← ਪਿਛੇ ਪਰਤੋ
ਫਿਰੋਜ਼ਪੁਰ 20 ਅਪ੍ਰੈਲ 2020 : ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਜਨਤਕ ਥਾਵਾਂ 'ਤੇ ਮਾਸਕ ਨਾ ਪਹਿਨਣ 'ਤੇ ਸਖਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਦਿਨੋ ਦਿਨ ਪੈਰ ਪਸਾਰ ਰਹੀ ਇਹ ਗੰਭੀਰ ਬੀਮਾਰੀਆਂ ਨੂੰ ਫੈਲਣ ਤੋ ਰੋਕਿਆ ਜਾ ਸਕੇ। ਇਹ ਵਿਚਾਰ ਡਾ. ਰਜਿੰਦਰ ਮਨਚੰਦਾ ਸੀਨੀਅਰ ਮੈਡੀਕਲ ਅਫਸਰ ਸੀਐੱਚਸੀ ਮਮਦੋਟ ਨੇ ਪ੍ਰਗਟ ਕਰਦਿਆਂ ਦੱਸਿਆ ਕਿ ਨੋਵਲ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਦੇ ਨਿਰਦੇਸ਼ਾਂ 'ਤੇ ਸਿਹਤ ਵਿਭਾਗ ਵੱਲੋਂ ਜਨਤਕ ਥਾਵਾਂ 'ਤੇ ਆਮ ਲੋਕਾਂ ਨੂੰ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ ਅਤੇ ਆਮ ਲੋਕਾਂ ਨੂੰ ਆਪਣੀ ਤੰਦਰੁਸਤੀ ਸਮੇਤ ਪਰਿਵਾਰ ਦੀ ਸਿਹਤ ਪ੍ਰਤੀ ਸੁਹਿਰਦਤਾ ਦਿਖਾਉਂਦਿਆਂ ਘਰੋਂ ਨਿਕਲਣ ਤੋਂ ਪਹਿਲਾਂ, ਮਾਸਕ ਪਾਉਣਾ ਜ਼ਰੂਰੀ ਬਣਾਇਆ ਜਾਵੇ। ਉਹਨਾਂ ਕਿਹਾ ਕਿ ਸਿਵਲ ਸਰਜਨ ਡਾ. ਨਵਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਲਗਾਤਾਰ ਸਿਹਤ ਵਿਭਾਗ ਦੀਆਂ ਟੀਮਾਂ ਮੰਡੀਆਂ ਵਿੱਚ ਜਾ ਕੇ ਕਿਸਾਨਾਂ, ਆੜਤੀਆਂ ਤੇ ਮਜ਼ਦੂਰਾਂ ਨੂੰ ਸੋਸ਼ਲ ਡਿਸਟੈਸਿੰਗ ਅਪਨਾਉਣ ਦੀ ਅਪੀਲ ਕਰ ਰਹੀਆਂ ਹਨ ਅਤੇ ਬਾਹਰਲੇ ਸੂਬਿਆਂ ਤੋਂ ਆ ਰਹੀ ਲੇਬਰ ਦਾ ਚੈੱਕਅੱਪ ਕੀਤਾ ਜਾ ਰਿਹਾ ਹੈ। ਡਾ. ਮਨਚੰਦਾ ਨੇ ਦੱਸਿਆ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਦੇਸ਼ ਜਾਰੀ ਕੀਤੇ ਹਨ ਕਿ ਕੋਵਿਡ-19 ਦੀ ਇਸ ਖਤਰਨਾਕ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੋਈ ਵੀ ਨਾਗਰਿਕ ਘਰ ਤੋਂ ਬਾਹਰ ਨਿਕਲਣ ਲੱਗਿਆ ਮਾਸਕ ਦੀ ਵਰਤੋਂ ਜ਼ਰੂਰ ਕਰੇ ਅਤੇ ਇਹਨਾਂ ਹੁਕਮਾਂ ਨੂੰ ਲਾਗੂ ਕਰਨ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਇਹਨਾਂ ਹੁਕਮਾਂ ਦੀ ਪਾਲਣਾ ਕਰਵਾਉਣ ਲਈ ਪੁਲਿਸ ਨੂੰ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਜਿਹੜੇ ਵਿਅਕਤੀ ਜਨਤਕ ਸਥਾਨਾਂ ਉਤੇ ਬਿਨਾ ਮਾਸਕ (ਚਾਹੇ ਘਰ ਬਣਾਇਆ ਹੋਵੇ ਜਾਂ ਹੋਰ ਹੋਵੇ) ਤੋਂ ਬਿਨਾ ਦੇਖਿਆ ਜਾਵੇ, ਉਸ ਦਾ ਮਹਾਮਾਰੀ ਕਾਨੂੰਨ ਦੀ ਧਾਰਾਵਾਂ ਅਨੁਸਾਰ ਚਲਾਨ ਕੱਟਿਆ ਜਾਵੇ। ਉਹਨਾਂ ਜਨਤਕ ਤੌਰ 'ਤੇ ਮਾਸਕ ਪਹਿਣਨ ਦੇ ਹੁਕਮਾਂ ਦੀ 100 ਫੀਸਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ। ਅੰਕੁਸ਼ ਭੰਡਾਰੀ ਬੀਈਈ ਨੇ ਇਲਾਕਾ ਨਿਵਾਸੀਆਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਨਿਯਮ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰਨ ਲਈ ਵੀ ਕਿਹਾ। ਉਹਨਾਂ ਵਿਸ਼ਵਾਸ ਦੁਆਇਆ ਕਿ ਪੰਜਾਬ ਸਰਕਾਰ ਵੱਲੋਂ ਇਸ ਮਾਰੂ ਵਾਇਰਸ ਨਾਲ ਲੜਨ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਹਨਾਂ ਕਿਹਾ ਕਿ ਘਰਾਂ ਵਿਚ ਰਹਿ ਕੇ ਅਤੇ ਇਸ ਦੀ ਲੜੀ ਨੂੰ ਤੋੜ ਕੇ ਇਸ ਵਾਇਰਸ ਵਿਰੁੱਧ ਜੰਗ ਜਿੱਤੀ ਜਾ ਸਕਦੀ ਹੈ ਜੋ ਇਕ ਇਸ ਦਾ ਇਕ ਮਾਤਰ ਸਾਧਨ ਹੈ। ਲੋਕਾਂ ਨੂੰ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਉਹਨਾਂ ਕਿਹਾ ਕਿ ਅਫਵਾਹਾਂ ਫੈਲਾਉਣ ਵਾਲਿਆਂ 'ਤੇ ਸਰਕਾਰਾਂ ਨਜ਼ਰਸਾਨੀ ਕਰ ਰਹੀਆਂ ਹਨ ਅਤੇ ਲੋਕ ਸੁਹਿਰਦਤਾ ਅਪਣਾਉਂਦਿਆਂ ਇਸ ਬਿਮਾਰੀ ਦਾ ਮੁਕਾਬਲਾ ਕਰਨ।
Total Responses : 266