ਅਸ਼ੋਕ ਵਰਮਾ
- ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੋਈ ਕਰੀਬ 15 ਹਜ਼ਾਰ ਮੀਟਰਕ ਟਨ ਕਣਕ ਦੀ ਆਮਦ ; 9000 ਮੀਟਰਕ ਟਨ ਦੇ ਕਰੀਬ ਹੋਈ ਖਰੀਦ
ਮਾਨਸਾ, 18 ਅਪ੍ਰੈਲ 2020 - ਜ਼ਿਲ੍ਹੇ ਦੀਆਂ 115 ਮੰਡੀਆਂ ਵਿੱਚ ਕਣਕ ਦੀ ਫਸਲ ਦੀ ਖਰੀਦੋ-ਫ਼ਰੋਖ਼ਤ ਦਾ ਕੰਮ ਨਿਰਵਿਘਨ ਅਤੇ ਸਹੀ ਢੰਗ ਨਾਲ ਚੱਲ ਰਿਹਾ ਹੈ ਅਤੇ ਕਿਸਾਨਾਂ ਵੱਲੋਂ ਤਿਆਰ ਕੀਤੀ ਗਈ ਫਸਲ ਦੀ ਮੰਡੀਆਂ ਵਿੱਚ ਖਰੀਦ ਕੀਤੀ ਜਾ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜ਼ਿਲ੍ਹਾ ਮੰਡੀ ਅਫ਼ਸਰ ਮਾਨਸਾ ਸ਼੍ਰੀ ਰਜਨੀਸ਼ ਗੋਇਲ ਨੇ ਕੀਤਾ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਮਾਨਸਾ ਗੁਰਪਾਲ ਸਿੰਘ ਚਹਿਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੰਡੀਆਂ ਅੰਦਰ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕਰ ਲਏ ਗਏ ਸਨ।
ਜ਼ਿਲ੍ਹਾ ਮੰਡੀ ਅਫ਼ਸਰ ਨੇ ਦੱਸਿਆ ਕਿ ਨੋਵਲ ਕੋਰੋਨਾ ਵਾਇਰਸ ਦੇ ਚੱਲਦਿਆਂ ਖਰੀਦ ਕੇਂਦਰਾਂ ਵਿੱਚ ਆਉਣ ਵਾਲੀਆਂ ਟਰਾਲੀਆਂ ਨੂੰ ਸੈਨੇਟਾਈਜ਼ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਦੇ ਹੱਥ ਵੀ ਸਾਬਨ ਅਤੇ ਸੈਨੇਟਾਈਜ਼ਰ ਨਾਲ ਸਾਫ਼ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮੰਡੀਆਂ ਵਿੱਚ ਸਮਾਜਿਕ ਦੂਰੀ ਦਾ ਵੀ ਪੂਰੀ ਤਰ੍ਹਾਂ ਨਾਲ ਧਿਆਨ ਰੱਖਿਆ ਜਾ ਰਿਹਾ ਹੈ ਤਾਂ ਜੋ ਕੋਈ ਵੀ ਇਸ ਬਿਮਾਰੀ ਤੋਂ ਪ੍ਰਭਾਵਿਤ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੰਡੀਆਂ ਵਿੱਚੋਂ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦ ਕੀਤਾ ਜਾਵੇਗਾ ਅਤੇ ਮੰਡੀਆਂ ਅੰਦਰ ਕਿਸਾਨਾਂ ਨੂੰ ਕੋਈ ਵੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਰੀਬ 15000 ਮੀਟਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਖਰੀਦ ਏਜੰਸੀਆਂ ਵੱਲੋਂ ਕਰੀਬ 9000 ਮੀਟਰਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਮਾਨਸਾ ਦੀ ਦਾਣਾ ਮੰਡੀ ਵਿਖੇ ਆਪਣੀ ਫਸਲ ਲੈ ਕੇ ਆਏ ਪਿੰਡ ਫਫੜੇ ਭਾਈਕੇ ਦੇ ਅਗਾਂਹਵਧੂ ਕਿਸਾਨ ਚਰਨਜੀਤ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਤੋਂ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਕਾਫ਼ੀ ਵਧੀਆ ਪ੍ਰਬੰਧ ਕੀਤੇ ਗਏ ਹਨ ਅਤੇ ਦਾਖਲ ਹੁੰਦਿਆਂ ਹੀ ਪੂਰੀ ਟਰਾਲੀ ਅਤੇ ਕਿਸਾਨਾਂ ਨੂੰ ਸੈਨੇਟਾਈਜ਼ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਕਿਸਾਨਾਂ ਨੂੰ ਬਚਾਈ ਰੱਖਣ ਦਾ ਇਹ ਉਪਰਾਲਾ ਬਹੁਤ ਹੀ ਵਧੀਆ ਹੈ।
ਇਸ ਮੌਕੇ ਲੇਬਰ ਠੇਕੇਦਾਰ ਮਿੱਠੂ ਸਿੰਘ ਨੇ ਦੱਸਿਆ ਕਿ ਉਨ੍ਹਾਂ ਅਧੀਨ ਆਉਂਦੀ ਲੇਬਰ ਨੂੰ ਕਿਹਾ ਗਿਆ ਹੈ ਕਿ ਉਹ ਇਸ ਕੋਰੋਨਾ ਵਾਇਰਸ ਤੋਂ ਬਚੇ ਰਹਿਣ ਲਈ ਆਪਣਾ ਮੂੰਹ ਢੱਕ ਕੇ ਰੱਖਣ ਅਤੇ ਸਮਾਜਿਕ ਦੂਰੀ ਬਣਾ ਕੇ ਰੱਖਣ। ਇਸ ਦੌਰਾਨ ਆੜ੍ਹਤੀ ਰਜਨੀਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕਣਕ ਦੀ ਖਰੀਦ ਸਬੰਧੀ ਜੋ ਉਪਰਾਲਾ ਕੀਤਾ ਹੈ ਉਹ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਦੱਸਿਆ ਕਿ ਜਿਮੀਦਾਰਾਂ ਨੂੰ ਜੋ ਟਰਾਲੀ ਪਾਸ ਜਾਰੀ ਕੀਤੇ ਗਏ ਹਨ, ਉਸ ਨਾਲ ਮੰਡੀਆਂ ਵਿੱਚ ਭੀੜ ਨਹੀਂ ਹੁੰਦੀ, ਜਿਸ ਨਾਲ ਕੰਮ ਵੀ ਬਹੁਤ ਹੀ ਵਧੀਆ ਢੰਗ ਨਾਲ ਅੱਗੇ ਵੱਧ ਰਿਹਾ ਹੈ।