ਫਿਰੋਜ਼ਪੁਰ, 19 ਅਪ੍ਰੈਲ 2020 : ਨੋਵਲ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਦੇ ਨਿਰਦੇਸ਼ਾਂ 'ਤੇ ਸਿਹਤ ਵਿਭਾਗ ਵੱਲੋਂ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਜਨਤਕ ਥਾਵਾਂ 'ਤੇ ਆਮ ਲੋਕਾਂ ਨੂੰ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ ਅਤੇ ਆਮ ਲੋਕਾਂ ਨੂੰ ਆਪਣੀ ਤੰਦਰੁਸਤੀ ਸਮੇਤ ਪਰਿਵਾਰ ਦੀ ਸਿਹਤ ਪ੍ਰਤੀ ਸੁਹਿਰਦਤਾ ਦਿਖਾਉਂਦਿਆਂ ਘਰੋਂ ਨਿਕਲਣ ਤੋਂ ਪਹਿਲਾਂ ਮਾਸਕ ਪਾਉਣਾ ਜ਼ਰੂਰੀ ਬਣਾਇਆ ਜਾਵੇ। ਇਹ ਵਿਚਾਰ ਸੀਨੀਅਰ ਮੈਡੀਕਲ ਅਫਸਰ ਡਾ. ਵਨੀਤਾ ਭੁੱਲਰ ਨੇ ਅੱਜ ਕਮਿਊਨਿਟੀ ਹੈਲਥ ਸੈਂਟਰ ਫ਼ਿਰੋਜ਼ਸ਼ਾਹ ਤੋਂ ਪਿੰਡ ਵਾੜਾ ਭਾਈ ਕਾ ਨੂੰ ਟੀਮਾਂ ਰਵਾਨਾ ਕਰਨ ਮੌਕੇ ਕੀਤਾ।
ਉਨ੍ਹਾਂ ਕਿਹਾ ਕਿ ਸਿਵਲ ਸਰਜਨ ਡਾ. ਨਵਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਲਗਾਤਾਰ ਸਿਹਤ ਵਿਭਾਗ ਦੀਆਂ ਟੀਮਾਂ ਪਿੰਡ ਵਾੜਾ ਭਾਈ ਕਾ ਵਿਚ ਪਹੁੰਚ ਕਰ ਰਹੀਆਂ ਹਨ ਅਤੇ ਹਰੇਕ ਪਰਿਵਾਰ ਦੀ ਸਿਹਤਯਾਬੀ ਲਈ ਪੀੜਤ ਨੌਜਵਾਨ ਦੇ ਸੰਪਰਕ ਵਿਚ ਆਏ ਵਿਅਕਤੀਆਂ ਨੂੰ ਘਰਾਂ ਵਿਚ ਇਕਾਂਤਵਾਸ ਰਹਿ ਕੇ ਸਮਾਜ ਪ੍ਰਤੀ ਆਪਣੀ ਜਿੰਮੇਵਾਰੀ ਨਿਭਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਡਾ: ਵਨੀਤਾ ਭੁੱਲਰ ਨੇ ਸਪੱਸ਼ਟ ਕੀਤਾ ਕਿ ਪੀੜਤ ਪੁਲਿਸ ਮੁਲਾਜ਼ਮ ਦੇ ਸੰਪਰਕ ਵਿਚ ਆਏ 9 ਹੋਰ ਵਿਅਕਤੀਆਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ ਅਤੇ ਇਨ੍ਹਾਂ ਵਿਅਕਤੀਆਂ ਨੂੰ ਇਕਾਂਤਵਾਸ ਰਹਿਣ ਦੀ ਹਦਾਇਤ ਕੀਤੀ ਗਈ ਹੈ। ਲੋਕਾਂ ਨੂੰ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਅਫਵਾਹਾਂ ਫੈਲਾਉਣ ਵਾਲਿਆਂ 'ਤੇ ਸਰਕਾਰਾਂ ਨਜ਼ਰਸਾਨੀ ਕਰ ਰਹੀਆਂ ਹਨ ਅਤੇ ਲੋਕ ਸੁਹਿਰਦਤਾ ਅਪਣਾਉਂਦਿਆਂ ਇਸ ਬਿਮਾਰੀ ਦਾ ਮੁਕਾਬਲਾ ਕਰਨ।
ਡਾ. ਵਨੀਤਾ ਭੁੱਲਰ ਨੇ ਦੱਸਿਆ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਦੇਸ਼ ਜਾਰੀ ਕੀਤੇ ਹਨ ਕਿ ਕੋਵਿਡ-19 ਦੀ ਇਸ ਖਤਰਨਾਕ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੋਈ ਵੀ ਨਾਗਰਿਕ ਘਰ ਤੋਂ ਬਾਹਰ ਨਿਕਲਣ ਲੱਗਿਆ ਮਾਸਕ ਦੀ ਵਰਤੋਂ ਜ਼ਰੂਰ ਕਰੇ ਅਤੇ ਇਨਾਂ ਹੁਕਮਾਂ ਨੂੰ ਲਾਗੂ ਕਰਨ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਇਨ੍ਹਾਂ ਹੁਕਮਾਂ ਦੀ ਪਾਲਣਾ ਕਰਵਾਉਣ ਲਈ ਪੁਲਿਸ ਨੂੰ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਜਿਹੜੇ ਵਿਅਕਤੀ ਜਨਤਕ ਸਥਾਨਾਂ ਉਤੇ ਬਿਨਾਂ ਮਾਸਕ (ਚਾਹੇ ਘਰ ਬਣਾਇਆ ਹੋਵੇ ਜਾਂ ਹੋਰ ਹੋਵੇ) ਤੋਂ ਬਿਨਾਂ ਦੇਖਿਆ ਜਾਵੇ, ਉਸ ਦਾ ਮਹਾਮਾਰੀ ਕਾਨੂੰਨ ਦੀ ਧਾਰਾਵਾਂ ਅਨੁਸਾਰ ਚਲਾਨ ਕੱਟਿਆ ਜਾਵੇ।
ਉਨ੍ਹਾਂ ਜਨਤਕ ਤੌਰ 'ਤੇ ਮਾਸਕ ਪਹਿਣਨ ਦੇ ਹੁਕਮਾਂ ਦੀ 100 ਫੀਸਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ। ਸੀਨੀਅਰ ਮੈਡੀਕਲ ਅਫਸਰ ਡਾ. ਭੁੱਲਰ ਨੇ ਇਲਾਕਾ ਨਿਵਾਸੀਆਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਨਿਯਮ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰਨ ਲਈ ਵੀ ਕਿਹਾ। ਉਹਨਾਂ ਵਿਸ਼ਵਾਸ ਦੁਵਾਇਆ ਕਿ ਪੰਜਾਬ ਸਰਕਾਰ ਵੱਲੋਂ ਇਸ ਮਾਰੂ ਵਾਇਰਸ ਨਾਲ ਲੜਨ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਹਨਾਂ ਕਿਹਾ ਕਿ ਘਰਾਂ ਵਿਚ ਰਹਿ ਕੇ ਅਤੇ ਇਸ ਦੀ ਲੜੀ ਨੂੰ ਤੋੜ ਕੇ ਇਸ ਵਾਇਰਸ ਵਿਰੁੱਧ ਜੰਗ ਜਿੱਤੀ ਜਾ ਸਕਦੀ ਹੈ ਜੋ ਇਕ ਇਸ ਦਾ ਇਕ ਮਾਤਰ ਸਾਧਨ ਹੈ।
ਡਾ. ਭੁੱਲਰ ਨੇ ਕਿਹਾ ਕਿ ਪੀੜਤ ਨੌਜਵਾਨ ਦੇ ਸੰਪਰਕ ਵਿਚਲੇ ਵਿਅਕਤੀਆਂ ਦੀ ਸੈਂਪਲਿੰਗ ਦੇ ਨਾਲ-ਨਾਲ ਪਿੰਡ ਵਿਚ ਸੈਨੇਡਾਈਜ਼ਰ ਦਾ ਛਿੜਕਾਅ ਕੀਤਾ ਗਿਆ ਹੈ ਅਤੇ ਹਰ ਵਿਅਕਤੀ ਨੂੰ ਇਸ ਬਿਮਾਰੀ ਤੋਂ ਬਚਣ ਲਈ ਕੋਰੋਨਾ ਦੇ ਲੱਛਣਾਂ ਅਤੇ ਬਚਾਓ ਬਾਰੇ ਵਿਸਥਾਰਤ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੂਰੀ ਦੁਨੀਆਂ ਵਾਂਗ ਭਾਰਤ ਵਿਚ ਵੀ ਸਰਕਾਰਾਂ ਵੱਲੋਂ ਆਪਣੀ ਆਵਾਮ ਦੀ ਤੰਦਰੁਸਤੀ ਲਈ ਅਜਿਹੇ ਫੈਸਲੇ ਲਏ ਗਏ ਹਨ, ਭਾਵੇਂ ਇਹ ਫੈਸਲੇ ਸਖਤ ਹਨ, ਪਰ ਇਸ ਦੀ ਦੇਸ਼ ਦੇ ਹਰ ਨਾਗਰਿਕ ਨੂੰ ਪਾਲਣਾ ਕਰਨੀ ਚਾਹੀਦੀ ਹੈ ਤਾਂ ਜੋ ਕਰੋਨਾ ਵਾਈਰਸ ਨੂੰ ਪਨਪਨ ਤੋਂ ਪਹਿਲਾਂ ਖਤਮ ਕੀਤਾ ਜਾਵੇ।