ਚੰਡੀਗੜ੍ਹ, 24 ਅਪ੍ਰੈਲ 2020 - ਰੋਹਤਕ ਜ਼ਿਲ੍ਹੇ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਤਿੰਨ ਹਫ਼ਤਿਆਂ ਲਈ ਪੈਰੋਲ ਦੇਣ ਦੀ ਅਪੀਲ ਨੂੰ ਅਧਿਕਾਰੀਆਂ ਨੇ ਰੱਦ ਕਰ ਦਿੱਤਾ ਹੈ। ਰਾਮ ਰਹੀਮ ਦੀ ਮਾਂ ਨਸੀਬ ਕੌਰ ਨੇ ਆਪਣੀ ਬਿਮਾਰੀ ਦਾ ਹਵਾਲਾ ਦਿੰਦੇ ਹੋਏ ਰੋਹਤਕ ਜੇਲ੍ਹ 'ਚ ਪੈਰੋਲ ਲਈ ਅਰਜ਼ੀ ਲਾਈ ਸੀ। ਇਸ 'ਤੇ ਅੱਜ ਜੇਲ੍ਹ ਪ੍ਰਸ਼ਾਸਨ ਨੇ ਪੈਰੋਲ ਦੇਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਜੇਲ੍ਹ ਪ੍ਰਸ਼ਾਸਨ ਵੱਲੋਂ ਸਿਰਸਾ ਜ਼ਿਲ੍ਹੇ ਤੇ ਪੁਲਿਸ ਪ੍ਰਸ਼ਾਸਨ ਤੋਂ ਫੀਡਬੈਕ ਵੀ ਲਿਆ ਗਿਆ ਸੀ ਕਿ ਪੈਰੋਲ ਦਿੱਤੀ ਜਾਵੇ ਜਾਂ ਨਹੀਂ।
ਇਹ ਪਹਿਲੀ ਵਾਰ ਨਹੀਂ ਹੈ ਜਦੋਂ ਗੁਰਮੀਤ ਰਾਮ ਰਹੀਮ ਨੇ ਜੇਲ੍ਹ ਤੋਂ ਬਾਹਰ ਆਉਣ ਲਈ ਅਰਜ਼ੀਆਂ ਦਿੱਤੀਆਂ ਹੋਣ। ਇਸ ਤੋਂ ਪਹਿਲਾਂ ਵੀ ਉਸਨੇ ਪੈਰੋਲ ਲੈਣ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਹਨ ਪਰ ਹਰ ਵਾਰ ਜੇਲ੍ਹ ਪ੍ਰਸ਼ਾਸਨ ਵੱਲੋਂ ਉਸ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਗਿਆ। ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ 20 ਸਾਲਾਂ ਦੀ ਸਜ਼ਾ ਭੁਗਤ ਰਿਹਾ ਹੈ।