਿਤ ਕੀਤੀ ਥਾਂ ਜਾਂ ਮਾਰਕ ਕੀਤੇ ਖਾਨੇ ਵਿਚ ਹੀ ਕੀਤੀ ਜਾਵੇ। ਇਸ ਦੌਰਾਨ ਮਾਸਕ/ਕਪੜੇ ਨਾਲ ਮੂੰਹ ਢੱਕ ਕੇ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨ ਸਾਬਣ ਨਾਲ ਜਾਂ ਸੈਨੇਟਾਈਜ਼ਰ ਨਾਲ ਚੰਗੀ ਤਰ੍ਹਾਂ ਹੱਥ ਸਾਫ ਕਰਕੇ ਹੀ ਮੰਡੀ ਅੰਦਰ ਦਾਖਲ ਹੋਣ। ਉਨ੍ਹਾਂ ਇਹ ਵੀ ਕਿਹਾ ਕਿ ਮੰਡੀ ਵਿਚ ਖੁੱਲ੍ਹੇ ਵਿੱਚ ਨਾ ਥੁਕਿਆ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਬੁਖਾਰ, ਖਾਂਸੀ ਜਾਂ ਜੁਕਾਮ ਹੈ ਤਾਂ ਮੰਡੀ ਵਿਚ ਨਾ ਆਇਆ ਜਾਵੇ। ਉਨ੍ਹਾਂ ਕਿਹਾ ਕਿ ਥੋੜੇ-ਥੋੜੇ ਸਮੇਂ ਬਾਅਦ ਹੱਥਾਂ ਨੂੰ ਪਾਣੀ ਅਤੇ ਸਾਬਣ ਨਾਲ ਚੰਗੀ ਤਰ੍ਹਾਂ ਧੋਣਾ ਅਤੇ ਸੈਨੇਟਾਈਜ਼ਰ ਦੀ ਲਾਜ਼ਮੀ ਵਰਤੋਂ ਕੀਤੀ ਜਾਵੇ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਜੋ ਆਦੇਸ਼ ਦਿੱਤੇ ਗਏ ਹਨ ਉਹ ਕਿਸਾਨਾਂ ਦੀ ਸਿਹਤ, ਸੁਰੱਖਿਆ ਨੂੰ ਮੁੱਖ ਰੱਖ ਕੇ ਹੀ ਦਿੱਤੇ ਗਏ ਹਨ, ਇਸ ਲਈ ਇਨ੍ਹਾਂ ਆਦੇਸ਼ਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ।
ਇਸ ਮੌਕੇ ਜ਼ਿਲ੍ਹਾ ਮੰਡੀ ਅਫਸਰ ਸ਼੍ਰੀ ਅਜ਼ੈਪਾਲ ਸਿੰਘ ਬਰਾੜ ਅਤੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਅਫਸਰ ਸ਼੍ਰੀ ਸਤਵੀਰ ਸਿੰਘ ਤੋਂ ਇਲਾਵਾ ਵੱਖ ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਮੌਜੂਦ ਸਨ।