ਅਸ਼ੋਕ ਵਰਮਾ
ਬਠਿੰਡਾ, 17 ਅਪ੍ਰੈਲ 2020 - ਬਠਿੰਡਾ ਜ਼ਿਲ੍ਹੇ ਵਿਚ ਸ਼ੁੱਕਰਵਾਰ ਦੀ ਸ਼ਾਮ ਤੱਕ 14745 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਹੋ ਚੁੱਕੀ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦਿੱਤੀ। ਇਸ ਵਿਚੋਂ ਸਿਰਫ਼ ਅੱਜ ਦੇ ਦਿਨ 12729 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਹੋਈ ਹੈ।
ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੇ ਸਾਰੀਆਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਨਿਯਮ ਤੌਰ ’ਤੇ ਮੰਡੀਆਂ ’ਚ ਜਾਣ ਤੇ ਮੰਡੀ ਵਿਚ ਆਈ ਜਿਣਸ ਦਾ ਭਾਅ ਲਗਾਉਣ। ਉਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆੜਤੀਏ ਤੋਂ ਪਾਸ ਪ੍ਰਾਪਤ ਕਰਨ ਤੋਂ ਬਾਅਦ ਹੀ ਨਿਰਧਾਰਤ ਦਿਨ ਅਤੇ ਮੰਡੀ ਵਿਚ ਆਪਣੀ ਫ਼ਸਲ ਲੈ ਕੇ ਆਉਣ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲਾ ਮੰਡੀ ਅਫ਼ਸਰ ਪ੍ਰੀਤ ਕੰਵਰ ਸਿੰਘ ਬਰਾੜ ਨੇ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵਲੋਂ 3796 ਮੀਟ੍ਰਿਕ ਟਨ, ਐਫ਼.ਸੀ.ਆਈ. ਵਲੋਂ 90 ਮੀਟਿ੍ਰਕ ਟਨ, ਮਾਰਕਫ਼ੈਡ ਵਲੋਂ 5143 ਮੀਟ੍ਰਿਕ ਟਨ, ਪਨਸਪ ਵਲੋਂ 3143 ਮੀਟ੍ਰਿਕ ਟਨ ਅਤੇ ਵੇਅਰਹਾਉਸ ਵਲੋਂ 2573 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਹੋ ਚੁੱਕੀ ਹੈ। ਇਸ ਤੋਂ ਬਿਨਾਂ ਅੱਜ ਮੰਡੀਆਂ ਵਿਚੋਂ ਕਣਕ ਦੀ ਲਿਫ਼ਟਿੰਗ ਵੀ ਸ਼ੁਰੂ ਹੋ ਗਈ ਅਤੇ 271 ਮੀਟ੍ਰਿਕ ਟਨ ਕਣਕ ਮੰਡੀਆਂ ਵਿਚੋਂ ਚੁਕਾਈ ਗਈ।
ਪਿੰਡ ਕੋਟਫੱਤਾ ਦੇ ਕਿਸਾਨ ਮਨਜਿੰਦਰ ਸਿੰਘ ਨੇ ਅੱਜ ਆਪਣੀ ਫ਼ਸਲ ਵੇਚਣ ਤੋਂ ਬਾਅਦ ਦੱਸਿਆ ਕਿ ਉਹ ਅੱਜ ਸਵੇਰੇ ਹੀ ਮੰਡੀ ਵਿਚ ਕਣਕ ਲੈ ਕੇ ਆਇਆ ਸੀ ਅਤੇ ਅੱਜ ਹੀ ਉਸ ਦੀ ਫ਼ਸਲ ਤੁੱਲ ਗਈ। ਉਸ ਨੇ ਸਰਕਾਰ ਵਲੋਂ ਕੀਤੇ ਪ੍ਰਬੰਧਾਂ ’ਤੇ ਸੰਤੁਸ਼ਟੀ ਦਾ ਇਜ਼ਹਾਰ ਕੀਤਾ।