ਅਸ਼ੋਕ ਵਰਮਾ
ਮਾਨਸਾ, 17 ਅਪ੍ਰੈਲ 2020 - ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਗੁਰਪਾਲ ਸਿੰਘ ਚਹਿਲ ਨੇ ਜ਼ਿਲ੍ਹਾ ਮਾਨਸਾ ਅੰਦਰ ਟਰੱਕ ਮੁਰੰਮਤ ਕਰਨ ਵਾਲੀਆਂ ਦੁਕਾਨਾਂ ਜੋ ਹਾਈਵੇਅ ਅਤੇ ਪੈਟਰੋਲ ਪੰਪਾਂ ਤੇ ਸਥਿਤ ਹਨ ਨੂੰ ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਖੇਤੀਬਾੜੀ ਮਸ਼ੀਨਰੀ ਦੀਆਂ ਦੁਕਾਨਾਂ ਜਿਸ ਵਿਚ ਟਰੈਕਟਰ ਬਣਾਉਣ ਵਾਲੇ ਯੂਨਿਟ ਸ਼ਾਮਲ ਨਹੀਂ ਹਨ ਨੂੰ ਵੀ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਖੋਲ੍ਹਣ ਦੀ ਆਗਿਆ ਦਿੱਤੀ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਅਤੇ ਆਮ ਜਨ ਜੀਵਨ ਦੀ ਸੁਰੱਖਿਆ ਵਾਸਤੇ ਜ਼ਿਲਾ ਮਾਨਸਾ ਦਾ ਹਦੂਦ ਅੰਦਰ ਅਗਲੇ ਹੁਕਮਾਂ ਤੱਕ ਕਰਫਿਊ ਲਗਾਇਆ ਗਿਆ ਹੈ। ਕਰਫਿਊ ਦੌਰਾਨ ਖੇਤੀਬਾੜੀ ਨਾਲ ਸਬੰਧਤ ਜਰੂਰੀ ਵਸਤਾਂ, ਕਾਰਜਾਂ ਨੂੰ ਨੇਪਰੇ ਚਾੜਨ ਲਈ ਖੇਤੀਬਾੜੀ ਨਾਲ ਸਬੰਧਤ ਕੰਮਾਂ ਵਿਚ ਢਿੱਲ ਦਿੱਤੀ ਗਈ ਹੈ।
ਉਨਾਂ ਦੱਸਿਆ ਕਿ ਉਕਤ ਕੰਮਾਂ ਲਈ ਸਬੰਧਤ ਅਤੇ ਸਬੰਧਤ ਕੰਮਾਂ ਲਈ ਕਰਫਿਊ ਪਾਸ ਜਾਰੀ ਕਰਨ ਦੇ ਅਧਿਕਾਰ ਮੁੱਖ ਖੇਤੀਬਾੜੀ ਅਫ਼ਸਰ, ਮਾਨਸਾ ਨੂੰ ਦਿੱਤੇ ਗਏ ਹਨ, ਜਿੰਨਾਂ ਵੱਲੋਂ ਕੋਵਿਡ-19 ਸਬੰਧੀ ਪੰਜਾਬ ਸਰਕਾਰ, ਭਾਰਤ ਸਰਕਾਰ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ।