ਹਰਿੰਦਰ ਨਿੱਕਾ
- ਮੰਡੀਆਂ ਵਿੱਚ ਇਕੱਠ ਅਤੇ ਜਿਣਸ ਦੇ ਬੇਲੋੜੇ ਭੰਡਾਰ ਤੋਂ ਬਚਣ ਲਈ ਕਿਸਾਨਾਂ ਨੂੰ ਕਣਕ ਲਿਆਉਣ ਦੀ ਰਫ਼ਤਾਰ ਘਟਾਉਣ ਦੀ ਅਪੀਲ
- ਸੰਗਰੂਰ ਅਨਾਜ ਮੰਡੀ ਦਾ ਕੀਤਾ ਦੌਰਾ, ਕੋਵਿਡ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਦੀ ਹਦਾਇਤ
ਸੰਗਰੂਰ, 23 ਅਪ੍ਰੈਲ 2020 - ਜ਼ਿਲ੍ਹਾ ਸੰਗਰੂਰ ਦੀਆਂ ਅਨਾਜ ਮੰਡੀਆਂ ਵਿੱਚ ਕੋਵਿਡ-19 ਤੋਂ ਬਚਾਅ ਲਈ ਵਰਤੀਆਂ ਜਾ ਰਹੀਆਂ ਸਾਵਧਾਨੀਆਂ ਤੇ ਕਣਕ ਦੇ ਖਰੀਦ ਪ੍ਰਬੰਧਾਂ ਸਬੰਧੀ ਜਾਇਜ਼ਾ ਲੈਣ ਲਈ ਪੁੱਜੇ ਮਾਰਕਫੈਡ ਦੇ ਐਮ.ਡੀ ਸ਼੍ਰੀ ਵਰੁਣ ਰੂਜਮ ਨੇ ਕਿਹਾ ਕਿ ਕਿਸਾਨਾਂ ਲਈ ਹਰੇਕ ਕਿਸਮ ਦੀਆਂ ਸੁਵਿਧਾਵਾਂ ਨੂੰ ਯਕੀਨੀ ਬਣਾਉਂਦੇ ਹੋਏ ਸਰਕਾਰ ਦੁਆਰਾ ਕੋਵਿਡ ਲਈ ਨਿਰਧਾਰਿਤ ਨਿਯਮਾਂ ਦੀ ਵੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ, ਆੜਤੀਆਂ, ਮਜ਼ਦੂਰਾਂ ਸਮੇਤ ਮੰਡੀਆਂ ਵਿੱਚ ਆਉਣ ਵਾਲੇ ਹਰੇਕ ਵਰਗ ਨੂੰ ਸਮਾਜਿਕ ਦੂਰੀ, ਮਾਸਕ, ਸੈਨੇਟਾਈਜ਼ਰ, ਸਾਫ਼ ਸਫ਼ਾਈ ਲਈ ਲਗਾਤਾਰ ਪ੍ਰੇਰਿਤ ਕੀਤਾ ਜਾਵੇ ਅਤੇ ਕਿਸੇ ਵੀ ਕਿਸਮ ਦੇ ਇਕੱਠ ਤੋਂ ਪੂਰੀ ਤਰ੍ਹਾਂ ਬਚਿਆ ਜਾਵੇ। ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਸਮੇਤ ਹੋਰ ਅਧਿਕਾਰੀਆਂ ਨਾਲ ਕਣਕ ਦੀ ਆਮਦ, ਖਰੀਦ, ਚੁਕਾਈ ਅਤੇ ਅਦਾਇਗੀ ਸਬੰਧੀ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਕਰਦਿਆਂ ਸ਼੍ਰੀ ਰੂਜਮ ਨੇ ਕਿਹਾ ਕਿ ਕੂਪਨ ਪ੍ਰਣਾਲੀ ਸਬੰਧੀ ਵੀ ਵਿਸਤ੍ਰਿਤ ਗੱਲਬਾਤ ਕੀਤੀ। ਉਨ੍ਹਾਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਲਿਫ਼ਟਿੰਗ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਆੜਤੀ ਭਰਾਵਾਂ ਨੂੰ ਵੀ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਬਚਣ ਲਈ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਇਕੱਤਰਤਾ ਤੋਂ ਬਚਿਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 3.43 ਲੱਖ ਮੀਟਿਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਜਿਸ ਵਿੱਚੋਂ 3.22 ਲੱਖ ਮੀਟਿਰਕ ਟਨ ਦੀ ਖਰੀਦ ਕਰਕੇ 1.81 ਲੱਖ ਮੀਟਿਰਕ ਟਨ ਦੀ ਚੁਕਾਈ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਏਜੰਸੀਆਂ ਦੁਆਰਾ ਖਰੀਦੀ ਕਣਕ ਦੀ ਹੁਣ ਤੱਕ ਕਰੀਬ 100 ਕਰੋੜ ਰੁਪਏ ਦੀ ਅਦਾਇਗੀ ਵੀ ਹੋ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਹੁਣ ਕਣਕ ਲਿਆਉਣ ਦੀ ਰਫ਼ਤਾਰ ਨੂੰ ਕੁਝ ਸੀਮਤ ਕਰਨ ਦੀ ਜ਼ਰੂਰਤ ਹੈ ਅਤੇ ਜਿਹੜੇ ਕਿਸਾਨ ਵੀਰਾਂ ਕੋਲ ਆਪਣੇ ਘਰਾਂ ਵਿੱਚ ਕਣਕ ਰੱਖਣ ਦੀ ਵੱਡੀ ਜਗ੍ਹਾ ਹੈ ਉਹ ਮੰਡੀਆਂ ਵਿੱਚ ਕਣਕ ਲਿਆਉਣ ਵਿੱਚ ਕਾਹਲੀ ਨਾ ਕਰਨ ਤਾਂ ਜੋ ਮੰਡੀਆਂ ਵਿੱਚ ਇਕੱਠ ਤੋਂ ਬਚਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹੜੇ ਆੜਤੀ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਕੇ ਹਰਿਆਣਾ ਤੋਂ ਕਿਸਾਨਾਂ ਦੁਆਰਾ ਲਿਆਂਦੀ ਜਾਣ ਵਾਲੀ ਕਣਕ ਖਰੀਦਣਗੇ ਉਨ੍ਹਾਂ ਦੇ ਲਾਇਸੰਸ ਰੱਦ ਕਰਨ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਸ਼੍ਰੀ ਥੋਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਕੇਵਲ ਸੁੱਕੀ ਜਿਣਸ ਹੀ ਲਿਆਂਦੀ ਜਾਵੇ ਅਤੇ ਟੋਕਨ ਪ੍ਰਣਾਲੀ ਨੂੰ ਅਪਣਾਉਂਦੇ ਹੋਏ ਆਪਣੀ ਵਾਰੀ ਸਿਰ ਹੀ ਮੰਡੀਆਂ ਵਿੱਚ ਆਇਆ ਜਾਵੇ ਤਾਂ ਜੋ ਮੰਡੀਆਂ ਵਿੱਚ ਬੇਲੋੜੇ ਭੰਡਾਰ ਨਾ ਹੋ ਸਕਣ ਅਤੇ ਸਮੂਹ ਖਰੀਦ ਏਜੰਸੀਆਂ ਖਰੀਦੀ ਜਾਣ ਵਾਲੀ ਕਣਕ ਦੀ ਨਾਲੋ ਨਾਲ ਚੁਕਾਈ ਨੂੰ ਯਕੀਨੀ ਬਣਾ ਸਕਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਜਿੰਦਰ ਸਿੰਘ ਬੱਤਰਾ, ਐਸ.ਡੀ.ਐਮ ਬਬਨਦੀਪ ਸਿੰਘ ਵਾਲੀਆ, ਐਸ.ਡੀ.ਐਮ ਲਤੀਫ਼ ਅਹਿਮਦ, ਜ਼ਿਲ੍ਹਾ ਮੰਡੀ ਅਫ਼ਸਰ ਜਸਵੀਰ ਸਿੰਘ, ਡੀ.ਐਫ.ਐਸ.ਸੀ ਤਰਵਿੰਦਰ ਸਿੰਘ ਚੋਪੜਾ ਸਮੇਤ ਸਮੂਹ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਵੀ ਹਾਜ਼ਰ ਸਨ।