ਹੁਣ ਮਾਸਕ ਨਾ ਪਹਿਨਣ 'ਤੇ ਹੋਵੇਗੀ ਕਾਰਵਾਈ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 20 ਅਪ੍ਰੈਲ 2020: ਫਰੀਦਕੋਟ ਜ਼ਿਲੇ ਵਿੱਚ ਕੋਵਿਡ-19 ਦੀ ਜਾਗਰੂਕਤਾ ਅਤੇ ਰੋਕਥਾਮ ਲਈ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਆਈ.ਏ.ਐਸ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਦੇ ਕੋਵਿਡ-19 ਦੇ ਜ਼ਿਲਾ ਨੋਡਲ ਅਫਸਰ ਡਾ.ਮਨਜੀਤ ਕ੍ਰਿਸ਼ਨ ਭੱਲਾ,ਜ਼ਿਲਾ ਐਪੀਡਿਮੋਲਿਜਸਟ ਡਾ.ਵਿਕਰਮਜੀਤ,ਡਾ.ਅਨੀਤਾ,ਆਰ.ਆਰ,ਟੀ ਟੀਮਾਂ,ਮੈਡੀਕਲ,ਪੈਰਾ-ਮੈਡੀਕਲ ਸਟਾਫ ਅਤੇ ਮਾਸ ਮੀਡੀਆ ਬਰਾਂਚ ਬੜੀ ਮੁਸ਼ਕਤ ਨਾਲ ਕੰਮ ਕਰ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਰਜਿੰਦਰ ਕੁਮਾਰ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੀ ਜਾਂਚ ਲਈ ਸਿਹਤ ਵਿਭਾਗ ਵੱਲੋਂ ਕੁੱਲ 230 ਸੈਂਪਲ ਭੇਜੇ ਗਏ ਸਨ ਜਿੰਨਾਂ ਵਿੱਚੋਂ 227 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ।ਫਰੀਦਕੋਟ ਦੇ 3 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪੋਜ਼ੇਟਿਵ ਆਈ ਸੀ ਜਿੰਨਾਂ ਵਿੱਚੋਂ 1 ਮਰੀਜ਼ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ ਜਦ ਕੇ 2 ਪਾਜ਼ੇਟਿਵ ਮਰੀਜ਼ ਜੇਰੇ ਇਲਾਜ ਹਨ ।ਉਨ੍ਹਾਂ ਦੱਸਿਆ ਕਿ ਪਾਜ਼ੇਟਿਵ ਮਰੀਜ਼ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਲਈ ਇਕਾਂਤਵਾਸ ਦਾ ਸਮਾਂ 28 ਦਿਨ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਆਰ ਆਰ ਟੀ ਦੀਆਂ ਟੀਮਾਂ ਵੱਲੋਂ ਕਲੱਸਟਰ ਜ਼ੋਨ ਐਲਾਨੇ ਗਏ ਮਿਸਤਰੀਆਂ ਵਾਲੀ ਗਲੀ ਇਲਾਕੇ ਵਿਚ ਸਿਹਤ ਵਿਭਾਗ ਦੇ ਅਧਿਕਾਰੀਆਂ,ਸਿਹਤ ਕਰਮਚਾਰੀਆਂ ਵੱਲੋਂ ਲੋਕਾਂ ਦੀ ਸਿਹਤ ਸਬੰਧੀ ਜਾਣਕਾਰੀ ਲਈ ਜਾ ਰਹੀ ਹੈ ਤੇ ਇਸ ਇਲਾਕੇ ਦੇ ਲੋਕ ਪੂਰੀ ਤਰ੍ਹਾਂ ਠੀਕ ਹਨ।ਉਨਾਂ ਆਮ ਜਨਤਾਂ ਨੂੰ ਵੀ ਸਮਾਜਿਕ ਦੂਰੀ ਬਣਾਈ ਰੱਖਣ ਲਈ ਅਪੀਲ ਕੀਤੀ। ਨੋਵਲ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਨੇ ਜਨਤਕ ਥਾਵਾਂ 'ਤੇ ਲੋਕਾਂ ਨੂੰ ਮਾਸਕ ਪਹਿਨਣਾ ਲਾਜਮੀ ਕਰ ਦਿੱਤਾ ਹੈ। ਇਸ ਸਬੰਧ ਵਿਚ ਸਿਹਤ ਵਿਭਾਗ ਵੱਲੋਂ ਇਕ ਨੋਟੀਫਿਕੇਸ਼ਨ ਵੀ ਜਾਰੀ ਕੀਤੀ ਗਈ ਹੈ।
ਉਨਾਂ ਨੇ ਦੱਸਿਆ ਕਿ ਸਿਹਤ ਮੰਤਰੀ,ਪੰਜਾਬ ਸ.ਬਲਬੀਰ ਸਿੰਘ ਸਿੱਧੂ ਨੇ ਆਦੇਸ਼ ਜਾਰੀ ਕੀਤੇ ਹਨ ਕਿ ਕੋਵਿਡ-19 ਦੀ ਇਸ ਖਤਰਨਾਕ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੋਈ ਵੀ ਨਾਗਰਿਕ ਘਰ ਤੋਂ ਬਾਹਰ ਨਿਕਲਣ ਲੱਗਿਆ ਮਾਸਕ ਦੀ ਵਰਤੋਂ ਜ਼ਰੂਰ ਕਰੇ ਅਤੇ ਇਨਾਂ ਹੁਕਮਾਂ ਨੂੰ ਲਾਗੂ ਕਰਨ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਇਨਾਂ ਹੁਕਮਾਂ ਦੀ ਪਾਲਣਾ ਕਰਵਾਉਣ ਲਈ ਪੁਲਿਸ ਨੂੰ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਜਿਹੜੇ ਵਿਅਕਤੀ ਜਨਤਕ ਸਥਾਨਾਂ ਉਤੇ ਬਿਨਾਂ ਮਾਸਕ (ਚਾਹੇ ਘਰ ਬਣਾਇਆ ਹੋਵੇ ਜਾਂ ਹੋਰ ਹੋਵੇ) ਤੋਂ ਬਿਨਾਂ ਦੇਖਿਆ ਜਾਵੇ, ਉਸ ਦਾ ਮਹਾਮਾਰੀ ਕਾਨੂੰਨ ਦੀ ਧਾਰਾਵਾਂ ਅਨੁਸਾਰ ਚਲਾਨ ਕੱਟਿਆ ਜਾਵੇ।ਉਨਾਂ ਜਨਤਕ ਤੌਰ 'ਤੇ ਮਾਸਕ ਪਹਿਣਨ ਦੇ ਹੁਕਮਾਂ ਦੀ 100 ਫੀਸਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ।ਡਾ.ਰਜਿੰਦਰ ਨੇ ਦੱਸਿਆ ਕਿ ਐਪੀਡੈਮਿਕ ਡਿਜੀਜ ਐਕਟ 1897 ਤਹਿਤ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਰੈਗੂਲੇਸ਼ਨ ਦੇ ਰੂਲ 12 ਦੀ ਵਰਤੋਂ ਕਰਦੇ ਹੋਏ ਮਿਤੀ 5.3.2020 ਨੂੰ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਸੀ। ਉਨਾਂ ਦੱਸਿਆ ਕਿ ਸਿਹਤ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਜੋ ਵਿਅਕਤੀ ਹਸਪਤਾਲਾਂ ਅਤੇ ਹੋਰ ਦਫਤਰਾਂ, ਉਦਯੋਗਾਂ ਜਾਂ ਹੋਰ ਥਾਵਾਂ 'ਤੇ ਕੰਮ ਕਰਦੇ ਹਨ, ਤੋਂ ਇਲਾਵਾ ਆਪਣੇ ਸਾਧਨ 'ਤੇ ਸਫਰ ਕਰਦੇ ਹੋਏ ਵੀ ਮਾਸਕ ਨੂੰ ਪਹਿਨਣਗੇ।ਉਹਨਾਂ ਵਿਸ਼ਵਾਸ ਦਵਾਇਆ ਕਿ ਪੰਜਾਬ ਸਰਕਾਰ ਵੱਲੋਂ ਇਸ ਮਾਰੂ ਵਾਇਰਸ ਨਾਲ ਲੜਨ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਹਨਾਂ ਕਿਹਾ ਕਿ ਘਰਾਂ ਵਿਚ ਰਹਿ ਕੇ ਅਤੇ ਇਸ ਦੀ ਲੜੀ ਨੂੰ ਤੋੜ ਕੇ ਇਸ ਵਾਇਰਸ ਵਿਰੁਧ ਜੰਗ ਜਿਤੀ ਜਾ ਸਕਦੀ ਹੈ ਜੋ ਇਕ ਇਸ ਦਾ ਇਕ ਮਾਤਰ ਸਾਧਨ ਹੈ।