ਹਰਿੰਦਰ ਨਿੱਕਾ
ਸੰਗਰੂਰ, 22 ਅਪ੍ਰੈਲ 2020 - ਵਧੀਕ ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਤ੍ਰਿਪਾਠੀ ਨੇ ਜ਼ਿਲ੍ਹਾ ਸੰਗਰੂਰ ਅੰਦਰ ਕਣਕ ਦੀ ਕਟਾਈ ਤੋਂ ਬਾਅਦ ਬਚੀ ਰਹਿੰਦ ਖੂੰਹਦ ਅਤੇ ਖੇਤਾਂ ਵਿੱਚ ਖੜ੍ਹੇ ਸੁੱਕੇ ਕਰਚਿਆਂ ਨੂੰ ਅੱਗ ਨਾ ਲਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪਿਛਲੇ ਸਾਲਾਂ ਦੇ ਤਜਰਬੇ ਤੋਂ ਵੇਖਣ ਵਿੱਚ ਆਇਆ ਹੈ ਕਿ ਕਣਕ ਦੀ ਕਟਾਈ ਰਾਤ ਸਮੇਂ ਕਰਨ ਨਾਲ ਕਣਕ ਵਿੱਚ ਸਲ੍ਹਾਬ /ਨਮੀ ਰਹਿ ਜਾਂਦੀ ਹੈ ਅਤੇ ਖਰੀਦ ਏਜੰਸੀਆਂ ਵੱਲੋਂ ਉਸ ਦੀ ਖਰੀਦ ਨਾ ਕਰਨ 'ਤੇ ਕਾਨੂੰਨ ਦੀ ਸਥਿਤੀ ਖਰਾਬ ਹੋਣ ਦਾ ਡਰ ਰਹਿੰਦਾ ਹੈ।
ਇਸੇ ਤਰ੍ਹਾਂ ਕਣਕ ਦੀ ਕਟਾਈ ਤੋਂ ਬਾਅਦ ਖੇਤਾਂ ਵਿੱਚ ਖੜ੍ਹੇ ਸੁੱਕੇ ਕਰਚਿਆਂ ਨੂੰ ਅੱਗ ਲਗਾਉਣ ਨਾਲ ਨਾ ਕੇਵਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਬਲਕਿ ਅੱਗ ਲੱਗਣ ਦਾ ਡਰ ਵੀ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਪੁਰਾਣੀਆਂ ਹਾਰਵੈਸਟਰ ਕੰਬਾਇਨਾਂ ਕਣਕ ਦੇ ਦਾਣਿਆਂ ਦੀ ਗੁਣਵੱਤਾ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦੀਆਂ ਹਨ ਅਤੇ ਮਕੈਨੀਕਲ ਨੁਕਸ ਹੋਣ ਕਾਰਨ ਟੁੱਟੇ ਦਾਣਿਆਂ ਦੀ ਮਾਤਰਾ ਵੀ ਮਾਪਦੰਡਾਂ ਤੋਂ ਕਾਫ਼ੀ ਵਧ ਜਾਂਦੀ ਹੈ ਜਿਸ ਕਰਕੇ ਖਰੀਦ ਏਜੰਸੀਆਂ ਅਜਿਹੀ ਕਣਕ ਦੀ ਖਰੀਦ ਕਰਨ ਤੋਂ ਹਿਚਕਚਾਉਂਦੀਆਂ ਹਨ। ਕਣਕ ਸਮੇਂ ਸਿਰ ਨਾ ਵਿਕਣ ਕਾਰਨ ਕਿਸਾਨਾਂ ਵਿੱਚ ਰੋਸ ਪੈਦਾ ਹੁੰਦਾ ਹੈ।