- ਪਿਛਲੇ ਸਾਲ ਹੁਣ ਤੱਕ ਹੋਈ 03.02 ਲੱਖ ਟਨ ਖ਼ਰੀਦ ਦੇ ਮੁਕਾਬਲੇ ਇਸ ਵਾਰ ਹੁਣ ਤੱਕ 15.38 ਲੱਖ ਟਨ ਕਣਕ ਖ਼ਰੀਦੀ
- ਮੰਡੀਆਂ ਵਿੱਚ ਕਰੀਬ 130 ਲੱਖ ਟਨ ਕਣਕ ਦੀ ਹੋਣੀ ਹੈ ਆਮਦ
- ਕਿਸਾਨਾਂ ਦੇ ਫ਼ਸਲ ਦੇ ਦਾਣੇ ਦਾਣੇ ਦੀ ਹੋਵੇਗੀ ਖ਼ਰੀਦ
- ਖ਼ਰੀਦ ਜ਼ਰੀਏ ਕਿਸਾਨਾਂ ਕੋਲ ਜਾਣੇ ਹਨ ਕਰੀਬ 25 ਹਜ਼ਾਰ ਕਰੋੜ ਰੁਪਏ
- ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਮੰਡੀਆਂ ਵਿੱਚ ਕੀਤੇ ਗਏ ਹਨ ਪੁਖ਼ਤਾ ਪ੍ਰਬੰਧ
- ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਵੀ ਦਿੱਕਤ
- ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਸਕੱਤਰ ਵੱਲੋਂ ਸਰਹਿੰਦ ਮੰਡੀ ਦਾ ਦੌਰਾ
ਫ਼ਤਹਿਗੜ੍ਹ ਸਾਹਿਬ, 22 ਅਪ੍ਰੈਲ 2020 - ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਪਿਛਲੇ ਸਾਲ ਜਿੱਥੇ ਹੁਣ ਤੱਕ ਸੂਬੇ ਦੀਆਂ ਮਡੀਆਂ ਵਿੱਚ 04.83 ਲੱਖ ਟਨ ਕਣਕ ਦੀ ਆਮਦ ਤੇ 03.02 ਲੱਖ ਟਨ ਕਣਕ ਦੀ ਖ਼ਰੀਦ ਹੋਈ ਸੀ, ਉਥੇ ਇਸ ਵਾਰ ਹੁਣ ਤੱਕ 17.56 ਲੱਖ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਤੇ 15.38 ਲੱਖ ਟਨ ਕਣਕ ਖ਼ਰੀਦੀ ਗਈ ਹੈ। ਇਹ ਜਾਣਕਾਰੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਸਕੱਤਰ ਸ. ਕਾਹਨ ਸਿੰਘ ਪੰਨੂੰ ਨੇ ਸਰਹਿੰਦ ਮੰਡੀ ਵਿਖੇ ਕਣਕ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਮੌਕੇ ਦਿੱਤੀ। ਉਨ੍ਹਾਂ ਕਿਹਾ ਕਿ ਸੂਬੇ ਦੇ ਕਰੀਬ 85 ਲੱਖ ਏਕੜ ਰਕਬੇ ਵਿੱਚ ਕਣਕ ਦੀ ਬਿਜਾਈ ਹੋਈ ਸੀ, ਜਿਸ ਵਿੱਚੋਂ ਕਰੀਬ 130 ਲੱਖ ਟਨ ਕਣਕ ਮੰਡੀਆਂ ਵਿੱਚ ਆਉਣੀ ਹੈ ਤੇ ਪੰਜਾਬ ਸਰਕਾਰ ਵੱਲੋਂ ਕਣਕ ਦਾ ਦਾਣਾ-ਦਾਣਾ ਖ਼ਰੀਦਿਆ ਜਾਣਾ ਹੈ ਤੇ ਨਾਲ ਹੀ ਕੋਰੋਨਾ ਵਾਇਰਸ ਤੋਂ ਬਚਾਅ ਲਈ ਮੰਡੀਆਂ ਵਿੱਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਖ਼ਰੀਦ ਜ਼ਰੀਏ ਕਰੀਬ 25 ਹਜ਼ਾਰ ਕਰੋੜ ਰੁਪਏ ਕਿਸਾਨਾਂ ਅਤੇ ਕਰੀਬ 700 ਕਰੋੜ ਰੁਪਏ ਮਜ਼ਦੂਰਾਂ ਕੋਲ ਜਾਣਾ ਹੈ, ਜਿਸ ਨਾਲ ਸੂਬੇ ਨੂੰ ਕੋਰੋਨਾ ਕਾਰਨ ਪੈਦਾ ਹੋਈ ਇਸ ਔਖੀ ਘੜੀ ਵਿੱਚ ਰਾਹਤ ਮਿਲੇਗੀ।
ਕਾਹਨ ਸਿੰਘ ਪੰਨੂੰ ਨੇ ਕਿਹਾ ਕਿ ਮਾਜੂ ਤੇ ਬਦਰੰਗ ਦਾਣੇ ਕਾਰਨ ਖ਼ਰੀਦ ਸਬੰਧੀ ਆ ਰਹੀ ਦਿੱਕਤ ਨੂੰ ਦੂਰ ਕਰਨ ਲਈ ਭਾਰਤ ਸਰਕਾਰ ਨਾਲ ਲਗਾਤਾਰ ਗੱਲਬਾਤ ਕੀਤੀ ਜਾ ਰਹੀ ਹੈ ਤੇ ਛੇਤੀ ਹੀ ਇਹ ਸਮੱਸਿਆ ਹੱਲ ਹੋ ਜਾਵੇਗੀ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚੱ ਆਉਣ ਸਬੰਧੀ ਟੋਕਨ ਜਾਰੀ ਕੀਤੇ ਗਏ ਹਨ ਤੇ ਕਿਸਾਨ ਟੋਕਨ ਦੇ ਹਿਸਾਬ ਨਾਲ ਹੀ ਮੰਡੀਆਂ ਵਿੱਚ ਆ ਰਹੇ ਹਨ। ਉਨ੍ਹਾਂ ਕਿਹਾ ਕਿਸਾਨਾਂ ਤੋਂ ਜਿਸ ਪੱਧਰ ਦਾ ਸਹਿਯੋਗ ਸਰਕਾਰ ਨੂੰ ਮਿਲ ਰਿਹਾ ਹੈ, ਉਹ ਸ਼ਲਾਘਾਯੋਗ ਹੈ ਤੇ ਇਸ ਸਦਕਾ ਕਣਕ ਦੀ ਖ਼ਰੀਦ ਪ੍ਰਕਿਰਿਆ ਤੈਅ ਸਮੇਂ ਤੋਂ ਪਹਿਲਾਂ ਹੀ ਮੁਕੰਮਲ ਕਰ ਲਈ ਜਾਵੇਗੀ।
ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜਿਥੇ ਸਮਾਜਿਕ ਵਿੱਥ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ, ਹੱਥ ਧੋਣ, ਸੈਨੀਟਾਈਜ਼ਰ ਤੇ ਮਾਸਕ ਦੇ ਵਿਸ਼ੇਸ਼ ਤੌਰ 'ਤੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਇਸ ਖਤਰਨਾਕ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਜੇ ਕਿਸੇ ਨੂੰ ਮੰਡੀ ਵਿੱਚ ਕਿਸੇ ਕਿਸਮ ਦੀ ਦਿੱਕਤ ਆਉਂਦੀ ਹੈ ਤਾਂ ਉਸ ਨੂੰ ਛੇਤੀ ਤੋਂ ਛੇਤੀ ਦੂਰ ਕੀਤਾ ਜਾਵੇਗਾ। ਉਨ੍ਹਾਂ ਨੇ ਨਾਲ ਹੀ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਇਸ ਮੌਕੇ ਸ. ਪੰਨੂੰ ਨੇ ਮੰਡੀ ਵਿੱਚ ਹੱਥ ਧੋਣ, ਪੀਣ ਵਾਲੇ ਪਾਣੀ ਤੇ ਕਿਸਾਨਾਂ ਲਈ ਕੀਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ।
ਜ਼ਿਲ੍ਹੇ ਵਿੱਚ ਕਣਕ ਦੀ ਖ਼ਰੀਦ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 25,780 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 18,684 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 3,852 ਮੀਟਰਿਕ ਟਨ, ਮਾਰਕਫੈਡ ਵੱਲੋਂ 5,773 ਮੀਟਰਿਕ ਟਨ, ਪਨਸਪ ਵੱਲੋਂ 3,872 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 3,326 ਮੀਟਰਿਕ ਟਨ ਤੇ ਐਫ.ਸੀ.ਆਈ. ਵੱਲੋਂ 1,861 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਇਸ ਮੌਕੇ ਜਨਰਲ ਮੈਨੇਜਰ (ਪ੍ਰੋਜੈਕਟ) ਮੰਡੀ ਬੋਰਡ ਸ. ਗੁਰਵਿੰਦਰ ਸਿੰਘ ਰੰਧਾਵਾ, ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਵਾਈਸ ਪ੍ਰਧਾਨ ਸਾਧੂ ਰਾਮ ਭੱਟਮਾਜਰਾ ਜ਼ਿਲ੍ਹਾ ਮੰਡੀ ਅਫ਼ਸਰ ਰਜਿੰਦਰ ਕੁਮਾਰ, ਸਕੱਤਰ ਮਾਰਕਿਟ ਕਮੇਟੀ ਗਗਨਦੀਪ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।