ਫਿਰੋਜ਼ਪੁਰ, 22 ਅਪ੍ਰੈਲ 2020 - ਕੋਰੋਨਾ ਖਿਲਾਫ ਜੰਗ ਵਿਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਵਜੋਂ ਵੇਅ ਅਹੈੱਡ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਰਾਹੁਲ ਕੱਕੜ ਨੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੂੰ 800 ਮਾਸਕ ਦਿੱਤੇ। ਡਿਪਟੀ ਕਮਿਸ਼ਨਰ ਨੇ ਸੁਸਾਇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੋਰੋਨਾ ਖਿਲਾਫ ਜੰਗ ਵਿਚ ਵੇਅ ਅਹੈੱਡ ਵੈਲਫੇਅਰ ਸੁਸਾਇਟੀ ਵੱਲੋਂ ਪਹਿਲਾਂ ਹੀ ਜ਼ਰੂਰਤਮੰਦਾਂ ਨੂੰ ਰਾਸ਼ਨ ਵੰਡਿਆ ਜਾ ਰਿਹਾ ਹੈ ਅਤੇ ਅੱਜ ਉਨ੍ਹਾਂ ਵੱਲੋਂ 800 ਮਾਸਕ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸੰਕਟ ਦੀ ਘੜੀ ਵਿਚ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਨਾ ਆਵੇ ਇਸ ਲਈ ਜਿੱਥੇ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਕੰਮ ਕੀਤੇ ਜਾ ਰਹੇ ਹਨ ਉੱਥੇ ਹੀ ਵੱਡੇ ਪੱਧਰ ਤੇ ਸਮਾਜਸੇਵੀ ਸੰਸਥਾਵਾਂ ਦਾ ਵੀ ਪੂਰਾ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਹੀ ਕੋਰੋਨਾ ਖਿਲਾਫ ਜੰਗ ਨੂੰ ਜਿੱਤਿਆ ਜਾ ਸਕਦਾ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਪਰ ਲੋਕ ਵੀ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਨਿਯਮਾਂ ਦੀ ਪਾਲਨਾ ਕਰ ਕੇ ਇਸ ਲੜਾਈ ਵਿੱਚ ਆਪਣਾ ਸਹਿਯੋਗ ਦੇਣ।