ਮਨਿੰਦਰਜੀਤ ਸਿੱਧੂ
ਫਰੀਦਕੋਟ, 24 ਅਪ੍ਰੈਲ 2020 - ਪੰਜਾਬ ਸਰਕਾਰ ਵੱਲੋਂ ਫਰੀਦਕੋਟ, ਬਠਿੰਡਾ ਅਤੇ ਮੁਕਤਸਰ ਜ਼ਿਲ੍ਹਿਆਂ ਵਿਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਨਿਯੁਕਤ ਨੋਡਲ ਅਫਸਰ ਸ੍ਰੀ ਨੀਲ ਕੰਠ ਐਸ ਅਵਧ ਆਈ ਏ ਐਸ, ਐਮ ਡੀ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋ ਅੱਜ ਫਰੀਦਕੋਟ ਜ਼ਿਲ੍ਹੇ ਦੀਆਂ ਕੋਟਕਪੂਰਾ, ਸਾਦਿਕ, ਰੋਮਾਣਾ ਅਜੀਤ ਸਿੰਘ ਅਤੇ ਖਾਰਾ ਸਮੇਤ ਕਈ ਖਰੀਦ ਕੇਂਦਰਾਂ ਦਾ ਦੌਰਾ ਕੀਤਾ ਅਤੇ ਇਨ੍ਹਾਂ ਮੰਡੀਆਂ ਵਿਚ ਚੱਲ ਰਹੇ ਖਰੀਦ ਪ੍ਰਬੰਧਾਂ ਸਬੰਧੀ ਜਾਇਜਾ ਲਿਆ ਗਿਆ। ਇਸ ਸਮੇਂ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਤੇ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀ ਤੇ ਸਬੰਧਤ ਐਸ ਡੀ ਐਮ ਵੀ ਹਾਜ਼ਰ ਸਨ।
ਨੀਲ ਕੰਠ ਐਸ ਅਵਧ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕਣਕ ਦੀ ਖਰੀਦ ਸਬੰਧੀ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਲਈ ਜੋ ਪਾਸ ਸਿਸਟਮ ਸੁਰੂ ਕੀਤਾ ਗਿਆ ਹੈ ਇਸ ਦੀ ਕਿਸਾਨਾਂ ਵੱਲੋਂ ਤਰੀਫ ਕੀਤੀ ਗਈ ਹੈ ।ਉਨ੍ਹਾਂ ਇਸ ਮੌਕੇ ਮੰਡੀਆਂ ਵਿਚ ਹਾਜ਼ਰ ਕਿਸਾਨਾਂ, ਆੜਤੀਆਂ ਅਤੇ ਲੇਬਰ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਮੰਡੀਆਂ ਵਿਚ ਕਣਕ ਦੀ ਆਮਦ, ਖਰੀਦ ਤੇ ਸਾਫ ਸਫਾਈ ਤੋਂ ਇਲਾਵਾ ਮੰਡੀ ਬੋਰਡ ਵੱਲੋਂ ਕੀਤੇ ਗਏ ਪ੍ਰਬੰਧਾਂ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ।ਸ੍ਰੀ ਨੀਲ ਕੰਠ ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਰੋਨਾ ਵਰਗੀ ਭਿਆਨਕ ਮਹਾਂਮਾਰੀ ਤੋਂ ਬਚਣ ਲਈ ਮੰਡੀਆਂ ਵਿਚ, ਖੇਤਾਂ ਵਿਚ ਸਮਾਜਿਕ ਦੂਰੀ ਬਣਾ ਕੇ ਰੱਖਣ ਅਤੇ ਸਮੇਂ ਸਮੇਂ ਤੇ ਹੱਥ ਮੂੰਹ ਧੋੰਦੇ ਰਹਿਣ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਉਹ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੂੰਹ ਤੇ ਮਾਸਕ ਜਾਂ ਕੱਪੜਾ ਪਾ ਕੇ ਜਰੂਰ ਰੱਖਣ।ਇਸ ਮੌਕੇ ਉਨ੍ਹਾਂ ਨੇ ਜਿਲ੍ਹੇ ਵਿਚ ਖਰੀਦ ਪ੍ਰਬੰਧਾਂ ਤੇ ਤਸੱਲੀ ਪ੍ਰਗਟ ਕੀਤੀ।
ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ ਕੱਲ ਸ਼ਾਮ ਤੱਕ 221956 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿਚੋਂ ਖਰੀਦ ਏਜੰਸੀਆਂ ਵੱਲੋਂ 203880 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕੱਲ ਸ਼ਾਮ ਤੱਕ ਪਨਗ੍ਰੇਨ ਵੱਲੋਂ 65828 ਮੀਟਰਕ ਟਨ, ਮਾਰਕਫੈੱਡ ਵੱਲੋਂ 52958 ਮੀਟਰਕ ਟਨ,ਪਨਸਪ ਵੱਲੋਂ 47425 ਮੀਟਰਕ ਟਨ ,ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 25787 ਮੀਟਰਿਕ ਟਨ ਅਤੇ ਐਫ ਸੀ ਆਈ ਵੱਲੋਂ 11882 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ।
ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਮੰਡੀ ਬੋਰਡ ਵੱਲੋਂ ਛਾਂ, ਰੌਸ਼ਨੀ, ਕਿਸਾਨਾਂ ਲਈ ਪੀਣ ਵਾਲੇ ਪਾਣੀ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਸਬੰਧੀ ਵਿਸੇਸ ਪ੍ਰਬੰਧ ਕੀਤੇ ਗਏ ਹਨ ਇਸ ਤੋਂ ਇਲਾਵਾ ਸਮੇਂ ਸਮੇਂ ਤੇ ਮੰਡੀਆਂ ਨੂੰ ਸੈਨੇਟਾਈਜ਼ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਕਰੋਨਾ ਵਰਗੀ ਮਹਾਂਮਾਰੀ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ ਪ੍ਰੀਤ ਮਹਿੰਦਰ ਸਿੰਘ ਸਹੋਤਾ,ਐਸ ਡੀ ਐਮ ਫਰੀਦਕੋਟ ਸ ਪਰਮਦੀਪ ਸਿੰਘ, ਐਸ ਡੀ ਐਮ ਕੋਟਕਪੂਰਾ ਸ੍ਰੀ ਅਮਿਤ ਸਰੀਨ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਜਸਪ੍ਰੀਤ ਸਿੰਘ ਕਾਹਲੋ, ਡਿਪਟੀ ਜ਼ਿਲ੍ਹਾ ਮੰਡੀ ਅਫਸਰ ਸ੍ਰੀ ਗੌਰਵ ਗਰਗ ਤੋਂ ਇਲਾਵਾ ਵੱਖ ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।